18 ਮਾਰਚ, 2025 – ਮੁਕੇਰੀਆਂ : ਭਗਵੰਤ ਮਾਨ ਸਰਕਾਰ ਵੱਲੋਂ ਤਿੰਨ ਸਾਲ ਬਾਅਦ ਵੀ ਔਰਤਾਂ ਨਾਲ ਕੀਤੇ 1000 ਰੁਪਏ ਪ੍ਰਤੀ ਮਹੀਨਾ ਦੇਣ ਸਣੇ ਹੋਰ ਗਾਰੰਟੀਆਂ ਪੂਰੀਆਂ ਨਾ ਕਰਨ ਖ਼ਿਲਾਫ਼ ਭਾਜਪਾ ਵੱਲੋਂ ਬੱਸ ਅੱਡੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ‘ਆਪ’ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ‘ਆਪ’ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ, ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ, ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਣ, ਵਪਾਰੀਆ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਸਣੇ ਬੇਅਬਦੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਾਅਦੇ ਦੇ ਉਲਟ ਖਣਨ ਮਾਫੀਆ ਨੇ ਵਾਹੀਯੋਗ ਜ਼ਮੀਨਾਂ ਤਬਾਹ ਕਰ ਦਿੱਤੀਆਂ ਹਨ। ਪ੍ਰਸ਼ਾਸਨ ਤੇ ਸਰਕਾਰ ਕਰੱਸ਼ਰ ਮਾਫੀਆ ਅੱਗੇ ਬੇਵੱਸ ਨਜ਼ਰ ਆ ਰਹੀ ਹੈ। ਮੁਹੱਲਾ ਕਲੀਨਿਕਾਂ ਰਾਹੀਂ ਕੇਂਦਰ ਦੇ ਫੰਡਾਂ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਅਮਨ ਕਨੂੰਨ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ। ਕਿਸਾਨਾ ਨੂੰ ਕੁੱਟਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਘੁਨਾਥ ਸਿੰਘ ਰਾਣਾ, ਜ਼ਿਲ੍ਹਾ ਉਪ ਪ੍ਰਧਾਨ ਵਿਕਾਸ ਮਨਕੋਟੀਆ, ਜ਼ਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਪੱਲਵੀ ਸ਼ਰਮਾ ਆਦਿ ਵੀ ਹਾਜ਼ਰ ਸਨ।
ਬਲਾਚੌਰ (ਬਹਾਦਰਜੀਤ ਸਿੰਘ/ ਗੁਰਦੇਵ ਸਿੰਘ ਗਹੂੰਣ): ਪੰਜਾਬ ਵਿੱਚ ‘ਆਪ’ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਭਾਜਪਾ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਕੰਗਣਾ ਪੁਲ ਬਲਾਚੌਰ ’ਤੇ ਇਕੱਠ ਕੀਤਾ ਗਿਆ। ਭਾਜਪਾ ਆਗੂਆਂ ਨੇ ਸਰਕਾਰ ਦੇ ਵਿਰੋਧ ਵਿਚ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਪ੍ਰਦਰਸ਼ਨ ਕੀਤਾ। ਰਾਜਵਿੰਦਰ ਸਿੰਘ ਲੱਕੀ ਨੇ ਆਖਿਆ ਕਿ ਲੋਕਾਂ ਨੂੰ ਸਬਜ਼ਬਾਗ਼ ਦਿਖਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਇਸ ਮੌਕੇ ਨਰਿੰਦਰ ਸੂਦਨ, ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ, ਸ਼ਿਵ ਕੁਮਾਰ ਸ਼ਰਮਾ, ਸੰਜੀਵ ਗੌਤਮ ਆਦਿ ਅਤੇ ਅਮਨ ਕੁਮਾਰ ਐਡਵੋਕੇਟ, ਦਿਨੇਸ਼ ਕੁਮਾਰ ਸ਼ਰਮਾ ਐਡਵੋਕੇਟ, ਸੋਨੂ ਭਾਟੀਆ, ਵਰਿੰਦਰ ਸੈਣੀ ਅਤੇ ਭੁਪਿੰਦਰ ਸਿੰਘ ਆਦਿ ਭਾਜਪਾ ਆਗੂ ਵੀ ਮੌਜੂਦ ਸਨ।
‘ਆਪ’ ’ਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼
ਪਠਾਨਕੋਟ : ‘ਆਪ’ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਿੱਚ ਅੱਜ ਭਾਜਪਾ ਨੇ ਸੁਜਾਨਪੁਰ ਅਤੇ ਤਾਰਾਗੜ੍ਹ ਵਿੱਚ ਪ੍ਰਦਰਸ਼ਨ ਕੀਤੇ। ਸੁਜਾਨਪੁਰ ਵਿੱਚ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਜਦੋਂਕਿ ਤਾਰਾਗੜ੍ਹ ਵਿੱਚ ਸਾਬਕਾ ਵਿਧਾਇਕ ਸੀਮਾ ਕੁਮਾਰੀ ਨੇ ਅਗਵਾਈ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਗੋਲੀਆਂ, ਲੜਾਈ-ਝਗੜੇ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਬਣੀ ਹੋਈ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਇਹ ਘਟਨਾਵਾਂ ਰੋਕਣ ਵਿੱਚ ਅਸਫਲ ਹੋਈ ਹੈ। ਇਥੇ ਹੀ ਬੱਸ ਨਹੀਂ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਜੋ ਵਾਅਦੇ ਕੀਤੇ ਸਨ, ਉਹ ਵੀ ਪੂਰੇ ਨਹੀਂ ਕੀਤੇ ਗਏ। ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।
ਪੰਜਾਬੀ ਟ੍ਰਿਬਯੂਨ
test