08 ਜੁਲਾਈ, 2025 – ਮਾਨਸਾ : ਮਾਨਸਾ ਸ਼ਹਿਰ ’ਚ ਸੀਵਰੇਜ ਦੇ ਗੰਦੇ ਪਾਣੀ ਦਾ ਮਾਮਲਾ ਅੱਜ ਉਸ ਵੇਲੇ ਭਖ਼ ਗਿਆ, ਜਦੋਂ ਸ਼ਹਿਰ ਦੇ ਵੀਰ ਨਗਰ ਮੁਹੱਲੇ ਦੇ ਲੋਕਾਂ ਨੇ ਸਮੱਸਿਆ ਖ਼ਿਲਾਫ਼ ਮੁੱਖ ਬਾਜ਼ਾਰ ’ਚ ਸੜਕ ’ਤੇ ਧਰਨਾ ਲਾ ਦਿੱਤਾ। ਇਸ ਧਰਨੇ ਕਾਰਨ ਸ਼ਹਿਰ ਦੀ ਆਵਾਜਾਈ ਦੋ ਹਿੱਸਿਆਂ ਵਿੱਚ ਵੰਡੀ ਗਈ।
ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਾਰਡ ਵਿੱਚ ਕਈ ਦਿਨਾਂ ਤੋਂ ਸੀਵਰੇਜ ਦਾ ਮੁਸ਼ਕ ਮਾਰਦਾ ਗੰਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਵਿੱਚ ਰਹਿਣਾ ਵੀ ਮੁਸ਼ਕਲ ਹੋਇਆ ਪਿਆ ਹੈ।ਮਾਨਸਾ ਸ਼ਹਿਰ ਦੇ ਵੀਰ ਨਗਰ ਮੁਹੱਲੇ ਦੇ ਵਸਨੀਕਾਂ ਨੇ ਆਪਣੇ ਘਰ ਦੇ ਮੁੱਖ ਗੇਟ ਵਿੱਚੋਂ ਗੰਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਵਿਰੋਧ ਵਿੱਚ ਮਾਨਸਾ ਸ਼ਹਿਰ ਵਿੱਚ ਮਾਰਕੀਟ ਰੋਡ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਡਾ. ਰੁਪਿੰਦਰ ਸਿੰਘ, ਸੁਨੀਤਾ ਰਾਣੀ, ਲਤਾ ਰਾਣੀ, ਰਵੀ ਖਾਨ ਅਤੇ ਹੋਰਨਾਂ ਨੇ ਕਿਹਾ ਕਿ ਸੀਵਰੇਜ਼ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ, ਪਰ ਨਗਰ ਕੌਂਸਲ ਇਸਨੂੰ ਕੱਢਣ ਦਾ ਕੋਈ ਉਪਰਾਲਾ ਨਹੀਂ ਕਰ ਰਹੀ ਹੈ ਅਤੇ ਨਾ ਹੀ ਸੀਵਰੇਜ਼ ਬੋਰਡ ਪਾਣੀ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੀਵਰੇਜ ਦਾ ਗੰਦਾ ਪਾਣੀ ਨਹੀਂ ਕੱਢਿਆ ਜਾਂਦਾ, ਉਹ ਆਪਣਾ ਵਿਰੋਧ ਜਾਰੀ ਰੱਖਣਗੇ।
ਸਮੱਸਿਆ ਜਲਦੀ ਹੱਲ ਹੋਵੇਗੀ: ਕੌਂਸਲ ਪ੍ਰਧਾਨ
ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਪਾਣੀ ਦੀ ਨਿਕਾਸੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਵੱਲੋਂ 44 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸਦਾ ਉਦਘਾਟਨ ਕੱਲ੍ਹ ਕੀਤਾ ਗਿਆ ਸੀ ਅਤੇ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਸਰਹਿੰਦ ਚੋਅ ਵਿੱਚ ਸੁੱਟਣ ਦਾ ਕੰਮ ਜਾਰੀ ਹੈ, ਜਿਸ ਤੋਂ ਬਾਅਦ ਮਾਨਸਾ ਸ਼ਹਿਰ ਦੀ ਸੀਵਰੇਜ ਸਮੱਸਿਆ ਹੱਲ ਹੋ ਜਾਵੇਗੀ।
ਪੰਜਾਬੀ ਟ੍ਰਿਬਯੂਨ