ਟੈੱਟ ਦੀ ਸ਼ਰਤ ਖ਼ਿਲਾਫ਼ ਸੂਬਾ ਅਤੇ ਕੇਂਦਰ ਸਰਕਾਰਾਂ ਵਿਰੁੱਧ ਮੁਜ਼ਾਹਰਾ
23 ਫਰਵਰੀ, 2026 – ਸ਼੍ਰੀ ਆਨੰਦਪੁਰ ਸਾਹਿਬ : ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਵਿੱਚ ਰੋਸ ਰੈਲੀ ਕੀਤੀ। ਇਸ ਤੋਂ ਬਾਅਦ ਸ਼ਹਿਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ। ਅਧਿਆਪਕ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਭ ਅਧਿਆਪਕਾਂ ਲਈ ਜ਼ਰੂਰੀ ਹੋਣ ਸਬੰਧੀ ਆਏ ਫ਼ੈਸਲੇ ਤੋਂ ਖ਼ਫ਼ਾ ਹਨ। ਅਧਿਆਪਕਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਰੈਲੀ ਤੋਂ ਬਾਅਦ ਬੱਸ ਅੱਡੇ ਦੇ ਬਾਹਰ ਲਗਪਗ ਅੱਧਾ ਘੰਟਾ ਜਾਮ ਵੀ ਲਾਇਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ 27 ਫਰਵਰੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਿਸ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਸਮਾਪਤ ਕੀਤਾ।
ਇਸ ਪ੍ਰਦਰਸ਼ਨ ਦੀ ਅਗਵਾਈ ਅਧਿਆਪਕ ਆਗੂਆਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੈ ਪਾਲ ਸ਼ਰਮਾ, ਸੁਰਿੰਦਰ ਕੰਬੋਜ, ਵਿਕਰਮ ਦੇਵ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਭਜਨ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਜੰਟ ਸਿੰਘ ਵਾਲੀਆ, ਗੁਰਿੰਦਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਹਰੀਕਾ, ਪਤਵੰਤ ਸਿੰਘ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਤਹਿਤ ਨੌਕਰੀਆਂ ’ਤੇ ਲੱਗੇ ਅਧਿਆਪਕਾਂ ਨੂੰ ਟੈੱਟ ਪਾਸ ਕਰਨਾ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਿੱਖਿਆ ਖੇਤਰ ਖ਼ਤਮ ਕਰਨ ਵਾਲੇ ਫ਼ੈਸਲਿਆਂ ਨੂੰ ਹੀ ਅੱਗੇ ਵਧਾਉਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਆਖਿਆ ਸੰਸਦ ਵਿੱਚ ਵਿਰੋਧੀ ਧਿਰ ਨੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਅਤੇ ਦੇਸ਼ ਭਰ ਵਿੱਚ ਅਧਿਆਪਕ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਵੱਲੋਂ ਇਸ ਜਬਰੀ ਥੋਪੇ ਫ਼ੈਸਲੇ ਵਿਰੁੱਧ ਰੀਵਿਊ ਪਟੀਸ਼ਨਾਂ ਪਾਈਆਂ ਗਈਆਂ ਹਨ ਪਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਸੇਵਾ ਸੁਰੱਖਿਅਤ ਕਰਨ ਲਈ ਹੁਣ ਤੱਕ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨਾਲ ਮੀਟਿੰਗ ਵਿੱਚ ਵੀ ਇਸ ਸਮੱਸਿਆ ਦੇ ਸਾਰਥਕ ਹੱਲ ਲਈ ਮੰਤਰੀ ਵੱਲੋਂ ਕੋਈ ਸੰਜੀਦਗੀ ਨਹੀਂ ਦਿਖਾਈ ਗਈ। ਇਸੇ ਦੇ ਚੱਲਦਿਆਂ ਇਹ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ।
ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦ ਕੇ ਇਸ ਜਬਰੀ ਥੋਪੇ ਟੈੱਟ ਵਿਰੁੱਧ ਬਿੱਲ/ਮਤਾ ਪਾਸ ਕਰ ਕੇ ਇਸ ਫ਼ੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਅਦਾਲਤ ਵਿੱਚ ਰੀਵਿਊ ਪਟੀਸ਼ਨ ਦਾਖ਼ਲ ਕੀਤੀ ਜਾਵੇ।
ਪੰਜਾਬੀ ਟ੍ਰਿਬਯੂਨ