ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ
18 ਅਗਸਤ, 2026 – ਐੱਸ ਏ ਐੱਸ ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸਿੱਖਿਆ ਬੋਰਡ ਦਫ਼ਤਰ ਦੇ ਗੇਟ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੁਜ਼ਾਹਰੇ ਵਿੱਚ ਯੂਨੀਅਨ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 7 ਅਕਤੂਬਰ 2022 ਨੂੰ ਸਿੱਖਿਆ ਵਿਭਾਗ ਵਿੱਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਪਗ 525 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਨੂੰ ਮਨਜ਼ੂਰ ਕਰਦਿਆਂ 525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਗਏ ਤੇ ਸੱਤ ਮੈਂਬਰੀ ਕਮੇਟੀ ਵੀ ਬਣਾਈ ਗਈ ਸੀ। ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕਮੇਟੀ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ ਅਤੇ ਕਮੇਟੀ ਵਾਰ-ਵਾਰ ਮੀਟਿੰਗ ਰੱਖ ਕੇ ਮੁਲਤਵੀ ਕਰ ਦਿੰਦੀ ਹੈ। ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਰਾਣਾ, ਪੀ ਆਈ ਸੀ ਦੇ ਮੀਤ ਪ੍ਰਧਾਨ ਬਲਵੰਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਵਿੰਦਰ ਸਿੰਘ, ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਨਰਿੰਦਰ ਕੌਰ ਤੇ ਰਾਜਪਾਲ ਕੌਰ ਸਣੇ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।
ਪੰਜਾਬੀ ਟ੍ਰਿਬਯੂਨ