18 ਫਰਵਰੀ, 2026 – ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗਗਨ, ਜ਼ਿਲ੍ਹਾ ਫਾਜ਼ਿਲਕਾ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਨਾਲ ਸੰਬੰਧਤ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਖ਼ਰਾਬੀ ਆਉਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ ਤਾਰ ਨੂੰ ਮੇਨ ਸਪਲਾਈ ਨਾਲ ਸਿੱਧਾ ਜੋੜ ਦਿੱਤਾ ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਜੂਨੀਅਰ ਇੰਜੀਨੀਅਰ ਮੌਕੇ ‘ਤੇ ਪਹੁੰਚਿਆ ਅਤੇ ਸ਼ਿਕਾਇਤਕਰਤਾ ਖ਼ਿਲਾਫ਼ ਬਿਜਲੀ ਚੋਰੀ ਦਾ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ।
ਬਾਅਦ ਵਿੱਚ ਜਦੋਂ ਸ਼ਿਕਾਇਤਕਰਤਾ ਉਸਦੇ ਦਫ਼ਤਰ ਗਿਆ ਤਾਂ ਦੋਸ਼ੀ ਨੇ ਮਾਮਲਾ ਰਫ਼ਾ-ਦਫ਼ਾ ਕਰਨ ਲਈ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਗੱਲਬਾਤ ਸਬੂਤ ਵਜੋਂ ਰਿਕਾਰਡ ਕਰ ਲਈ। ਬਾਅਦ ਵਿੱਚ ਬਾਰ-ਬਾਰ ਬੇਨਤੀ ਕਰਨ ‘ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ।
ਸ਼ਿਕਾਇਤ ਦੀ ਪ੍ਰਾਰੰਭਿਕ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।
ਪੰਜਾਬੀ ਨਿਊਜ਼ 18