06 ਮਈ, 2025 – ਮਾਨਸਾ : ਭਾਵੇਂ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਵੱਲੋਂ ਮੀਂਹਾਂ ਤੋਂ ਬਚਾਅ ਲਈ ਮੀਟਿੰਗ ਕਰਕੇ ਅਗੇਤੇ ਪ੍ਰਬੰਧਾਂ ਦੇ ਆਦੇਸ਼ ਦਿੱਤੇ ਗਏ ਸਨ, ਪਰ ਬੀਤੀ ਰਾਤ ਪਏ ਪਹਿਲੇ ਮੀਂਹ ਨੇ ਮਾਨਸਾ ਨੂੰ ਜਲ-ਥਲ ਕਰ ਦਿੱਤਾ। ਨਗਰ ਕੌਸਲ ਅਤੇ ਸੀਵਰੇਜ ਬੋਰਡ ਦੇ ਸਾਰੇ ਪ੍ਰਬੰਧ ਧਰੇ-ਧਰਾਏ ਰਹਿ ਗਏ। ਦੇਰ ਸ਼ਾਮ ਤੱਕ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਚਾਰ-ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਸੀ। ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਓਵਰਬ੍ਰਿੱਜ ਵਿੱਚ ਮੀਂਹ ਦਾ ਇਹ ਪਾਣੀ ਭਰ ਗਿਆ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਬੀਤੀ ਰਾਤ ਪਏ ਇਸ ਮੀਂਹ ਨਾਲ ਮਾਨਸਾ ਦੀਆਂ ਸਾਰੀਆਂ ਨੀਵੀਂਆਂ ਬਸਤੀਆਂ ਵਿੱਚ ਪਾਣੀ ਭਰ ਗਿਆ, ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਈ ਮੁਹੱਲਿਆਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ ਗਿਆ। ਲੋਕ ਇਸ ਸਬੰਧੀ ਲੋੜੀਂਦੇ ਬੰਦੋਬਸਤ ਕਰਦੇ ਹੋਏ ਪ੍ਰਸ਼ਾਸਨ ਨੂੰ ਕੋਸ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵਾਰ ਬਾਰਸ਼ਾਂ ਦੇ ਦਿਨਾਂ ਦੌਰਾਨ ਸ਼ਹਿਰ ਦਾ ਬੁਰਾ ਹਾਲ ਹੋ ਜਾਂਦਾ ਹੈ।
ਮੀਂਹ ਕਾਰਨ ਮਾਨਸਾ ਬੱਸ ਸਟੈਂਡ ਤੋਂ ਸਾਰੇ ਮੁੱਖ ਬਾਜ਼ਾਰ ਅਤੇ ਸ਼ਹਿਰ ਦੀਆਂ ਬਹੁਤੀਆਂ ਗਲੀਆਂ ਪਾਣੀ ਨਾਲ ਨੱਕੋ-ਨੱਕ ਭਰੀਆਂ ਪਈਆਂ ਸਨ। ਬੀਤੀ ਰਾਤ ਪਏ ਮੀਂਹ ਦਾ ਪਾਣੀ ਬਹੁਤੇ ਮੁੱਖ ਮਾਰਗਾਂ ’ਤੇ ਅੱਜ ਬਾਅਦ ਦੁਪਹਿਰ ਤੱਕ ਮੇਲਦਾ ਰਿਹਾ, ਜਿਸ ਕਾਰਨ ਸਕੂਲੀ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਸ਼ਹਿਰ ਕੰਮਾਂ-ਕਾਰਾਂ ਲਈ ਆਮ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
ਸੰਵਿਧਾਨ ਬਚਾਓ ਮੰਚ ਦੇ ਆਗੂ ਐਡਵੋਕੇਟ ਬਲਕਰਨ ਬੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦਾ ਵਿਕਾਸ ਕਰਨ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਅੱਜ ਪਏ ਪਹਿਲੇ ਮੀਂਹ ਨਾਲ ਸ਼ਹਿਰ ਅੰਦਰ ਥਾਂ-ਥਾਂ ਪਾਣੀ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਅੰਦਰ ਖੜ ਰਹੇ ਪਾਣੀ ਦਾ ਕੋਈ ਠੋਸ ਹੱਲ ਨਹੀਂ ਕਰ ਰਿਹਾ ਸਿਰਫ ਖਾਨਾਪੂਰਤੀ ਕਰ ਰਿਹਾ ਹੈ।
ਨਗਰ ਕੌਸਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਨੇ ਕਿਹਾ ਕਿ ਭਾਰੀ ਬਾਰਸ਼ ਕਾਰਨ ਇੱਕ ਵਾਰ ਤਾਂ ਸ਼ਹਿਰ ਵਿਚ ਪਾਣੀ ਭਰ ਵੀ ਜਾਂਦਾ ਹੈ ਪਰ ਇਸ ਨੂੰ ਕੱਢਣ ਲਈ ਪ੍ਰਸ਼ਾਸਨ ਨੇ ਭਰਪੂਰ ਉਪਰਾਲੇ ਆਰੰਭ ਕੀਤੇ ਹੋਏ ਹਨ।
ਪੰਜਾਬੀ ਟ੍ਰਿਬਯੂਨ
test