ਪਰਿਵਾਰ ਨੇ ਦੋ ਘੰਟੇ ਸਮਾਣਾ-ਗੱਜੂਮਾਜਰਾ ਸੜਕ ਜਾਮ ਕਰ ਕੇ ਕੀਤਾ ਪ੍ਰਦਰਸ਼ਨ
10 ਨਵੰਬਰ, 2025 – ਸਮਾਣਾ : 18 ਸਾਲਾ ਨੌਜਵਾਨ ਪੰਕਜ ਦੀ ਬੀਤੇ ਦਿਨੀਂ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਦਾ ਗੁੱਸਾ ਭੜਕ ਗਿਆ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਉਨ੍ਹਾਂ ਨੇ ਵੜੈਚਾਂ ਪੱਤੀ ਵਿੱਚ ਸਮਾਣਾ-ਗੱਜੂਮਾਜਰਾ ਸੜਕ ’ਤੇ ਦੋ ਘੰਟੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੁਲੀਸ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੰਕਜ ਦੇ ਪਿਤਾ ਵਿਨੋਦ ਨੇ ਦੱਸਿਆ ਕਿ ਉਸ ਦਾ ਪੁੱਤਰ ਬੀਤੀ ਸਵੇਰ ਬੇਹੋਸ਼ੀ ਦੀ ਹਾਲਤ ਵਿੱਚ ਮਲਕਾਨਾ ਪੱਤੀ ’ਚੋਂ ਮਿਲਿਆ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਤਵਾਰ ਨੂੰ ਜਦੋਂ ਵਾਰਸ ਆਪਣੇ ਘਰ ਨੇੜੇ ਬਸਤੀ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਲਾਸ਼ ਸੜਕ ’ਤੇ ਰੱਖ ਕੇ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ।
ਇਸ ਤੋਂ ਬਾਅਦ ਵਾਰਸਾਂ ਨੇ ਸੜਕ ’ਤੇ ਧਰਨਾ ਲਾ ਕੇ ਸਰਕਾਰ ਅਤੇ ਪੁਲੀਸ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਨਸ਼ਾ ਤਸਕਰਾਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਿਟੀ ਪੁਲੀਸ ਦੇ ਐੱਸ ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਪੰਕਜ ਗਲਤ ਸੰਗਤ ਵਿੱਚ ਪੈ ਕੇ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਹੋ ਗਿਆ ਸੀ। ਉਸ ਨੂੰ ਦੋ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ। ਸ਼ੁੱਕਰਵਾਰ ਰਾਤ ਨੂੰ ਉਹ ਆਪਣੇ ਦੋਸਤ ਨਾਲ ਘਰੋਂ ਗਿਆ ਸੀ ਅਤੇ ਅਗਲੀ ਸਵੇਰ ਬੇਹੋਸ਼ ਮਿਲਿਆ। ਅਧਿਕਾਰੀ ਨੇ ਕਿਹਾ ਕਿ ਵਾਰਸਾਂ ਦੀ ਬੇਨਤੀ ’ਤੇ ਪੁਲੀਸ ਨੇ ਲਾਸ਼ ਪੋਸਟਮਾਰਟਮ ਕਰਵਾਏ ਬਿਨਾਂ ਹੀ ਉਨ੍ਹਾਂ ਹਵਾਲੇ ਕਰ ਦਿੱਤੀ ਸੀ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬੀ ਟ੍ਰਿਬਯੂਨ