‘ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਿਆਸੀ ਚਰਚਾ ਕਰਕੇ ਕੀਤੀ ਗੁਰੂ ਸਾਹਿਬ ਦੀ ਬੇਅਦਬੀ’
28 ਨਵੰਬਰ, 2025 – ਚੰਡੀਗੜ੍ਹ : ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ‘ਆਪ’ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਗੁਰਮਤਿ ਬੇਅਦਬੀ ਦੇ ਦੋਸ਼ ਲਗਾਏ ਹਨ।
ਉਨ੍ਹਾਂ ਕਿਹਾ ਕਿ ‘ਆਪ’ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫ਼ਲਸਫ਼ੇ ’ਤੇ ਚਰਚਾ ਕਰਨ ਦੀ ਥਾਂ ਸਿਆਸੀ ਚਰਚਾ ਕੀਤੀ ਹੈ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ ਪਰ ‘ਆਪ’ ਨੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਹਾਦਤ ਦੇ ਮੂਲ ਸੰਦੇਸ਼ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਰਚਾ ਕਰਨ ਦੀ ਥਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ, ਪਾਣੀ ਅਤੇ ਅਗਨੀਵੀਰ ਵਰਗੇ ਮੁੱਦਿਆਂ ’ਤੇ ਸਿਆਸੀ ਤੀਰ ਚਲਾਉਣ ਨੂੰ ਤਰਜੀਤ ਦਿੱਤੀ ਹੈ।
ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ, ਜਗਦੀਪ ਸਿੰਘ ਚੀਮਾ ਅਤੇ ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਕਰਨਲ ਜੈਬੰਸ ਸਿੰਘ ਆਦਿ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ