ਕਾਲਜ ਮੈਨੇਜਮੈਂਟ ਖ਼ਿਲਾਫ਼ ਕੱਢੀ ਭੜਾਸ
ਆਪਣੀਆਂ ਮੰਗਾਂ ਨੂੰ ਲੈਕੇ ਵਿਦਿਆਰਥੀਆਂ ਨੇ ਸਰਹਿੰਦ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ,
ਮੌਕੇ ’ਤੇ ਪੁਲਿਸ ਪਹੁੰਚ ਗਈ ਜਿਸ ਕਰਕੇ ਮੌਕਾ ਤਣਾਅਪੂਰਨ ਬਣ ਗਿਆ।
09 ਮਈ, 2026 – ਸ੍ਰੀ ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿੱਚ ਸਥਿਤ ਰਿਮਟ ਮੈਡੀਕਲ ਕਾਲਜ ਐਂਡ ਹੌਸਪਿਟਲ ਵਿਖੇ ਬੀ.ਐਸ.ਸੀ. ਨਰਸਿੰਗ ਦੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਉਂਦਿਆਂ ਬੀਤੀ ਰਾਤ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਸਰਹਿੰਦ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਵਿਦਿਆਰਥੀਆਂ ਨੇ ਇਲਜ਼ਾਮ ਲਗਾਇਆ ਕਿ ਕਾਲਜ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਤੋਂ ਪ੍ਰਮਾਣਿਤ ਹੋਣ ਦਾ ਦਾਅਵਾ ਕਰਕੇ ਉਨ੍ਹਾਂ ਤੋਂ ਮੋਟੀਆਂ ਫੀਸਾਂ ਵਸੂਲੀਆਂ ਗਈਆਂ, ਪਰ ਹੁਣ ਡਿਗਰੀ ਪੂਰੀ ਹੋਣ ਤੋਂ ਬਾਅਦ ਵੀ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ।
ਸਰਟੀਫਿਕੇਟ ਨਾ ਦੇਣ ਨੂੰ ਲੈਕੇ ਭਖਿਆ ਵਿਵਾਦ
ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਆਪਣੀਆਂ ਡਿਗਰੀਆਂ ਅਤੇ ਸਰਟੀਫਿਕੇਟਾਂ ਦੀ ਮੰਗ ਕੀਤੀ ਗਈ ਤਾਂ ਕਾਲਜ ਪ੍ਰਬੰਧਕਾਂ ਵੱਲੋਂ ਵਾਰ-ਵਾਰ ਟਾਲ ਮਟੋਲ ਕੀਤੀ ਜਾਂਦੀ ਰਹੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਿਰੋਧ ਵਧਣ ਉਪਰੰਤ ਕਾਲਜ ਮੈਨੇਜਮੈਂਟ ਉਨ੍ਹਾਂ ਨੂੰ ਦਿੱਲੀ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦਫ਼ਤਰ ਲੈ ਕੇ ਗਈ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਕਾਲਜ ਉੱਪਰ ਕੇਸ ਚੱਲ ਰਹੇ ਹੋਣ ਕਾਰਨ ਇਹ ਸੰਸਥਾ ਹੁਣ ਐਸੋਸੀਏਸ਼ਨ ਵੱਲੋਂ ਪ੍ਰਮਾਣਿਤ ਨਹੀਂ ਹੈ।
ਮਾਹੌਲ ਬਣਿਆ ਤਣਾਅਪੂਰਨ
ਵਿਦਿਆਰਥੀਆਂ ਨੇ ਇਲਜ਼ਾਮ ਲਗਾਇਆ ਕਿ ਬੀਤੀ ਰਾਤ ਉਨ੍ਹਾਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੌਰਾਨ ਪੁਲਿਸ ਵੱਲੋਂ ਕੁਝ ਵਿਦਿਆਰਥੀਆਂ ਨੂੰ ਰਾਊਂਡ ਅੱਪ ਕਰ ਲਿਆ ਗਿਆ ਸੀ। ਜਿਸ ਦੇ ਵਿਰੋਧ ਵਿੱਚ ਅੱਜ ਉਨ੍ਹਾਂ ਵੱਲੋਂ ਸਰਹਿੰਦ ਦੇ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੂਜੇ ਪਾਸੇ ਜਦੋਂ ਕਾਲਜ ਪ੍ਰਬੰਧਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਮਾਮਲੇ ‘ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਵਿਵਾਦ ’ਤੇ ਕੀ ਬੋਲੀ ਪੁਲਿਸ ?
ਸ੍ਰੀ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾ ਦਿੱਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਸਰਹਿੰਦ ਨੈਸ਼ਨਲ ਹਾਈਵੇ ਜਾਮ ਕੀਤਾ ਹੈ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਵਿਦਿਆਰਥੀਆਂ ਦੀ ਗੱਲ ਕਰਵਾ ਕੇ ਮਸਲਾ ਹੱਲ ਕੀਤਾ ਜਾਵੇਗਾ।
ETV BHARAT