ਰਾਜਪਾਲ ਦੀ ਅਗਵਾਈ ਹੇਠ ਫਿਰੋਜ਼ਪੁਰ ’ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ; ਨਸ਼ਾ ਮੁਕਤ ਪੰਜਾਬ ਦੇ ਅਹਿਦ ਨੂੰ ਦਿੱਤਾ ਨਵਾਂ ਜੋਸ਼
11 ਫਰਵਰੀ, 2026 – ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਸਾਰਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਸ਼ਹਿਰ ਤੱਕ ਕੀਤੀ ਗਈ। ਰਾਜਪਾਲ ਨੇ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ। ਇਸ ਪੈਦਲ ਯਾਤਰਾ ਵਿੱਚ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸਣੇ ਸੂਬੇ ਦੀਆਂ ਕਈ ਯੂਨੀਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਸਿਆਸੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ।
ਯਾਤਰਾ ਵਿੱਚ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਐੱਨ ਜੀ ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ। ਰਾਜਪਾਲ ਨੇ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰੇ ’ਚ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ। ਯਾਤਰਾ ਉਪਰੰਤ ਸਕੂਲ ਆਫ ਐਮੀਨੈਂਸ ਵਿੱਚ ਭਾਰੀ ਇਕੱਠ ਵਿੱਚ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੜਾਅ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਨੂੰ ਸਫਲ ਬਣਾਉਣ ਲਈ ਵਿਦਿਅਕ, ਧਾਰਮਿਕ, ਸਮਾਜਿਕ ਅਦਾਰਿਆਂ ਸਣੇ ਸਿਆਸੀ ਪਾਰਟੀਆਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਇਹ ਲੜਾਈ ਲੜਨੀ ਪਵੇਗੀ। ਰਾਜਪਾਲ ਨੇ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ। ਰਾਜਪਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਾਂਝੇ ਤੌਰ ’ਤੇ ਹੀ ਜਿੱਤੀ ਜਾ ਸਕਦੀ ਹੈ ਅਤੇ ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਇਸ ਮਿਸ਼ਨ ਵਿੱਚ ਜਲਦੀ ਸਫ਼ਲਤਾ ਮਿਲੇਗੀ। ਪੇਂਡੂ ਰੱਖਿਆ ਕਮੇਟੀਆਂ ਦੇ ਸੁਝਾਅ ਲੈਣ ਤੋਂ ਬਾਅਦ ਰਾਜਪਾਲ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।
ਰਾਜਪਾਲ ਨੇ ਹੁਸੈਨੀਵਾਲਾ ’ਚ ਰੀਟਰੀਟ ਸੈਰੇਮਨੀ ਵੇਖੀ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਥੇ ਸਥਿਤ ਇਤਿਹਾਸਕ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਬੀ ਕੇ ਦੱਤ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਰਾਜਪਾਲ ਨੇ ਵਾਰ ਮੈਮੋਰੀਅਲ ’ਤੇ ਵੀ ਸ਼ਰਧਾ ਦੇ ਫੁੱਲ ਭੇਟ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ। ਸ੍ਰੀ ਕਟਾਰੀਆ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸੈਰੇਮਨੀ ਵੀ ਵੇਖੀ। ਉਨ੍ਹਾਂ ਨੇ ਸੁਰੱਖਿਆ ਬਲਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਅਤੇ ਦੇਸ਼ ਦੀ ਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕੀਤਾ। ਇਸ ਮੌਕੇ ਰਾਜਪਾਲ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਰੈੱਡ ਕਰਾਸ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ, ਐੱਸ ਐੱਸ ਪੀ ਭੁਪਿੰਦਰ, ਫੌਜ ਦੇ ਅਧਿਕਾਰੀ ਹਾਜ਼ਰ ਸਨ।
ਪੰਜਾਬੀ ਟ੍ਰਿਬਯੂਨ