ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਕੀਤਾ ਫ਼ੈਸਲਾ
27 ਫਰਵਰੀ, 2026 – ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅੰਤ੍ਰਿੰਗ ਕਮੇਟੀ ਨੇ ਹੈੱਡ ਗ੍ਰੰਥੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਖ਼ਤਮ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵਾਂ ਹੈੱਡ ਗ੍ਰੰਥੀ ਥਾਪਣ ਬਾਰੇ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ ਇਕੱਤਰਤਾ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦੇ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਬਾਰੇ ਕੋਈ ਵੀ ਸਬੂਤ ਪੇਸ਼ ਨਾ ਕਰਨ ਤੇ ਨਿਯਮਾਂ ਦੀ ਅਣਦੇਖੀ ਕਰ ਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰ ਕੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦਾ ਸੇਵਾ ਕਾਲ ਖਤਮ ਹੋਣ ਵਿੱਚ ਅਜੇ ਸਮਾਂ ਬਾਕੀ ਰਹਿੰਦਾ ਹੈ, ਉਂਝ ਉਹ ਪਿਛਲੇ ਕੁਝ ਮਹੀਨਿਆਂ ਤੋਂ ਲੰਮੀ ਛੁੱਟੀ ’ਤੇ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਕਾਰਜਕਾਰੀ ਮੁੱਖ ਗ੍ਰੰਥੀ ਵਜੋਂ ਗਿਆਨੀ ਅਮਰਜੀਤ ਸਿੰਘ ਸੇਵਾਵਾਂ ਨਿਭਾ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਹੈੱਡ ਗ੍ਰੰਥੀ ਨੇ ਮੀਡੀਆ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਢਾਹ ਲੱਗੀ ਹੈ। ਉਨ੍ਹਾਂ ਦਾ ਪ੍ਰੈੱਸ ਵਿੱਚ ਬਿਆਨ ਵੀ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਉਲੰਘਣਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਪੱਕੇ ਹੈੱਡ ਗ੍ਰੰਥੀ ਲਾਉਣ ਦਾ ਮਾਮਲਾ ਅਗਾਂਹ ਭਵਿੱਖ ਵਿੱਚ ਵਿਚਾਰਿਆ ਜਾਵੇਗਾ।
ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਦੋਸ਼ਾਂ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ। 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਪੁਲੀਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ।
ਸਾਰੇ ਸਬੂਤ ਸੰਗਤ ਅੱਗੇ ਰੱਖਾਂਗਾ: ਗਿਆਨੀ ਰਘਬੀਰ ਸਿੰਘ
ਗਿਆਨੀ ਰਘਬੀਰ ਸਿੰਘ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਪਿੱਛੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਤੋਂ ਕੀਤਾ ਗਿਆ ਹੁਕਮਨਾਮਾ ਹੈ। ਉਨ੍ਹਾਂ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਉਹ ਅਕਾਲ ਤਖ਼ਤ ਦੀ ਫ਼ਸੀਲ ਤੋਂ ਕੀਤੇ ਗਏ ਹੁਕਮਨਾਮੇ ’ਤੇ ਦ੍ਰਿੜਤਾ ਨਾਲ ਖੜ੍ਹ ਹਨ। ਇਸੇ ਹੁਕਮਨਾਮੇ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਖਿਲਾਫ਼ ਲਗਾਏ ਗਏ ਦੋਸ਼ਾਂ ਬਾਰੇ ਸਾਰੇ ਸਬੂਤ ਸੰਗਤ ਸਾਹਮਣੇ ਰੱਖਣਗੇ।
ਪੰਜਾਬੀ ਟ੍ਰਿਬਯੂਨ