ਪੰਜਾਬ ਕੇਸਰੀ ਗਰੁੱਪ ਵੱਲੋਂ ਨਿਸ਼ਾਨਾ ਬਣਾਏ ਜਾਣ ਦੇ ਦਾਅਵੇ ਤੋਂ ਬਾਅਦ ਮਾਮਲਾ ਭਖਿਆ
16 ਜਨਵਰੀ, 2026 – ਜਲੰਧਰ : ਪੰਜਾਬ ਵਿੱਚ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਪ੍ਰੈੱਸ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਕੇਸਰੀ ਅਖ਼ਬਾਰ ਸਮੂਹ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਕਿ ਐਨਫੋਰਸਮੈਂਟ ਅਥਾਰਟੀਆਂ ਵੱਲੋਂ ਵਾਰ-ਵਾਰ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਧਰ ਪੰਜਾਬ ਸਰਕਾਰ ਨੇ ਦੇਰ ਸ਼ਾਮ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਪੰਜਾਬ ਕੇਸਰੀ ਗਰੁੱਪ ਦੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਸੱਤਾਧਾਰੀ ‘ਆਪ’ ਮੀਡੀਆ ਨੂੰ ਚੁੱਪ ਕਰਾਉਣ ਲਈ ਰਾਜ ਦੀ ਸ਼ਕਤੀ ਦੀ ਵਰਤੋਂ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਪੱਤਰਕਾਰਾਂ ਵਿਰੁੱਧ ਐਫਆਈਆਰ ਤੋਂ ਲੈ ਕੇ ਇਸ਼ਤਿਹਾਰ ਰੋਕਣ ਤੱਕ, ਇਹ ਸਭ ਇੱਕ ਨਿਸ਼ਚਿਤ ਪੈਟਰਨ ਤਹਿਤ ਹੋ ਰਿਹਾ ਹੈ। ਜਦਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ‘ਮੀਡੀਆ ਦੀ ਆਜ਼ਾਦੀ ‘ਤੇ ਹਮਲੇ’ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦਾ ਇੱਕ ਵਫ਼ਦ ਇਸ ਸਬੰਧੀ 17 ਜਨਵਰੀ ਨੂੰ ਰਾਜਪਾਲ ਨਾਲ ਮੁਲਾਕਾਤ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਖ਼ਬਾਰੀ ਸਮੂਹ ‘ਤੇ ਕਾਰਵਾਈ ਦੀ ਨਿੰਦਾ ਕਰਦਿਆਂ ‘X’ ‘ਤੇ ਪੋਸਟ ਕੀਤਾ,”ਜਦੋਂ ਸਰਕਾਰਾਂ ਘਬਰਾਈਆਂ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੀ ਹਾਰ ਸਾਫ਼ ਦਿਖਾਈ ਦਿੰਦੀ ਹੈ, ਤਾਂ ਸਭ ਤੋਂ ਪਹਿਲਾਂ ਸੁਤੰਤਰ ਮੀਡੀਆ ਅਤੇ ਵਿਰੋਧੀ ਪਾਰਟੀਆਂ ‘ਤੇ ਹਮਲੇ ਕੀਤੇ ਜਾਂਦੇ ਹਨ।”
ਅਖ਼ਬਾਰ ਸਮੂਹ ਦਾ ਦਾਅਵਾ ਹੈ ਕਿ ਇਹ ਛਾਪੇਮਾਰੀ ‘ਆਪ’ ਦੇ ਕੌਮੀ ਕਨਵੀਨਰ ਵਿਰੁੱਧ ਵਿਰੋਧੀ ਧਿਰ ਦੇ ਦੋਸ਼ਾਂ ‘ਤੇ ਆਧਾਰਿਤ ਇੱਕ ‘ਸੰਤੁਲਿਤ’ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਬਾਅਦ ਸ਼ੁਰੂ ਹੋਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ‘ਬਹੁਤ ਹੀ ਘਿਨਾਉਣੀ ਅਤੇ ਨਿੰਦਣਯੋਗ’ ਕਾਰਵਾਈ ਦੱਸਦਿਆਂ ਕਿਹਾ ਕਿ ਜੇਕਰ ਪੰਜਾਬ ਕੇਸਰੀ ਵਰਗੇ ਵੱਡੇ ਅਦਾਰੇ ਨਾਲ ਅਜਿਹਾ ਹੋ ਸਕਦਾ ਹੈ,ਤਾਂ ਆਮ ਆਦਮੀ ਦੀ ਹਾਲਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੱਤਾ ਖੋਹਣ ਦੇ ਡਰੋਂ ਪੰਜਾਬ ਸਰਕਾਰ ਮੀਡੀਆ ਨੂੰ ਡਰਾ ਰਹੀ ਹੈ। ਸੁਖਬੀਰ ਬਾਦਲ ਨੇ ਭਗਵੰਤ ਮਾਨ ਦੀ ਤੁਲਨਾ ਐਮਰਜੈਂਸੀ ਦੌਰਾਨ ਇੰਦਰਾ ਗਾਂਧੀ ਦੇ ਵਤੀਰੇ ਨਾਲ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਲਈ ਖੜ੍ਹਾ ਹੈ।
ਪੰਜਾਬੀ ਟ੍ਰਿਬਯੂਨ