Nankana Sahib Nagar Kirtan: ਗੁਰੂ ਗ੍ਰੰਥ ਸਾਹਿਬ ਜੀ ਨੂੰ ਸੋਨੇ ਦੀ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਸੱਤ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਲੰਘਿਆ ਨਗਰ ਕੀਰਤਨ; ਭਾਰਤ ਤੋਂ 2,300 ਤੋਂ ਵੱਧ ਸ਼ਰਧਾਲੂ ਹੋਏ ਸ਼ਾਮਲ
25 ਨਵੰਬਰ, 2026 – ਅੰਮ੍ਰਿਤਸਰ : ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿੱਚ ਵਿਸ਼ਵ ਪੱਧਰ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅੱਜ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਮੰਗਲਵਾਰ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੋਨੇ ਦੀ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਗੁਰਦੁਆਰਾ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਤੱਕ ਲਿਜਾਇਆ ਗਿਆ।
ਲਾਹੌਰ ਤੋਂ ਲਗਪਗ 80 ਕਿਲੋਮੀਟਰ ਦੂਰ ਸਥਿਤ ਨਨਕਾਣਾ ਸਾਹਿਬ, ਜੋ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ, ਵਿਖੇ ਹੋਏ ਸਮਾਗਮਾਂ ਵਿੱਚ ਭਾਰਤ ਤੋਂ ਆਏ 2,300 ਤੋਂ ਵੱਧ ਸਿੱਖ ਸ਼ਰਧਾਲੂਆਂ ਸਮੇਤ ਹਜ਼ਾਰਾਂ ਸਥਾਨਕ ਅਤੇ ਵਿਦੇਸ਼ੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਦੋ ਮੈਂਬਰੀ ਕੌਂਸਲਰ ਟੀਮ ਵੀ ਭਾਰਤੀ ਸ਼ਰਧਾਲੂਆਂ ਨਾਲ ਨਨਕਾਣਾ ਸਾਹਿਬ ਪਹੁੰਚੀ। ਭਾਰਤੀ ਮਿਸ਼ਨ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪਾਈ ਪੋਸਟ ਵਿੱਚ ਦੱਸਿਆ ਕਿ ਅਧਿਕਾਰੀ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਾਲਮੇਲ ਕਰ ਰਹੇ ਹਨ।
ਸੱਤ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਲੰਘਿਆ ਨਗਰ ਕੀਰਤਨ
ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਜਨਮ ਅਸਥਾਨ ਤੋਂ ਹੋਈ ਅਤੇ ਇਹ ਸ਼ਹਿਰ ਦੇ ਸੱਤ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਸਿੱਖ ਭਾਈਚਾਰੇ ਨਾਲ ਪਿਆਰ, ਸਤਿਕਾਰ ਅਤੇ ਸ਼ਰਧਾ ਦਾ ਮਜ਼ਬੂਤ ਰਿਸ਼ਤਾ ਹੈ, ਜਿਸ ਨੂੰ ਹਮੇਸ਼ਾ ਕਾਇਮ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਵੱਡੇ ਪੁੱਤਰ ਹਮਜ਼ਾ ਸ਼ਰੀਫ਼ ਨੇ ਕਿਹਾ ਕਿ ਸਿੱਖ ਧਾਰਮਿਕ ਅਸਥਾਨ ਸਾਡੀ ਸਾਂਝੀ ਵਿਰਾਸਤ ਦਾ ਹਿੱਸਾ ਹਨ। ਗੁਰੂ ਨਾਨਕ ਦੇਵ ਜੀ ਨੇ ਪਿਆਰ, ਸ਼ਾਂਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਪੂਰੀ ਧਾਰਮਿਕ ਆਜ਼ਾਦੀ ਹੈ ਅਤੇ ਗੁਰਦੁਆਰਿਆਂ ਦੀ ਬਹਾਲੀ, ਸਾਂਭ-ਸੰਭਾਲ ਅਤੇ ਨਵੀਨੀਕਰਨ ਲਈ ਯਤਨ ਕੀਤੇ ਜਾ ਰਹੇ ਹਨ।
50 ਗੁਰਦੁਆਰਿਆਂ ਦੀ ਬਹਾਲੀ ਦਾ ਕੰਮ ਜਾਰੀ
ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਬਾਰੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਨੇ ਕਿਹਾ ਕਿ ਸਰਕਾਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ, ਵੱਖ-ਵੱਖ ਧਰਮਾਂ ਵਿਚਾਲੇ ਸਦਭਾਵਨਾ ਅਤੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਕਮਰ ਜ਼ਮਾਨ ਨੇ ਕਿਹਾ ਕਿ ਸਿੱਖ ਧਰਮ ਸ਼ਾਂਤੀ, ਪਿਆਰ ਅਤੇ ਆਪਸੀ ਸਹਿਣਸ਼ੀਲਤਾ ਦਾ ਸੰਦੇਸ਼ ਦਿੰਦਾ ਹੈ। ਪਾਕਿਸਤਾਨ ਦੁਨੀਆ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਦਾ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੇ 200 ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹਰ ਮਹੀਨੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ।
ਭਾਰਤੀ ਸਿੱਖ ਜਥੇ ਦੀ ਅਗਵਾਈ ਕਰ ਰਹੇ ਅਕਾਲ ਤਖ਼ਤ ਦੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਿਆਂ ਨੂੰ ਉਨ੍ਹਾਂ ਦੀ ਪੁਰਾਤਨ ਦਿੱਖ ਵਿੱਚ ਬਹਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਨੂੰ ਸ਼ਾਂਤੀ ਅਤੇ ਪਿਆਰ ਦੀ ਪਹਿਲਾਂ ਨਾਲੋਂ ਵੱਧ ਲੋੜ ਹੈ। ਉਨ੍ਹਾਂ ਸ਼ਰਧਾਲੂਆਂ ਲਈ ਕੀਤੇ ਪ੍ਰਬੰਧਾਂ ਅਤੇ ਮਹਿਮਾਨਨਿਵਾਜ਼ੀ ਲਈ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ।
ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਲਗਪਗ 50 ਅਜਿਹੇ ਗੁਰਦੁਆਰਿਆਂ ਦੀ ਬਹਾਲੀ ਦਾ ਕੰਮ ਚੱਲ ਰਿਹਾ ਹੈ, ਜੋ ਦੇਸ਼ ਦੀ ਸਥਾਪਨਾ ਤੋਂ ਬਾਅਦ ਬੰਦ ਪਏ ਸਨ। ਉਨ੍ਹਾਂ ਕਿਹਾ ਕਿ ਇਤਿਹਾਸਕ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ।
ਐਤਵਾਰ ਨੂੰ ਪਾਕਿਸਤਾਨ ਪਹੁੰਚੇ ਭਾਰਤੀ ਸ਼ਰਧਾਲੂ 1 ਦਸੰਬਰ ਨੂੰ ਵਤਨ ਪਰਤਣ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਸਮੇਤ ਹੋਰਨਾਂ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨਗੇ।
ਪੰਜਾਬੀ ਟ੍ਰਿਬਯੂਨ