10 ਮਾਰਚ, 2025 – ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵੱਲੋਂ 12ਵੀਂ ਦੇ ਰਾਜਨੀਤਿਕ ਸ਼ਾਸਤਰ ਦੀ ਪ੍ਰੀਖਿਆ ਵਿੱਚ ਆਮ ਆਦਮੀ ਪਾਰਟੀ (ਆਪ) ਬਾਰੇ ਸਵਾਲ ਪੁੱਛਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਸਵਾਲ ਪੁੱਛਣ ਦਾ ਪੰਜਾਬ ਭਾਜਪਾ ਨੇ ਵਿਰੋਧ ਕੀਤਾ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ, ਚੇਤਨ ਜੋਸ਼ੀ ਅਤੇ ਪ੍ਰੀਤਪਾਲ ਬੱਲੀਆਵਾਲ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਨੀਤਿਕ ਸ਼ਾਸਤਰ ਦੀ ਚਾਰ ਮਾਰਚ ਨੂੰ ਹੋਈ ਪ੍ਰੀਖਿਆ ਵਿੱਚ ‘ਆਪ’ ਦੀ ਸਥਾਪਨਾ ਤੇ ‘ਆਪ’ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਸਵਾਲ ਪੁੱਛਿਆ ਗਿਆ ਸੀ। ਸ੍ਰੀ ਜੋਸ਼ੀ ਨੇ ਕਿਹਾ ਕਿ ‘ਆਪ’ ਵੱਲੋਂ 18 ਸਾਲ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ, ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸਿਆਸੀ ਫ਼ਾਇਦੇ ਲਈ ਬੇਲੋੜਾ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਾਰੀਆਂ ਸਿਆਸੀ ਪਾਰਟੀਆਂ ਬਾਰੇ ਪੁੱਛੇ ਜਾਂਦੇ ਨੇ ਸਵਾਲ: ਅਧਿਕਾਰੀ
ਪੀਐੱਸਈਬੀ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਜਨੀਤਿਕ ਸ਼ਾਸਤਰ ਵਿਸ਼ੇ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਸਿਆਸੀ ਪਾਰਟੀਆਂ ਬਾਰੇ ਪੜ੍ਹਾਇਆ ਜਾਂਦਾ ਹੈ। ਇਸ ਸਾਲ 8 ਮਾਰਚ ਨੂੰ ਦਿਵਿਆਂਗ ਵਿਦਿਆਰਥੀਆਂ ਲਈ ਰਾਜਨੀਤੀ ਸ਼ਾਸਤਰ ਦੀ ਪ੍ਰੀਖਿਆ ’ਚ ਕੌਮੀ ਰਾਜਨੀਤਿਕ ਪਾਰਟੀਆਂ ਤੇ ਉਨ੍ਹਾਂ ਦੇ ਚਿੰਨ੍ਹਾਂ ਬਾਰੇ ਪੁੱਛਿਆ ਗਿਆ ਸੀ। ਇਸ ਤੋਂ ਇਲਾਵਾ ਭਾਜਪਾ ਬਾਰੇ ਨੋਟ ਲਿਖਣ ਲਈ ਕਿਹਾ ਗਿਆ ਸੀ। ਇਸੇ ਤਰ੍ਹਾਂ ਮਾਰਚ 2023 ਵਿੱਚ ਰਾਜਨੀਤਕ ਸ਼ਾਸਤਰ ਦੇ ਸਪਲੀਮੈਂਟਰੀ ਵਿਸ਼ੇ ਦੀਆਂ ਪ੍ਰੀਖਿਆਵਾਂ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਬਾਰੇ ਪ੍ਰਸ਼ਨ ਪੁੱਛਿਆ ਗਿਆ ਸੀ।
ਪੰਜਾਬੀ ਟ੍ਰਿਬਯੂਨ
test