ਇਨਸਾਫ ਲਈ ਪਰਿਵਾਰਿਕ ਮੈਂਬਰਾਂ ਨੇ ਨੌਜਵਾਨਾਂ ਦੀਆਂ ਲਾਸ਼ਾਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਰੱਖ ਕੇ ਆਵਾਜਾੲੀ ਕੀਤੀ ਜਾਮ; ਦੋ ਦਿਨ ਪਹਿਲਾਂ ਵੀ ਨਸ਼ੇ ਕਾਰਨ ਇਕ ਨੌਜਵਾਨ ਦੀ ਹੋਈ ਸੀ ਮੌਤ
04 ਅਕਤੂਬਰ, 2025 – ਮਮਦੋਟ : Drug overdose ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਰਮਨਦੀਪ ਸਿੰਘ ਪੁੱਤਰ ਬਚਿੱਤਰ ਸਿੰਘ, ਉਮੈਦ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਲੱਖੋ ਕੇ ਬਹਿਰਾਮ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੇ ਆਦੀ ਸਨ ਅਤੇ ਰਾਤ ਨੂੰ ਵੀ ਉਨ੍ਹਾਂ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਤੋਂ ਇਲਾਵਾ ਬੀਤੇ ਕੱਲ੍ਹ ਵੀ ਇਕ ਨੌਜਵਾਨ ਸੰਦੀਪ ਸਿੰਘ ਪੁੱਤਰ ਵੀਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ ਜੋ ਦੋ ਸਾਲ ਦੀ ਲੜਕੀ ਦਾ ਪਿਤਾ ਸੀ| ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪਿੰਡ ਵਿੱਚ ਖੁੱਲ੍ਹੇ ਮੈਡੀਕਲ ਸਟੋਰਾਂ ’ਤੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਬੰਦ ਕਰਵਾਏ ਜਾਣ।
ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ’ਤੇ ਰੱਖ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਪੰਜਾਬ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਕਿਹਾ ਕਿ ਗੁਰੂਹਰਸਹਾਏ ਹਲਕੇ ਵਿਚ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰੰਤੂ ਪੁਲੀਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਸ ਮੌਕੇ ਪਹੁੰਚੇ ਪੁਲੀਸ ਅਧਿਕਾਰੀ ਐੱਸ ਪੀ ਡੀ ਮਨਜੀਤ ਸਿੰਘ ਨੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਬਿਆਨ ਦਰਜ ਕਰਵਾਓ ਤਾਂ ਹੀ ਮੈਡੀਕਲ ਸਟੋਰਾਂ ’ਤੇ ਕਾਰਵਾਈ ਕੀਤੀ ਜਾਵੇਗੀ। ਪੁਲੀਸ ਵੱਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।
ਪੰਜਾਬੀ ਟ੍ਰਿਬਯੂਨ
ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ
ਇੱਕ ਦਿਨ ਪਹਿਲਾਂ ਵੀ ਇੱਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਸੀ ਮੌਤ
ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
https://www.punjabitribuneonline.com/news/punjab/three-youths-die-due-to-drug-overdose/