ਬਾਘਾਪੁਰਾਣਾ ਕਸਬੇ ਦੀ ਮੁੱਖ ਮਾਰਕੀਟ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ਹੈਪੀ ਵਜੋਂ ਹੋਈ ਹੈ।…
07 ਮਾਰਚ, 2026 – ਮੋਗਾ : ਬਾਘਾਪੁਰਾਣਾ ਕਸਬੇ ਦੀ ਮੁੱਖ ਮਾਰਕੀਟ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ਹੈਪੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜ਼ਾਰ ਵਿੱਚ 4 ਹਥਿਆਰਬੰਦ ਹਮਲਾਵਰਾਂ ਦੇ ਇੱਕ ਸਮੂਹ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਚਸ਼ਮਦੀਦਾਂ ਅਨੁਸਾਰ ਸ਼ੂਟਰਾਂ ਨੇ ਨੇੜਿਓਂ ਕਈ ਰਾਉਂਡ ਫਾਇਰ ਕੀਤੇ, ਜਿਸ ਨਾਲ ਸਰਪੰਚ ਨੂੰ ਬਚਣ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਹਮਲਾਵਰ ਭੀੜ ਵਾਲੇ ਬਾਜ਼ਾਰ ਵਿੱਚੋ ਵਾਰਦਾਤ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮੁੱਢਲੀਆਂ ਰਿਪੋਰਟਾਂ ਅਨੁਸਾਰ ਸਰਪੰਚ ਨੂੰ ਹਮਲੇ ਤੋਂ ਕੁਝ ਸਮਾਂ ਪਹਿਲਾਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ ਅਤੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਸੰਕੇਤ ਦਿੱਤਾ ਹੈ ਕਿ ਇਹ ਧਮਕੀਆਂ ਚੱਲ ਰਹੇ ਸਥਾਨਕ ਵਿਵਾਦਾਂ ਨਾਲ ਜੁੜੀਆਂ ਹੋਈਆਂ ਸਨ।
ਐੱਸ ਐੱਸ ਪੀ ਅਜੈ ਗਾਂਧੀ ਨੇ ਦਾਅਵਾ ਕੀਤਾ ਕਿ ਇਹ ਨਿੱਜੀ ਦੁਸ਼ਮਣੀ ਦਾ ਮਾਮਲਾ ਹੈ ਅਤੇ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲੀਸ ਦੀਆਂ ਕਈ ਟੀਮਾਂ ਦੋਸ਼ੀਆਂ ਵੱਲੋਂ ਵਰਤੀ ਗਈ ਗੱਡੀ ਦਾ ਪਿੱਛਾ ਕਰ ਰਹੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ, ਜਿੱਥੇ ਫੋਰੈਂਸਿਕ ਟੀਮਾਂ ਨੇ ਸਬੂਤ ਇਕੱਠੇ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਬਾਜ਼ਾਰ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਨ ਅਤੇ ਪੀੜਤ ਦੇ ਸਾਥੀਆਂ ਦੁਆਰਾ ਦੱਸੀਆਂ ਗਈਆਂ ਹਾਲੀਆ ਧਮਕੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਦੋਸ਼ੀਆਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।
ਦਿਨ-ਦਿਹਾੜੇ ਹੋਏ ਇਸ ਕਤਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ ਅਤੇ ਸਥਾਨਕ ਵਪਾਰੀਆਂ ਤੇ ਨਿਵਾਸੀਆਂ ਨੇ ਦਹਿਸ਼ਤ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਘਟਨਾ ਅਜਿਹੇ ਭੀੜ-ਭੜੱਕੇ ਵਾਲੇ ਖੇਤਰ ਵਿੱਚ ਵਾਪਰੀ ਹੈ ਜਿੱਥੇ ਆਮ ਤੌਰ ‘ਤੇ ਪੁਲੀਸ ਦੀ ਮੌਜੂਦਗੀ ਦੀ ਉਮੀਦ ਕੀਤੀ ਜਾਂਦੀ ਹੈ।
ਪੰਜਾਬੀ ਟ੍ਰਿਬਯੂਨ