ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਦਾ ਵਿਰੋਧ
18 ਫਰਵਰੀ, 2026 – ਪਟਿਆਲਾ : ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵੱਲੋਂ ਬਿਜਲੀ ਨਿਗਮ ਦੀ ਇਥੇ ਬਡੂੰਗਰ ਵਿਖੇ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਦੇ ਨਾਮ ਤਬਦੀਲ ਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਧੜੇ ਵੱਲੋਂ ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿੱਚ ਰੋਸ ਰੈਲੀਆਂ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ, ਜਿਸ ਦੌਰਾਨ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ, ਕੁਲਵਿੰਦਰ ਸਿੰਘ ਢਿੱਲੋਂ, ਸੁਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸ਼ੋਰ, ਰਵੇਲ ਸਿੰਘ ਸਹਾਏਪੁਰ, ਮਨਜੀਤ ਸਿੰਘ ਚਾਹਲ, ਹਰਮਨਦੀਪ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਤੇ ਸੁਖਵਿੰਦਰ ਸਿੰਘ ਦੁੱਮਣਾ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਪਾਵਰ ਮੈਨੇਜਮੈਂਟ ਅਤੇ ਸਰਕਾਰ ਨਾਲ ਮੰਗਾਂ ਮੰਨਣ ਸਬੰਧੀ ਹੋਏ ਲਿਖਤੀ ਸਮਝੌਤੇ ਦੇ ਨਾਲ ਨਾਲ ਇਹ ਫੈਸਲਾ ਵੀ ਹੋਇਆ ਸੀ ਕਿ ਬਿਜਲੀ ਨਿਗਮ ਦੀ ਜ਼ਮੀਨ ਨਹੀਂ ਵੇਚੀ ਜਾਵੇਗੀ ਪਰ ਨਿਗਮ ਦੀ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਦੇ ਨਾਂ ਤਬਦੀਲ ਕਰ ਦਿੱਤੀ ਹੈ। ਇਸ ਲਈ 28 ਫਰਵਰੀ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸਾਂਝੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਪੰਜਾਬੀ ਟ੍ਰਿਬਯੂਨ