ਇਥੋਂ ਦੇ ਪਿੰਡ ਗਾਜ਼ੀਪੁਰ ਵਿੱਚ 20 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਮੁੜ ਚਰਚਾ ਵਿੱਚ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ, ਹਾਲਾਂਕਿ ਮੌਤ ਦੇ…
23 ਅਕਤੂਬਰ, 2026 – ਸੁਲਤਾਨਪੁਰ ਲੋਧੀ : ਇਥੋਂ ਦੇ ਪਿੰਡ ਗਾਜ਼ੀਪੁਰ ਵਿੱਚ 20 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਮੁੜ ਚਰਚਾ ਵਿੱਚ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ।
ਬੀਤੇ ਦਿਨ ਕਿਸੇ ਜਾਣਕਾਰ ਨੇ ਫ਼ੋਨ ਕਰ ਕੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਪੁੱਤਰ ਪਿੰਡ ਤੋਤੀ ਵਿੱਚ ਇੱਕ ਟਿਊਬਵੈੱਲ ’ਤੇ ਬੇਹੋਸ਼ ਪਿਆ ਹੈ। ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਨਸ਼ੇ ਦੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਵਜੂਦ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋਣਾ ਚਿੰਤਾ ਦਾ ਵਿਸ਼ਾ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐੱਸ ਐੱਚ ਓ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਇਸ ਮਾਮਲੇ ਬਾਰੇ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ। ਉਨ੍ਹਾਂ ਨੂੰ ਵੀ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪੀੜਤ ਪਰਿਵਾਰ ਨਾਲ ਗੱਲਬਾਤ ਕਰ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਤੱਥ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ, ਪਰਿਵਾਰ ਵੱਲੋਂ ਨੌਜਵਾਨ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ।
ਪੰਜਾਬੀ ਟ੍ਰਿਬਯੂਨ