ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਦਘਾਟਨ ਸਮਾਗਮ ਦੁਪਹਿਰ ਕਰੀਬ 3 ਵਜੇ ਹੋਵੇਗਾ।
15 ਜੁਲਾਈ, 2026 – ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਜੁਲਾਈ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ ਚਾਰ ਮੁੜ ਵਿਕਸਤ ਰੇਲਵੇ ਸਟੇਸ਼ਨਾਂ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਦਘਾਟਨ ਸਮਾਗਮ ਦੁਪਹਿਰ ਕਰੀਬ 3 ਵਜੇ ਹੋਵੇਗਾ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ, ਜਦਕਿ ਐੱਸ.ਏ.ਐੱਸ. ਨਗਰ (ਮੋਹਾਲੀ), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੜ ਵਿਕਸਤ ਰੇਲਵੇ ਸਟੇਸ਼ਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਰਾਸ਼ਟਰ ਨੂੰ ਸਮਰਪਿਤ ਕੀਤਾ ਜਾਵੇਗਾ।
ਯਾਤਰੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਬਣਾਇਆ ਗਿਆ ਹੈ। ਸਟੇਸ਼ਨਾਂ ‘ਤੇ ਵਿਸ਼ਾਲ ਕਾਂਕੋਰਸ, ਆਧੁਨਿਕ ਉਡੀਕ ਹਾਲ, ਅਪਗ੍ਰੇਡ ਕੀਤੇ ਪਲੇਟਫਾਰਮ, ਲਿਫਟਾਂ, ਐਸਕੇਲੇਟਰ, ਦਿਵਿਆਂਗਾਂ ਲਈ ਸੁਗਮ ਪਹੁੰਚ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਥਾਨਕ ਵਿਰਾਸਤ ਅਤੇ ਵਾਸਤੂਕਲਾ ਨੂੰ ਵੀ ਡਿਜ਼ਾਈਨ ਦਾ ਹਿੱਸਾ ਬਣਾਇਆ ਗਿਆ ਹੈ।
ਕੇਂਦਰ ਸਰਕਾਰ ਦੀ ਬੁਨਿਆਦੀ ਢਾਂਚੇ ‘ਤੇ ਫੋਕਸ: ਢਿੱਲੋਂ
ਭਾਜਪਾ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਕੇਂਦਰ ਸਰਕਾਰ ਨੇ ਰੇਲਵੇ, ਸੜਕਾਂ, ਐਕਸਪ੍ਰੈੱਸਵੇਅ, ਹਵਾਈ ਅੱਡਿਆਂ, ਮੈਟਰੋ ਨੈੱਟਵਰਕ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਭਾਰਤੀ ਰੇਲਵੇ ਨੂੰ ਆਧੁਨਿਕ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ, ਸੈਰ-ਸਪਾਟੇ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵੀ ਹੁਲਾਰਾ ਮਿਲੇਗਾ।
ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰੇਲ, ਸੜਕ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਰਾਹੀਂ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।
ETV BHARAT