ਸ਼੍ਰੋਮਣੀ ਕਮੇਟੀ ਭਲਕ ਸੰਗਤ ਸਾਹਮਣੇ ਰੱਖੇਗੀ ਤੱਥ
30 ਦਸੰਬਰ, 2025 – ਅੰਮ੍ਰਿਤਸਰ ; ਪਾਵਨ ਸਰੂਪ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਮੌਜੂਦਾ ਆਪ ਸਰਕਾਰ ਨੂੰ ਤਾੜਨਾ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਭਖਣ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਇਸ ਮਾਮਲੇ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਇਕੱਤਰਤਾ ਦੌਰਾਨ ਇਹ ਮਾਮਲਾ ਵਿਚਾਰਿਆ ਗਿਆ ਸੀ ਜਿਸ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਇੱਕ ਮਤਾ ਪਾਸ ਕਰਕੇ ਆਦੇਸ਼ ਕੀਤਾ ਗਿਆ ਸੀ ਕਿ ਮੌਜੂਦਾ ਸਰਕਾਰ ਅਤੇ ਹਾਕਮ ਧਿਰ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਦਖਲਅੰਦਾਜ਼ੀ ਨਾ ਕਰੇ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਦੇ ਆਦੇਸ਼ ’ਤੇ ਸਥਾਨਕ ਪੁਲੀਸ ਵੱਲੋਂ ਸੱਤ ਦਸੰਬਰ ਨੂੰ ਪੁਲੀਸ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀਆਂ ਸਮੇਤ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮਗਰੋਂ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਵੀ ਗਠਨ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਜਾਣਕਾਰੀ ਭਲਕੇ ਸੰਗਤ ਸਾਹਮਣੇ ਰੱਖਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
ਪੰਜਾਬੀ ਟ੍ਰਿਬਯੂਨ