ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
19 ਫਰਵਰੀ, 2026 – ਐਸ ਏ ਐਸ ਨਗਰ (ਮੁਹਾਲੀ) : ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ 31 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੱਕ ਘਟਾਉਣ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਅੱਜ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਕੁਲਦੀਪ ਸਿੰਘ ਤੇ ਵਿਕਾਸ ਕੁਮਾਰ ਨੇ ਕਿਹਾ ਕਿ ਉਹ ਇਸ ਮੌਕੇ ਪੰਜਾਬ ਪੇਅ ਕਮਿਸ਼ਨ ਅਨੁਸਾਰ ਤਨਖ਼ਾਹਾਂ ਲੈ ਰਹੇ ਹਨ ਅਤੇ ਤਨਖ਼ਾਹਾਂ ਦਾ 60 ਫ਼ੀਸਦੀ ਹਿੱਸਾ ਭਾਰਤ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘਟਾਉਣ ’ਤੇ ਅੜੀ ਹੋਈ ਹੈ ਅਤੇ ਕੇਂਦਰ ਸਰਕਾਰ ਤੋਂ ਪੈਸਾ ਲੈ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟ ਕੇ ਸੂਬੇ ਦਾ ਖ਼ਜ਼ਾਨਾ ਭਰਨਾ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਤੋਂ ਬਾਅਦ ਯੂਨੀਅਨ ਆਗੂਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾ ਘਟਾਉਣ ਦੀ ਹਦਾਇਤ ਕੀਤੀ ਗਈ ਸੀ, ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ।
ਇਸ ਮੌਕੇ ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੱਲੋਂ ਡੀ ਐੱਸ ਈ ਸੈਕੰਡਰੀ ਗੁਰਿੰਦਰ ਸਿੰਘ ਸੋਢੀ ਨਾਲ ਮੀਟਿੰਗ ਕਰਵਾਈ, ਜਿਸ ਦੌਰਾਨ ਉਨ੍ਹਾਂ ਵੱਲੋਂ 2018 ਤੋਂ ਰੈਗੂਲਰ ਕਰਨ ਸਬੰਧੀ ਫਾਈਲ ਵਿੱਤ ਵਿਭਾਗ ਨੂੰ ਭੇਜਣ, 18 ਫ਼ਰਵਰੀ ਨੂੰ ਸਕੱਤਰ ਸਕੂਲ ਸਿੱਖਿਆ ਨਾਲ ਅਤੇ 26 ਫ਼ਰਵਰੀ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਉਪਰੰਤ ਮੁਲਾਜ਼ਮਾਂ ਨੇ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ।
ਪੰਜਾਬੀ ਟ੍ਰਿਬਯੂਨ