02 ਸਤੰਬਰ, 2025 – ਪਟਿਆਲਾ : ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਮੰਗਲਵਾਰ ਸਵੇਰੇ ਬਲਾਤਕਾਰ ਦੇ ਕਥਿਤ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਠਾਣਮਾਜਰਾ ਦੀ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂਕਿ ‘ਆਪ’ ਵਿਧਾਇਕ ਵੱਲੋਂ ਹੜ੍ਹ ਪ੍ਰਬੰਧਨ ਤੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਗਈ ਅਤੇ ‘ਦਿੱਲੀ ਲਾਬੀ’ ਉੱਤੇ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਦਾ ਦੋਸ਼ ਲਗਾਇਆ ਗਿਆ ਹੈ।
ਉਧਰ ਪੁਲੀਸ ਅਧਿਕਾਰੀਆਂ ਨੇ ਭਾਵੇਂ ਗ੍ਰਿਫ਼ਤਾਰੀ ਬਾਰੇ ਚੁੱਪੀ ਸਾਧੀ ਹੋਈ ਹੈ, ਪਰ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀਆਂ ਨੇ ਪੁਸ਼ਟੀ ਕੀਤੀ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪਟਿਆਲਾ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਸੂਤਰਾਂ ਨੇ ਦੱਸਿਆ ਕਿ ਪਠਾਨਮਾਜਰਾ ਵਿਰੁੱਧ ਸੋਮਵਾਰ ਸ਼ਾਮ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਹਾਂ, ਉਸ ‘ਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਪਹਿਲਾਂ ਜਾਂਚ ਅਧੀਨ ਸੀ।”
ਇਸ ਮਾਮਲੇ ਵਿੱਚ ਇੱਕ ਨਵਾਂ ਪਹਿਲੂ ਜੋੜਦੇ ਹੋਏ ਸੀਨੀਅਰ ਸਰਕਾਰੀ ਸੂਤਰ ਨੇ ਖੁਲਾਸਾ ਕੀਤਾ ਕਿ 26 ਅਗਸਤ ਨੂੰ ਸਬੰਧਤ ਔਰਤ ਵੱਲੋਂ ਇੱਕ ਨਵੀਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਵਿਧਾਇਕ ਨੇ ਵਿਆਹ ਦੇ ਬਹਾਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਹੈ।
ਇੱਕ ਸੀਨੀਅਰ ‘ਆਪ’ ਅਹੁਦੇਦਾਰ ਨੇ ਕਿਹਾ, “ਸ਼ਿਕਾਇਤ ਬਾਰੇ ਜਾਣਨ ਅਤੇ ਗ੍ਰਿਫ਼ਤਾਰੀ ਦੇ ਡਰੋਂ ਵਿਧਾਇਕ ਨੇ ਜਨਤਕ ਤੌਰ ‘ਤੇ ਸਰਕਾਰ ਉੱਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।’’ ਉਨ੍ਹਾਂ ਅੱਗੇ ਕਿਹਾ ਕਿ ਪਠਾਨਮਾਜਰਾ ਸੋਮਵਾਰ ਦੇਰ ਰਾਤ ਕਰਨਾਲ ਲਈ ਰਵਾਨਾ ਹੋਏ, ਅਤੇ ਮੰਗਲਵਾਰ ਸਵੇਰੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਧਰ ਹਲਕਾ ਸਨੌਰ ਤੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਡਰਨ ਵਾਲੇ ਨਹੀਂ ਹਨ। ਪਠਾਣਮਾਜਰਾ ਖਿਲਾਫ਼ ਇਕ ਪੁਰਾਣੇ ਮਾਮਲੇ ਵਿਚ 376 ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵਿਚ ਕੇਸ ਚੱਲ ਰਿਹਾ ਹੈ।
ਵਿਧਾਇਕ ਨੇ ਪੰਜਾਬ ਦੇ ਲੋਕਾਂ ਤੇ ਸਾਥੀ ਵਿਧਾਇਕਾਂ ਨੂੰ ਸੱਦਾ ਦਿੱਤਾ ਕਿ ਅੱਜ ਉਸ ਨੂੰ ਲੋੜ ਹੈ ਤੇ ਸਾਰੇ ਪੰਜਾਬ ਨੂੰ ਇਕੱਠਾ ਹੋ ਕੇ ਦਿਲੀ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ, ਜੇਕਰ ਅੱਜ ਪੰਜਾਬ ਇਕੱਠਾ ਨਾ ਹੋਇਆ ਤਾਂ ਇਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਇੰਜ ਹੀ ਕੇਸ ਦਰਜ ਕਰਕੇ ਡਰਾ ਲੈਣਾ ਹੈ।
ਵਿਧਾਇਕ ਹਰਮੀਤ ਪਠਾਣ ਮਾਜਰਾ ਨੇ ਕਿਹਾ ਕਿ ਅੱਜ ਪਟਿਆਲਾ ਦੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਸਾਰੇ ਪੰਜਾਬ ਨੂੰ ਇਕੱਠਾ ਹੋਣਾ ਚਾਹੀਦਾ ਹੈ। ਉਨ੍ਹਾਂ ਸਾਥੀ ਵਿਧਾਇਕਾਂ ਨੂੰ ਸੱਦਾ ਦਿੱਤਾ ਕਿ ਆਪਣੇ ਅੰਦਰ ਦੀ ਆਵਾਜ਼ ਪਛਾਣ ਕੇ ਇਕਮੱਤ ਹੋਣ ਤਾਂ ਕਿ ਪੰਜਾਬ ਨੂੰ ਬਚਾਇਆ ਜਾ ਸਕੇ।
ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਫੇਸਬੁੱਕ ’ਤੇ ਇਕ ਵੀਡੀਓ ਪੋਸਟ ਕਰਕੇ ਖੁਲਾਸਾ ਕੀਤਾ ਸੀ ਕਿ ਇੱਕ ਪੁਰਾਣੀ ਘਟਨਾ ਦੇ ਸਬੰਧ ਵਿੱਚ ਉਨ੍ਹਾਂ ਖਿਲਾਫ਼ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ। ਵੀਡੀਓ ਵਿੱਚ ਪਠਾਨਮਾਜਰਾ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 ਤਹਿਤ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ‘ਆਪ’ ਟੀਮ ਪੰਜਾਬ ’ਤੇ ਰਾਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ‘ਉਨ੍ਹਾਂ ਦੀ ਆਵਾਜ਼ ਨੂੰ ਦਬਾ ਰਹੀ ਹੈ।’ ਉਧਰ ਆਮ ਆਦਮੀ ਪਾਰਟੀ (ਆਪ) ਨੇ ਪਠਾਣਮਾਜਰਾ ਨੂੰ ਮਿਲੀ ਅਧਿਕਾਰਤ ਸੁਰੱਖਿਆ ਵਾਪਸ ਲੈ ਲਈ ਹੈ।
ਪੰਜਾਬੀ ਟ੍ਰਿਬਯੂਨ