ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰ
ਨਗਰ ਨਿਗਮ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ।
07 ਮਈ, 2026 – ਮੋਗਾ: ਪੂਰੇ ਪੰਜਾਬ ਵਿੱਚ ਅੱਜ ਤੋਂ ਮਿਊਂਸੀਪਲ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਹੋ ਗਈ ਹੈ। ਮਿਊਂਸੀਪਲ ਇੰਪਲਾਇਜ਼ ਫੈਡਰੇਸ਼ਨ ਅਤੇ ਸਫਾਈ ਸੇਵਕ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਇਹ ਵੱਡਾ ਸੰਘਰਸ਼ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ। ਹੜਤਾਲ ਦੇ ਪਹਿਲੇ ਹੀ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
‘ਡੰਪਿੰਗ ਪੁਆਇੰਟਾਂ ਦੇ ਬਾਹਰ ਵੀ ਕੂੜੇ ਦੇ ਵੱਡੇ ਢੇਰ‘
ਸਵੇਰੇ ਤੋਂ ਹੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਸਫਾਈ ਕਰਮਚਾਰੀ, ਸੀਵਰੇਜ ਸਟਾਫ ਅਤੇ ਹੋਰ ਮਿਊਨਿਸਪਲ ਮੁਲਾਜ਼ਮ ਆਪਣਾ ਕੰਮ ਛੱਡ ਕੇ ਧਰਨਿਆਂ ‘ਤੇ ਬੈਠ ਗਏ। ਸ਼ਹਿਰਾਂ ਦੀਆਂ ਗਲੀਆਂ, ਬਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜਾ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਕਈ ਥਾਵਾਂ ‘ਤੇ ਡੰਪਿੰਗ ਪੁਆਇੰਟਾਂ ਦੇ ਬਾਹਰ ਵੀ ਕੂੜੇ ਦੇ ਵੱਡੇ ਢੇਰ ਦੇਖਣ ਨੂੰ ਮਿਲ ਰਹੇ ਹਨ।
‘ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਦਾ ਰਾਹ‘
ਦੂਜੇ ਪਾਸੇ ਯੂਨੀਅਨ ਆਗੂਆਂ ਨੇ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ, ‘ਕਈ ਵਾਰ ਸਰਕਾਰ ਨਾਲ ਮੀਟਿੰਗਾਂ ਹੋਈਆਂ ਪਰ ਹਰ ਵਾਰ ਸਿਰਫ਼ ਭਰੋਸੇ ਦਿੱਤੇ ਗਏ ਅਤੇ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸੇ ਕਰਕੇ ਮਜਬੂਰਨ ਕਰਮਚਾਰੀਆਂ ਨੂੰ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ।‘
‘ਵੱਡਾ ਅਤੇ ਤੀਬਰ ਸੰਘਰਸ਼‘
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨਾ ਕੱਚੇ ਅਤੇ ਠੇਕੇ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨਾ, ਤਨਖਾਹਾਂ ਵਿੱਚ ਸੁਧਾਰ ਅਤੇ ਹੋਰ ਬਕਾਇਆ ਮਸਲਿਆਂ ਦਾ ਹੱਲ ਸ਼ਾਮਲ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ‘ਤੇ ਹੋਰ ਵੱਡਾ ਅਤੇ ਤੀਬਰ ਸੰਘਰਸ਼ ਕੀਤਾ ਜਾਵੇਗਾ।
‘ਨਜ਼ਰਾਂ ਮੀਟਿੰਗ ਉੱਤੇ ਟਿਕੀਆਂ‘
ਫਿਲਹਾਲ ਸਰਕਾਰ ਵੱਲੋਂ ਇਸ ਹੜਤਾਲ ਨੂੰ ਲੈ ਕੇ ਕੋਈ ਵੱਡਾ ਬਿਆਨ ਸਾਹਮਣੇ ਨਹੀਂ ਆਇਆ ਪਰ ਹੜਤਾਲ ਕਾਰਨ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗੇ ਹਨ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਯੂਨੀਅਨਾਂ ਵਿਚਕਾਰ ਹੋਣ ਵਾਲੀ ਅਗਲੀ ਗੱਲਬਾਤ ‘ਤੇ ਟਿਕੀਆਂ ਹੋਈਆਂ ਹਨ।
ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੜਤਾਲ ਲੰਬੀ ਚੱਲਦੀ ਹੈ ਤਾਂ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਸਕਦਾ ਹੈ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿੱਚ ਕੂੜੇ ਦੇ ਢੇਰ ਅਤੇ ਗੰਦਗੀ ਕਾਰਨ ਲੋਕਾਂ ਨੂੰ ਹੋਰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ETV BHARAT