ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾਡ਼ੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਸਮਾਗਮ
17 ਅਕਤੂਬਰ 2025 – ਨਾਂਦੇੜ : ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਅਗਲੇ ਮਹੀਨੇ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਨਾਂਦੇੜ ਪ੍ਰਸ਼ਾਸਨ ਨੂੰ ਵੱਡੀ ਗਿਣਤੀ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
ਜ਼ਿਲ੍ਹਾ ਕੁਲੈਕਟਰ ਰਾਹੁਲ ਕਾਰਡਿਲੇ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤਾ ਕਿ ਤੈਅ ਸਮੇਂ ਅੰਦਰ ਅਤੇ ਆਪਸੀ ਤਾਲਮੇਲ ਨਾਲ ਆਪੋ-ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕੀਤੀਆਂ ਜਾਣ ਤਾਂ ਕਿ ਸਮਾਗਮ ਨੂੰ ਸਫਲ ਬਣਾਇਆ ਜਾ ਸਕੇ। ਸਮਾਗਮ ਦੀਆਂ ਤਿਆਰੀਆਂ ’ਤੇ ਚਰਚਾ ਲਈ ਜ਼ਿਲ੍ਹਾ ਕੁਲੈਕਟਰ ਦਫ਼ਤਰ ’ਚ ਨਜ਼ਰਸਾਨੀ ਮੀਟਿੰਗ ਕੀਤੀ ਗਈ। ਅਧਿਕਾਰੀਆਂ ਨੂੰ ਨਾਂਦੇੜ ’ਚ ਕਰਵਾਏ ਜਾਣ ਵਾਲੇ ਸਮਾਗਮ ’ਚ ਲਗਪਗ ਪੰਜ ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਲਈ ਰਿਹਾਇਸ਼, ਖਾਣੇ ਤੇ ਪਾਰਕਿੰਗ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਬਿਆਨ ’ਚ ਕਿਹਾ ਕਿ ਨੌਂਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਜ਼ਿਲ੍ਹੇ ਭਰ ਦੇ ਸਕੂਲਾਂ ਕਾਲਜਾਂ, ਮੈਰਿਜ ਪੈਲੇਸਾਂ ਤੇ ਗਰਾਊਂਡਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ’ਚ ਕਿਹਾ ਗਿਆ ਕਿ ਛਤਰਪਤੀ ਸੰਭਾਜੀਨਗਰ, ਨਾਂਦੇੜ, ਪਰਭਨੀ, ਜਾਲਨਾ, ਲਾਤੂਰ, ਧਾਰਾਸ਼ਿਵ, ਹਿੰਗੋਲੀ, ਬੀੜ, ਨੰਦੂਰਬਾਰ, ਧੂਲੇ ਤੇ ਜਲਗਾਓਂ ਸਣੇ ਮਹਾਰਾਸ਼ਟਰ ਦੀਆਂ ਵੱਖ-ਵੱਖ ਥਾਵਾਂ ਤੋਂ ਲੋਕਾਂ ਦੇ ਇਸ ਸਮਾਗਮ ’ਚ ਸ਼ਾਮਿਲ ਹੋਣ ਦੀ ਉਮੀਦ ਹੈ।
ਬਿਆਨ ਮੁਤਾਬਿਕ ਕੁਲੈਕਟਰ ਨੇ ਰੇਲਗੱਡੀਆਂ, ਬੱਸਾਂ ਤੇ ਨਿੱਜੀ ਵਾਹਨਾਂ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਲਈ ਆਵਾਜਾਈ ਯੋਜਨਾਵਾਂ ਦੀ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਤੇ ਨਾਲੀਆਂ ਦੀ ਮੁਰੰਮਤ ਦੇ ਕੰਮਾਂ ’ਚ ਤੇਜ਼ੀ ਲਿਆਉਣ, ਹੈਲੀਪੈਡ, ਪੰਡਾਲ, ਮੈਦਾਨ ਤਿਆਰ ਕਰਨ ਤੇ ਆਰਜ਼ੀ ਸਫ਼ਾਈ ਸਹੂਲਤਾਂ ਉਪਲਬਧ ਕਰਵਾਉਣ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।
ਪੰਜਾਬੀ ਟ੍ਰਿਬਯੂਨ