17 ਅਪਰੈਲ, 2025 – ਬਠਿੰਡਾ : ਡੈਮੋਕ੍ਰੈਟਿਕ ਟੀਚਰ ਫਰੰਟ, ਮੈਰੀਟੋਰੀਅਸ ਟੀਚਰ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ ਅਤੇ 8886 ਅਧਿਆਪਕ ਯੂਨੀਅਨ ਦੇ ਕਾਮਿਆਂ ਨੇ ਅੱਜ ਇੱਥੇ ਸੂਬਾ ਸਰਕਾਰ ਦੇ ਦਾਅਵਿਆਂ ਦੀ ਅਰਥੀ ਫੂਕੀ।
ਅਧਿਆਪਕ ਆਗੂਆਂ ਰੇਸ਼ਮ ਖੇਮੋਆਣਾ, ਜਸਵਿੰਦਰ ਸਿੰਘ, ਬੂਟਾ ਸਿੰਘ, ਕੇਵਲ ਸਿੰਘ, ਜੋਨੀ ਸਿੰਗਲਾ ਅਤੇ ਹਰਜੀਤ ਜੀਦਾ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਕੂਲਾਂ ’ਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਖੋਖਲਾ ਪ੍ਰਚਾਰ ਕਰ ਰਹੀ ਹੈ, ਅਸਲ ਵਿੱਚ ਸੈਂਕੜੇ ਸਕੂਲ ਮੁਖੀਆਂ ਤੋਂ ਵਾਂਝੇ ਹਨ ਅਤੇ ਨਿੱਜੀ ਕੰਪਨੀਆਂ ਰਾਹੀਂ ਸਿੱਖਿਆ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਈ ਕਰਵਾਉਣ ਦੀ ਥਾਂ ਬੇਲੋੜੇ ਕੰਮਾਂ ਵਿੱਚ ਉਲਝਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਲੰਮੇ ਅਰਸੇ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ, ਬਲਕਿ ਸਕੂਲਾਂ ’ਚ ਰਾਜਸੀ ਦਖ਼ਲ ਵਧਾਉਣ ਦੀਆਂ ਸਕੀਮਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਆਖਿਆ ਕਿ ਸਰਕਾਰ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਕਰੋੜਾਂ ਰੁਪਏ ਬਰਬਾਦ ਕਰ ਰਹੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਤਿੰਨ ਸਾਲਾਂ ਵਿੱਚ ਪਹਿਲੀਆਂ ਸਰਕਾਰਾਂ ਤੋਂ ਵੀ ਜ਼ਿਆਦਾ ਪਿਛਾਂਹ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਨਵੀਂ ਸਿੱਖਿਆ ਨੀਤੀ 2020 ਤਹਿਤ ਸਕੂਲਾਂ ਦਾ ਭੋਗ ਪਾ ਕੇ ਕਾਰਪੋਰੇਟਾਂ ਅਤੇ ਸਰਮਾਏਦਾਰਾਂ ਦੀ ਮੰਡੀ ਵਿੱਚ ਪਰੋਸਣਾ ਹੈ, ਇਸੇ ਲਈ ਸਕੂਲਾਂ ਵਿੱਚ ਠੇਕੇਦਾਰੀ ਸਿਸਟਮ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਕੋਈ ਵੀ ਭਰਤੀ ਸਰਕਾਰ ਵੱਲੋਂ ਪੂਰੀ ਨਹੀਂ ਕੀਤੀ ਗਈ ਸਗੋਂ ਅਦਾਲਤਾਂ ਦੇ ਚੱਕਰਾਂ ਵਿੱਚ ਉਲਝਾ ਕੇ ਰੱਖਿਆ ਹੋਇਆ ਹੈ।
ਮਾਨਸਾ: ਡੈਮੋਕਰੇਟਿਕ ਟੀਚਰਜ਼ ਫਰੰਟ ਮਾਨਸਾ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਦੀ ਝੜੀ ਲਾਉਣ ਵਾਲੀ ’ਆਪ’ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਸਾੜਿਆ ਗਿਆ। ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ, ਵਾਲੰਟੀਅਰ ਕੈਟਾਗਰੀ ਦੇ ਅਧਿਆਪਕ ਅਤੇ ਐੱਨਐੱਸਕਿਊਐੱਫ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਲਗਾਤਾਰ ਆਨਾ-ਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਹਾਲੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਜਾਰੀ ਨਹੀਂ ਕਰ ਸਕੀ।
ਸ੍ਰੀ ਮੁਕਤਸਰ ਸਾਹਿਬ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੀਤੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਜੀਵਨ ਸਿੰਘ ਬਧਾਈ ਅਤੇ ਸੁਰਿੰਦਰ ਸੁਖ਼ਨਾ ਨੇ ਆਪਣੇ ਸੰਬੋਧਨ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਢੇ ਬਸਤੇ ਪਾਉਣ ਅਤੇ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਹੰਢਿਆਇਆ (ਪੱਤਰ ਪ੍ਰੇਰਕ): ਸੂਬੇ ਭਰ ਦੇ ਸਕੂਲਾਂ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਨਾਲ ਸਕੂਲਾਂ ਜ਼ਰੀਏ ਆਮ ਆਦਮੀ ਪਾਰਟੀ ਵੱਲੋਂ ਰਾਜਨੀਤੀ ਚਮਕਾਉਣਾ ਨਿੰਦਣਯੋਗ ਕਾਰਵਾਈ ਹੈ। ਇਹ ਗੱਲਾਂ ਬਲਜੀਤ ਸਿੰਘ ਅਕਲੀਆ ਜ਼ਿਲ੍ਹਾ ਪ੍ਰਧਾਨ ਡੀਟੀਐੱਫ (ਪੰਜਾਬ) ਨੇ ਕਹੀਆਂ।
ਤਲਵੰਡੀ ਭਾਈ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ‘ਅਖੌਤੀ ਸਿੱਖਿਆ ਕ੍ਰਾਂਤੀ’ ਦੀ ਪਰਿਭਾਸ਼ਾ ਦਿੰਦਿਆਂ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਦੀ ਝੜੀ ਲਾਉਣ ਵਾਲੀ ‘ਆਪ’ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਇੱਥੇ ਮੁੱਖ ਚੌਕ ਵਿੱਚ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ। ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ, ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ, ਮੈਰੀਟੋਰੀਅਸ ਅਧਿਆਪਕ ਯੂਨੀਅਨ ਪ੍ਰਧਾਨ ਅਜੈ ਸ਼ਰਮਾ, ਐਸਐਸਏ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਡੀਟੀਐਫ ਬਲਾਕ ਸਕੱਤਰ ਗੁਰਪ੍ਰੀਤ ਮੱਲੋਕੇ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਢੇ ਬਸਤੇ ਪਾਉਣ ਅਤੇ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਫ਼ਰੀਦਕੋਟ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ, ਵਲੰਟੀਅਰ ਕੈਟਾਗਰੀ ਦੇ ਅਧਿਆਪਕ ਅਤੇ ਐੱਨਐੱਸਕਿਊਐੱਫ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਲਗਾਤਾਰ ਆਨਾ ਕਾਨੀ ਕੀਤੀ ਜਾ ਰਹੀ ਹੈ। ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਅਤੇ ਹਰਜਸਦੀਪ ਸਿੰਘ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਡੇ ਬਸਤੇ ਪਾਉਣ ਅਤੇ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਹਾਲੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਜਾਰੀ ਨਹੀਂ ਕਰ ਸਕੀ।
ਪੰਜਾਬੀ ਟ੍ਰਿਬਯੂਨ
test