ਲਾਪਰਵਾਹੀ ਕਾਰਨ ਸੈਨੇਟਰੀ ਅਧਿਕਾਰੀ ਮੁਅੱਤਲ; ਅਕਾਲੀ ਆਗੂਆਂ ਨੇ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ
05 ਜਨਵਰੀ, 2026 – ਬਟਾਲਾ : ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸਥਾਨਕ ਮੀਆਂ ਮੁਹੱਲਾ ਨੇੜੇ ਸੜਕ ਕਿਨਾਰੇ ਕੂੜੇ ਦੇ ਢੇਰਾਂ ਕਾਰਨ ਸੰਗਤ ਦੇ ਮਨ ਨੂੰ ਠੇਸ ਪੁੱਜੀ ਅਤੇ ਨਗਰ ਕੀਰਤਨ ਅੱਧਾ ਘੰਟਾ ਰੁਕਿਆ ਰਿਹਾ। ਇਸ ਘਟਨਾ ਲਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਸਥਾਨਕ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਬੰਧੀ ਪ੍ਰਸ਼ਾਸਨ ਨੂੰ ਕੁਝ ਦਿਨ ਪਹਿਲਾਂ ਜਾਣਕਾਰੀ ਦਿੱਤੀ ਗਈ ਸੀ ਤੇ ਪ੍ਰਸ਼ਾਸਨ ਵੱਲੋਂ ਸੜਕਾਂ ਦੀ ਸਫ਼ਾਈ ਨਹੀਂ ਕਰਵਾਈ ਗਈ।
ਦੂਜੇ ਪਾਸੇ ‘ਆਪ’ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਕਿਸੇ ਵੀ ਵਿਭਾਗ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਕਾਰਪੋਰੇਸ਼ਨ ਦੇ ਅਧਿਕਾਰੀ ਵੱਲੋਂ ਲਾਪ੍ਰਵਾਹੀ ਵਰਤੀ ਗਈ ਸੀ ਜਿਸ ਕਾਰਨ ਸਥਾਨਕ ਸਰਕਾਰ ਵਿਭਾਗ ਨੇ ਨੋਟਿਸ ਲੈਂਦਿਆਂ ਮਹਿਜ਼ ਚਾਰ ਘੰਟੇ ਅੰਦਰ ਨਿਗਮ ਸੈਨੇਟਰੀ ਅਧਿਕਾਰੀ ਜਗਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹਨ ਪਰ ਕੁਝ ਸਿਆਸੀ ਆਗੂ ਉਨ੍ਹਾਂ ’ਤੇ ਦੋਸ਼ ਲਾਉਣ ਦੇ ਬਜਾਏ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ। ਵਿਧਾਇਕ ਕਲਸੀ ਨੇ ਦੁਹਰਾਇਆ ਕਿ ਉਹ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸ਼ਹਿਰ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਹੋਵੇਗੀ।
ਪੰਜਾਬੀ ਟ੍ਰਿਬਯੂਨ