ਭਾਜਪਾ ਜਨਰਲ ਸਕੱਤਰ ਨੇ ਕਾਨੂੰਨ-ਵਿਵਸਥਾ ਦੀ ਹਾਲਤ ’ਤੇ ਵੀ ਸਵਾਲ ਚੁੱਕੇ
20 ਮਾਰਚ, 2026 – ਸ਼੍ਰੀ ਆਨੰਦਪੁਰ ਸਾਹਿਬ/ਨੰਗਲ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮਾਂ ’ਤੇ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ ਪਰ ਪੰਜਾਬ ਸਰਕਾਰ ਇਸ ਮਾਮਲੇ ’ਚ ਗੰਭੀਰਤਾ ਨਹੀਂ ਦਿਖਾ ਰਹੀ। ਚੁੱਘ ਨੇ ਇਸ ਮੌਕੇ ਮੁੱਖ ਮੰਤਰੀ ਨਾਲ ਜੁੜੀਆਂ ਕੁਝ ਵੀਡੀਓਜ਼ ਦਾ ਹਵਾਲਾ ਵੀ ਦਿੱਤਾ ਤੇ ਕਿਹਾ ਕਿ ਜਿੱਥੇ ਖ਼ੁਦ ਮੁੱਖ ਮੰਤਰੀ ਦੀਆਂ ਆਪਣੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੋਣ ਉੱਥੇ ਹਾਲਾਤ ਕਿੰਨੇ ਚਿੰਤਾਜਨਕ ਹੋਣਗੇ, ਉਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਹ ਨੰਗਲ ਵਿਚ ਸਵਦੇਸ਼ੀ ਜਾਗਰਨ ਮੰਚ ਵੱਲੋਂ ਲਗਾਏ ਗਏ ਸਵਦੇਸ਼ੀ ਮੇਲੇ ਦਾ ਉਦਘਾਟਨ ਕਰਨ ਪੁੱਜੇ ਸਨ।
ਇਸ ਮੌਕੇ ਉਨ੍ਹਾਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ ਅਤੇ ਹਰ ਤਰ੍ਹਾਂ ਦਾ ਮਾਫੀਆ ਹਾਵੀ ਹੋ ਰਿਹਾ ਹੈ। ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮਾਮਲੇ ਵੀ ਚਿੰਤਾ ਦਾ ਵਿਸ਼ਾ ਹਨ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਚਿੰਤਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬੇਅਦਬੀਆਂ ਨੂੰ ਰੋਕਣ ਲਈ ਕੰਮ ਕਰੇਗੀ। ਪਾਰਟੀ ਆਗੂ ਨੇ ਪੰਜਾਬ ਵਿਚ ਭਾਜਪਾ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਫ਼ਸਲ ਦਾ ਇੱਕ-ਇੱਕ ਦਾਣਾ ਕੇਂਦਰ ਸਰਕਾਰ ਚੁੱਕ ਰਹੀ ਹੈ ਤੇ ਸ਼ਾਇਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਹੀਂ ਪਤਾ ਕਿ ਸੂਬੇ ਵਿਚ ਕੇਂਦਰ ਵੱਲੋਂ ਪਹਿਲਾਂ ਹੀ ਸਾਰੀਆਂ ਫ਼ਸਲਾਂ ਉਤੇ ਐੱਮ ਐੱਸ ਪੀ ਲਾਗੂ ਕੀਤੀ ਹੋਈ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਹਲਕਾ ਇੰਚਾਰਜ ਡਾ. ਪਰਵਿੰਦਰ ਸ਼ਰਮਾ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ