ਪੁਲੀਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ’ਚ ਲਏ
02 ਜੁਲਾਈ, 2025 – ਮੁਹਾਲੀ : ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੁਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅੱਜ ਜਿਵੇਂ ਹੀ ਚੰਡੀਗੜ੍ਹ-ਮੁਹਾਲੀ ਸਰਹੱਦ ਨੇੜੇ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸੁਖਬੀਰ ਬਾਦਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ‘ਸ਼ਾਂਤਮਈ ਵਿਰੋਧ ਪ੍ਰਦਰਸ਼ਨ’ ਲਈ ਮੁਹਾਲੀ ਦੇ ਫੇਜ਼ 8 ਵਿਚਲੇ ਗੁਰਦੁਆਰਾ ਅੰਬ ਸਾਹਿਬ ਜਾ ਰਹੇ ਸਨ, ਜਿੱਥੇ ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ। ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਵਰਕਰਾਂ ਨੂੰ ਇੱਕ ਬੱਸ ਵਿੱਚ ਮੁਹਾਲੀ ਪੁਲੀਸ ਥਾਣੇ ਲਿਜਾਇਆ ਗਿਆ।
ਬਾਦਲ ਨੇ ਕਿਹਾ ਕਿ ਉਹ ਅੰਬ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਉਨ੍ਹਾਂ ਨੇ ਪੰਜਾਬੀਆਂ ਦੇ ਜਮਹੂਰੀ ਹੱਕਾਂ ਦਾ ਕਤਲ ਕਰਨ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ।
ਜਦੋਂ ਪੁਲੀਸ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਉਨ੍ਹਾਂ ਕੋਲ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਹਨ, ਤਾਂ ਅਕਾਲੀ ਆਗੂ ਨੇ ਸਵਾਲ ਕੀਤਾ, ‘‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਕਿਸ ਦੇ ਹੁਕਮ ਹਨ?’’
ਇਸ ਤੋਂ ਪਹਿਲਾਂ ਅੱਜ ਦਿਨੇਂ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਉਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਉਹ ਇਸ ਦਾ ਲੋਕ ਲਹਿਰ ਬਣਾ ਕੇ ਡਟ ਕੇ ਜਵਾਬ ਦੇਣਗੇ।
ਪੰਜਾਬੀ ਟ੍ਰਿਬਯੂਨ
test