ਪਾਣੀ ਦੀਆਂ ਬੁਛਾੜਾਂ ਮਾਰੀਆਂ; ਟੈੱਟ ਖ਼ਿਲਾਫ਼ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਰਹੇ ਸਨ ਅਧਿਆਪਕ
13 ਮਾਰਚ, 2026 – ਚੰਡੀਗੜ੍ਹ : ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਭ ਅਧਿਆਪਕਾਂ ਲਈ ਜ਼ਰੂਰੀ ਹੋਣ ਦੇ ਫੈ਼ਸਲੇ ਵਿਰੁੱਧ ਅੱਜ ਇਥੇ 25 ਸੈਕਟਰ ਦੇ ਰੈਲੀ ਗਰਾਉੂਂਡ ਵਿੱਚ ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਰੋਸ ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਪੈਦਲ ਰੋਸ ਮਾਰਚ ਕੀਤਾ ਗਿਆ।
ਅਧਿਆਪਕ ਆਗੂਆਂ ਦਿਗਵਿਜੇ ਪਾਲ ਸ਼ਰਮਾ, ਸੁਰਿੰਦਰ ਕੰਬੋਜ, ਵਿਕਰਮ ਦੇਵ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਭਜਨ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ ਤੇ ਪਤਵੰਤ ਸਿੰਘ ਦੀ ਅਗਵਾਈ ਵਿੱਚ ਰੈਲੀ ਉਪਰੰਤ ਵਿਧਾਨ ਸਭਾ ਵੱਲ ਅੱਗੇ ਵੱਧ ਰਹੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਬੈਰੀਕੇਡ ਲਗਾ ਕੇ ਰੋਕਿਆ ਗਿਆ। ਅਧਿਆਪਕਾਂ ’ਤੇ ਜਲ ਤੋਪਾਂ ਨਾਲ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਅੱਥਰੂ ਗੈਸ ਦੇ ਗੋਲੇ ਦਾਗਦਿਆਂ ਲਾਠੀਚਾਰਜ ਵੀ ਕੀਤਾ ਗਿਆ। ਇਸ ਮੌਕੇ ਅਨੇਕਾਂ ਅਧਿਆਪਕ ਜ਼ਖਮੀ ਹੋਏ ਅਤੇ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ। ਅਧਿਆਪਕਾਵਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਪਾਣੀ ਨਾਲ ਭਿੱਜੇ ਅਤੇ ਜ਼ਖਮੀ ਅਧਿਆਪਕਾਂ ਵੱਲੋਂ ਲੰਬਾ ਸਮਾਂ ਆਵਾਜਾਈ ਠੱਪ ਕਰਕੇ ਧਰਨਾ ਮਾਰਿਆ ਗਿਆ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਥੋਪੇ ਟੈੱਟ ਵਿਰੁੱਧ ਬਿੱਲ ਪਾਸ ਕਰਕੇ ਫੈਸਲੇ ਨੂੰ ਰੱਦ ਕੀਤਾ ਜਾਵੇ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਕੀਤੀ ਜਾਵੇ।
ਪੰਜਾਬੀ ਟ੍ਰਿਬਯੂਨ