ਸਿੱਖ ਜਥੇਬੰਦੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸ਼ਹਿ ‘ਤੇ ਹੀ ਗੁਰੂ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਹੈ।।
14 ਜੁਲਾਈ, 2026 – ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੰਟੇਨਰਾਂ ‘ਚ ਬੰਦ ਕਰ ਕੇ ਕੈਨੇਡਾ ਭੇਜਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਹੀ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਜਥਾ ਸਿਰਹਾਲਾ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਧਾਮੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਅਤੇ SGPC ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕੈਨੇਡਾ ਭੇਜੇ ਜਾਣ ‘ਤੇ ਰੋਸ
ਅੱਜ ਗੋਲਡਨ ਗੇਟ ‘ਤੇ ਪ੍ਰਦਰਸ਼ਨ ਦੌਰਾਨ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਤੋਂ ਵੱਧ ਸਰੂਪਾਂ ਨੂੰ ਕਥਿਤ ਤੌਰ ‘ਤੇ ਕੰਟੇਨਰ ਰਾਹੀਂ ਕੈਨੇਡਾ ਭੇਜਿਆ ਗਿਆ, ਜੋ ਕਿ, ਸਿੱਖ ਮਰਿਆਦਾ ਦੇ ਉਲਟ ਹੈ। ਇਸ ਦਾ ਪਤਾ ਲੱਗਦੇ ਹੀ ਵਿਦੇਸ਼ਾਂ ‘ਚ ਵੱਸੇ ਪੰਜਾਬੀਆਂ ‘ਚ ਵੀ ਰੋਸ ਦੇਖਣ ਨੂੰ ਮਿਲਿਆ ਹੈ। ਅਜਿਹੇ ਮਾਮਲੇ ਵਿੱਚ ਪਹਿਲਾਂ ਵੀ ਸਾਹਮਣੇ ਆਏ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।‘
ਬੇਅਦਬੀ ਲਈ SGPC ਜ਼ਿੰਮੇਵਾਰ
ਇੱਥੇ ਅਹਿਮ ਸਵਾਲ ਇਹ ਵੀ ਹੈ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਇੱਕ ਥਾਂ ਤੋਂ ਦੁਜੀ ਥਾਂ ਭੇਜਣ ਲਈ ਸੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੋਂ ਆਗਿਆ ਲੈਣੀ ਲਾਜ਼ਮੀ ਹੁੰਦੀ ਹੈ ਅਤੇ ਪੂਰੀ ਮਰਿਆਦਾ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ, ਪਰ SGPC ਵੱਲੋਂ ਅਜਿਹਾ ਕਰਨ ਦੀ ਬਜਾਏ ਇਸ ਦੇ ਉਲਟ ਚੱਲਦੇ ਹੋਏ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਪਾਰਦਰਸ਼ਤਾ ਨਹੀਂ ਦਿਖਾਈ ਗਈ। ਇਸ ਲਈ ਗੁਰੂ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਲਈ SGPC ਹੀ ਜ਼ਿੰਮੇਵਾਰ ਹੈ।‘
ਜਥੇਦਾਰ ਦੀ ਬਣਦੀ ਜ਼ਿੰਮੇਵਾਰੀ
ਸਿੱਖ ਜਥੇਬੰਦੀਆਂ ਨੇ ਕਿਹਾ ਕਿ ‘ਅਸੀਂ ਸਭ ਜਾਣਦੇ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੁਪ ਕਿਸੇ ਵੀ ਥਾਂ ‘ਤੇ ਭੇਜਣਾ ਹੋਵੇ ਤਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਹਸਤਾਖ਼ਰ ਵੀ ਕੀਤੇ ਗਏ ਹੋਣਗੇ, ਇਸ ਸਬੰਧੀ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਅਤੇ ਹੁਣ ਜਵਾਬਦੇਹੀ ਵੀ ਉਨ੍ਹਾਂ ਨੂੰ ਕਰਨੀ ਚਾਹੀਦੀ ਹੈ। ਜੇਕਰ ਇਸ ਮਾਮਲੇ ਸਬੰਧੀ ਜਥੇਦਾਰ ਵੱਲੋਂ ਐਕਸ਼ਨ ਨਾ ਲਿਆ ਗਿਆ ਤਾਂ ਅੱਗੇ ਵੀ ਸੰਘਰਸ਼ ਜਾਰੀ ਰਹੇਗਾ ਅਤੇ ਅਸੀਂ ਹੋਰਨਾਂ ਜਥੇਬੰਦੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਦੀ ਨਿਖੇਧੀ ਕੀਤੀ ਜਾਵੇ ਅਤੇ ਐਸਜੀ ਪੀਸੀ ਪ੍ਰਧਾਨ ਦਾ ਵਿਰੋਧ ਕੀਤਾ ਜਾਵੇ।‘
ਪੁਲਿਸ ਪ੍ਰਸ਼ਾਸਨ ਤੋਂ ਅਪੀਲ
ਉਥੇ ਹੀ ਸਿੱਖ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰੇ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
ETV BHARAT