ਜ਼ਮੀਨ ਨਿਲਾਮੀ ਵਾਲੇ ਕੇਸਾਂ ’ਚ ਕਈ ਸਿਆਸੀ ਆਗੂਆਂ ਦੇ ਨਾਮ ਸ਼ਾਮਲ
19 ਮਾਰਚ, 2026 – ਚੰਡੀਗੜ੍ਹ : ਪੰਜਾਬ ਦੇ ਖੇਤੀ ਵਿਕਾਸ ਬੈਂਕਾਂ ਦੇ ਵੱਡੇ ਡਿਫਾਲਟਰਾਂ ’ਚ ਸਿਆਸੀ ਆਗੂਆਂ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਬੈਂਕਾਂ ਨੇ ਹੁਣ ਕਾਰਵਾਈ ਵਿੱਢੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾਈ ਪੱਧਰ ਦੇ ਸਹਿਕਾਰੀ ਅਦਾਰੇ ਦੇ ਸਾਬਕਾ ਚੇਅਰਮੈਨ ਵੱਲ ਕਰੀਬ 1.01 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸੀ ਆਗੂ ਵੀ ਇਸ ਸੂਚੀ ’ਚ ਸ਼ਾਮਲ ਹਨ। ਖੇਤੀ ਵਿਕਾਸ ਬੈਂਕ ਵੱਡੇ ਡਿਫਾਲਟਰਾਂ ਦੇ ਪੋਸਟਰ ਤਿਆਰ ਕਰਵਾ ਰਹੇ ਹਨ।
ਖੇਤੀ ਵਿਕਾਸ ਬੈਂਕ ਵਿੱਤੀ ਸੰਕਟ ਵਿੱਚ ਹਨ। ਇਨ੍ਹਾਂ ਬੈਂਕਾਂ ਨੂੰ ਪੰਜਾਬ ਸਰਕਾਰ ਨੇ 20 ਏਕੜ ਤੋਂ ਵੱਧ ਮਾਲਕੀ ਵਾਲੇ ਡਿਫਾਲਟਰ ਕਿਸਾਨਾਂ ਖ਼ਿਲਾਫ ਕਾਰਵਾਈ ਲਈ ਹਰੀ ਝੰਡੀ ਦਿੱਤੀ ਹੈ। ਵੀਹ ਏਕੜ ਤੋਂ ਵੱਧ ਮਾਲਕੀ ਵਾਲੇ 158 ਡਿਫਾਲਟਰ ਕਿਸਾਨਾਂ ਵੱਲ 20.85 ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ। ਇਸੇ ਤਰ੍ਹਾਂ 15 ਤੋਂ 20 ਏਕੜ ਵਾਲੇ 580 ਡਿਫਾਲਟਰ ਕਿਸਾਨਾਂ ਵੱਲ 61.35 ਕਰੋੜ ਰੁਪਏ ਦਾ ਕਰਜ਼ਾ ਬਕਾਇਆ ਹੈ। ਬੈਂਕਾਂ ਨੇ ਵੱਡੇ ਕਿਸਾਨਾਂ ਦੀ ਜ਼ਮੀਨ ਨੂੰ ਨਿਲਾਮ ਕਰਨ ਵਾਸਤੇ ਪ੍ਰਕਿਰਿਆ ਵਿੱਢੀ ਹੋਈ ਹੈ।
ਖੇਤੀ ਵਿਕਾਸ ਬੈਂਕ ਖਰੜ ਤੋਂ ‘ਆਪ’ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਨੇ ਆਪਣੇ ਅਤੇ ਪਤਨੀ ਦੇ ਨਾਮ ’ਤੇ 61 ਲੱਖ ਦੇ ਛੇ ਕਰਜ਼ੇ ਲਏ ਸਨ। ਇਨ੍ਹਾਂ ਦੀਆਂ ਕਿਸ਼ਤਾਂ ਤਾਰੀਆਂ ਨਹੀਂ ਗਈਆਂ ਤੇ ਨਤੀਜੇ ਵਜੋਂ ਹੁਣ ਇਹ ਵਸੂਲੀਯੋਗ ਰਕਮ 1.01 ਕਰੋੜ ਰੁਪਏ ਬਣ ਗਈ ਹੈ। ਇਹ ਜੋੜਾ ਬੇਸ਼ੱਕ 20 ਏਕੜ ਦੀ ਮਾਲਕੀ ਵਾਲੇ ਦਾਇਰੇ ’ਚ ਨਹੀਂ ਆਉਂਦਾ ਪਰ ਡਿਫਾਲਟਰਾਂ ਦੀ ਸੂਚੀ ’ਚ ਸਿਖਰਲੇ ਨਾਵਾਂ ’ਤੇ ਹੈ। ਸੁਲਤਾਨਪੁਰ ਲੋਧੀ ਦੇ ਸਿਆਸੀ ਆਗੂ ਨੇ ਆਪਣੇ ਤੇ ਪਤਨੀ ਦੇ ਨਾਂ ’ਤੇ 98 ਲੱਖ ਰੁਪਏ ਦਾ ਕਰਜ਼ਾ ਚੁੱਕਿਆ ਸੀ। ਕਪੂਰਥਲਾ ਬੈਂਕ ਦਾ ਯੂਥ ਅਕਾਲੀ ਨੇਤਾ ਵੱਲ ਵੀ ਬਕਾਇਆ ਖੜ੍ਹਾ ਹੈ।
ਜ਼ਿਲ੍ਹਾ ਮੁਕਤਸਰ ਦੀ ਇਕ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਪਤਨੀ ਵੱਲ ਵੀ ਬਕਾਇਆ ਰਾਸ਼ੀ ਖੜ੍ਹੀ ਹੈ। ਪੰਜਾਬ ਭਰ ’ਚੋਂ ਖੇਤੀ ਵਿਕਾਸ ਬੈਂਕ ਜਲਾਲਾਬਾਦ ਦੇ 20 ਏਕੜ ਤੋਂ ਵੱਧ ਵਾਲੇ ਡਿਫਾਲਟਰ ਕਿਸਾਨਾਂ ਦੀ ਗਿਣਤੀ ਸਭ ਤੋਂ ਵੱਧ ਹੈ। ਖੇਤੀ ਵਿਕਾਸ ਬੈਂਕ ਦੇ ਦੋ ਦਰਜਨ ਵੱਡੇ ਕਿਸਾਨਾਂ ਦੀ ਜ਼ਮੀਨ ਨਿਲਾਮ ਕੀਤੀ ਜਾਣੀ ਹੈ ਜਿਨ੍ਹਾਂ ਵੱਲ 3.29 ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਇਸ ਬੈਂਕ ਦਾ ਇੱਕ ਡਿਫਾਲਟਰ 40 ਏਕੜ ਦਾ ਮਾਲਕ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਵੀ ਹੈ।
ਜਲਾਲਾਬਾਦ ਬੈਂਕ ਦਾ ਇੱਕ ਵੱਡਾ ਕਿਸਾਨ ਅਕਾਲੀ ਦਲ ਨਾਲ ਸਬੰਧਤ ਹੈ, ਜੋ 22 ਏਕੜ ਦਾ ਮਾਲਕ ਹੈ ਅਤੇ ਇਸ ਬੈਂਕ ਦਾ ਇੱਕ ਡਿਫਾਲਟਰ ਭਾਜਪਾ ਦਾ ਆਗੂ ਹੈ। ਫਿਰੋੋਜ਼ਪੁਰ ਬੈਂਕ ਦਾ ਇੱਕ ਡਿਫਾਲਟਰ ਸਾਬਕਾ ਅਕਾਲੀ ਸਰਪੰਚ ਹੈ। ਇਸੇ ਤਰ੍ਹਾਂ ਗਿੱਦੜਬਾਹਾ ਬੈਂਕ ਦਾ ਡਿਫਾਲਟਰ ਕਾਂਗਰਸੀ ਆਗੂ ਹੈ।
ਜ਼ਿਲ੍ਹਾ ਮੁਕਤਸਰ ਦੇ ਇੱਕ ਖੇਤੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਦਾ ਪਰਿਵਾਰ ਵੀ ਡਿਫਾਲਟਰ ਰਿਹਾ ਹੈ, ਪਰ ਇਸ ਪਰਿਵਾਰ ਵੱਲੋਂ ਕਾਫ਼ੀ ਰਾਸ਼ੀ ਤਾਰੀ ਵੀ ਜਾ ਚੁੱਕੀ ਹੈ। ਅਬੋਹਰ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਦੇ 20 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਖੇਤੀ ਵਿਕਾਸ ਬੈਂਕਾਂ ਦੇ ਡਿਫਾਲਟਰ ਹਨ। ਫ਼ਾਜ਼ਿਲਕਾ ਬੈਂਕ ਵੱਲੋਂ 13 ਵੱਡੇ ਕਿਸਾਨਾਂ, ਅਬੋਹਰ ਬੈਂਕ ਵੱਲੋਂ 9 ਕਿਸਾਨਾਂ ਅਤੇ ਮੁਕਤਸਰ ਦੇ ਖੇਤੀ ਵਿਕਾਸ ਬੈਂਕ ਨੇ 14 ਕਿਸਾਨਾਂ ਦੀ ਜ਼ਮੀਨ ਨਿਲਾਮ ਕਰਨੀ ਹੈ।
‘ਵੱਡਿਆਂ ਨੂੰ ਸਜ਼ਾ, ਛੋਟਿਆਂ ਨੂੰ ਮਿਲੇ ਰਾਹਤ’
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਹੈ ਕਿ ਵੱਡੀਆਂ ਜ਼ਮੀਨਾਂ ਵਾਲੇ ਸਮਰੱਥ ਕਿਸਾਨ ਜੋ ਜਾਣ ਬੁੱਝ ਕੇ ਕਰਜ਼ਾ ਨਹੀਂ ਤਾਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜਦੋਂ ਕਿ ਕਰਜ਼ਾ ਤਾਰਨ ਤੋਂ ਬੇਵੱਸ ਛੋਟੀ ਕਿਸਾਨੀ ਨੂੰ ਰਾਹਤ ਮਿਲਣੀ ਚਾਹੀਦੀ ਹੈ। ਛੋਟੀ ਕਿਸਾਨੀ ਸਰਕਾਰੀ ਨੀਤੀਆਂ ਦੀ ਬਦੌਲਤ ਹੀ ਕਰਜ਼ੇ ਦੇ ਜਾਲ ’ਚ ਫਸੀ ਹੈ। ਪੰਜ ਏਕੜ ਤੋਂ ਘੱਟ ਵਾਲੀ ਕਿਸਾਨੀ ਦੇ ਕਰਜ਼ੇ ’ਤੇ ਸਰਕਾਰ ਲੀਕ ਫੇਰੇ।
ਪੰਜਾਬੀ ਟ੍ਰਿਬਯੂਨ