13 ਅਗਸਤ, 2025 – ਬਠਿੰਡਾ/ਮਾਨਸਾ : ਪੰਜਾਬ ਸਰਕਾਰ ਵੱਲੋਂ ਕਥਿਤ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ-ਮਟੋਲ ਖ਼ਿਲਾਫ਼ ਡੈਮੋਕਰੈਟਿਕ ਟੀਚਰ ਫਰੰਟ ਬਠਿੰਡਾ ਨੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਨੀਲ ਗਰਗ ਦੀ ਰਿਹਾਇਸ਼ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ। ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੂਆਣਾ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ ਹਥਿਆਉਣ ਵਾਲੀ ‘ਆਪ’ ਸਰਕਾਰ ਵੱਲੋਂ ਆਪਣੇ ਸੱਤਾ ਕਾਲ ਦੇ ਸਾਢੇ ਤਿੰਨ ਸਾਲ ਬੀਤਣ ’ਤੇ ਵੀ ਡੱਕਾ ਦੂਹਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਪੰਜਾਬ ਦੇ ਲਗਪਗ ਸਾਢੇ ਤਿੰਨ ਲੱਖ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਨਿਗੂਣੀ ਪੈਨਸ਼ਨ ਲੈਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਤਰਜ਼ ’ਤੇ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਦਿਨ ਲਈ ਵਿਧਾਇਕ ਜਾਂ ਮੰਤਰੀ ਬਣਿਆਂ ਵਿਅਕਤੀ ਪੈਨਸ਼ਨ ਲੈਣ ਦਾ ਹੱਕਦਾਰ ਹੈ, ਪ੍ਰੰਤੂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਵਿਦਿਆਰਥੀਆਂ ਦੇ ਲੇਖੇ ਲਾਉਣ ਵਾਲਾ ਅਧਿਆਪਕ ਨਿਗੂਣੀ ਜਿਹੀ ਪੈਨਸ਼ਨ ਲੈਣ ਲਈ ਮਜ਼ਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ, ਐਨਐਸਕਿਊਐਫ਼ ਅਧਿਆਪਕ, ਮੈਰੀਟੋਰੀਅਸ ਸਕੂਲਾਂ ਦੇ ਦੇ ਵਾਲੰਟੀਅਰ ਅਧਿਆਪਕਾਂ ਤੋਂ ਪੈਨਸ਼ਨ ਦਾ ਹੱਕ ਖੋਹ ਲਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਸੇ ਦੌਰਾਨ ਮਾਨਸਾ ’ਚ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦੇਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਇਨ੍ਹਾਂ ਧਰਨਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਵਜੋਂ ਸਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਝੂਠੇ ਪੈਨਸ਼ਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਮਾਨਸਾ ਵਿੱਚ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਮੁਕਤਸਰ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਦੀ ਪੰਡ ਨੂੰ ਲਾਂਬੂ ਲਾਇਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਦੋਸ਼ ਲਾਇਆ ਕਿ ਕਿ ਆਪ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਅਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਗਰੰਟੀ ਵੀ ਕੀਤੀ ਗਈ ਸੀ ਪ੍ਰੰਤੂ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ।
ਕੁਲਤਾਰ ਸੰਧਵਾਂ ਦੀ ਰਿਹਾਇਸ਼ ਅੱਗੇ ਸਰਕਾਰ ਦਾ ਪੁਤਲਾ ਫੂਕਿਆ
ਕੋਟਕਪੂਰਾ: ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੀਤੀ ਜਾ ਰਹੀ ਟਾਲ ਮਟੋਲ ਖ਼ਿਲਾਫ਼ ਫਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫਰੀਦਕੋਟ ਦੇ ਸੱਦੇ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਦੋਸ਼ ਲਾਇਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਯੂਨੀਫਾਈਡ (ਯੂ.ਪੀ.ਐੱਸ.) ਪੈਨਸ਼ਨ ਸਕੀਮ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਜ਼ਿਲ੍ਹਾ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਬਰਾੜ , ਗੁਰਸੇਵਕ ਸਿੰਘ, ਰਵਿੰਦਰਪਾਲ ਰਿੰਪੀ, ਜਸਪ੍ਰੀਤ ਸਿੰਘ ਸੰਧੂ ਅਤੇ ਵਿੱਤ ਸਕੱਤਰ ਪਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਇਸ ਮੌਕੇ ਆਗੂਆਂ ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਅਤੇ ਪ੍ਰੀਤ ਭਗਵਾਨ ਨੇ ਵੀ ਸੰਬੋਧਨ ਕੀਤਾ।
ਪੰਜਾਬੀ ਟ੍ਰਿਬਯੂਨ