ਡੀ ਸੀ ਦਫ਼ਤਰ ਅੱਗੇ ਧਰਨਾ ਦਿੱਤਾ; ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੀ ਚਿਤਾਵਨੀ
09 ਮਾਰਚ, 2026 – ਬਰਨਾਲਾ : ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਅਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।
ਕਿਰਨਦੀਪ ਕੌਰ ਪੰਜੋਲਾ ਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਜੋਕੇ ਮਹਿੰਗਾਈ ਦੇ ਦੌਰ ਵਿੱਚ ਆਸ਼ਾ ਵਰਕਰਾਂ ਨੂੰ ਸਿਜਫ਼ 2500 ਮਹੀਨਾ ਆਨਰੇਰੀਅਮ ਅਤੇ ਕੁੱਝ ਇਨਸੈਂਟਿਵ ਦੇ ਕੇ ਹੀ ਕੰਮ ਚਲਾਇਆ ਜਾ ਰਿਹਾ ਸੀ, ਪਰ ਹੁਣ ਕੇਂਦਰ ਸਰਕਾਰ ਨੇ ਜੱਚਾ-ਬੱਚਾ ਦੀ ਦੇਖਭਾਲ ਅਤੇ ਚੈਕਅਪ ਆਦਿ ਨਾਲ ਸੰਬੰਧਿਤ ਅਹਿਮ ਇਨਸੈਂਟਿਵ ਵੀ ਕੱਟ ਦਿੱਤੇ ਗਏ ਹਨ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ ਦੁੱਗਣੇ ਮਿਹਨਤਾਨੇ ਦੀ ਦਿੱਤੀ ਗਾਰੰਟੀ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੂਰੀ ਨਹੀਂ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ 11 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੱਧਰ ’ਤੇ ਵੱਡਾ ਧਰਨਾ ਲਗਾ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਮਨਜੀਤ ਕੌਰ, ਜਸਵਿੰਦਰ ਕੌਰ, ਸਿਮਰਜੀਤ ਕੌਰ, ਗੁਰਜੀਤ ਕੌਰ, ਪ੍ਰਵੀਨ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਤੇ ਅਮਰਜੀਤ ਕੌਰ ਆਦਿ ਆਗੂ ਵੀ ਹਾਜ਼ਰ ਸਨ।
ਪੰਜਾਬੀ ਟ੍ਰਿਬਯੂਨ