ਕਰ ਵਿਭਾਗ ਵੱਲੋਂ ਹੋਟਲਾਂ ਤੇ ਰੈਸਤਰਾਂ ਦੀ ਜਾਂਚ ਸ਼ੁਰੂ
30 ਮਾਰਚ, 2026 – ਚੰਡੀਗੜ੍ਹ : ਦੇਸ਼ ਵਿੱਚ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ GST’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਸੂਬੇ ਵਿੱਚ ‘ਪੇਟ ਪੂਜਾ’ ਬਿਲਿੰਗ ਸਾਫਟਵੇਅਰ ਨਾਲ ਕਰੋੜਾਂ ਰੁਪਏ ਦੀ ਟੈਕਸ ਚੋਰੀ ਕਰਨ ਦਾ ਪਤਾ ਲੱਗਿਆ ਹੈ। ਸੂਬੇ ਦੇ ਸੈਂਕੜੇ ਹੋਟਲ ਤੇ ਰੈਸਟੋਰੈਂਟ ਮਾਲਕ ‘ਪੇਟ ਪੂਜਾ’ ਸਾਫਟਵੇਅਰ ਨਾਲ ਅਸਲੀ ਵਿਕਰੀ ਲੁਕੋ ਕੇ ਖ਼ਜ਼ਾਨੇ ਨੂੰ ਵਿੱਤੀ ਸੱਟ ਮਾਰ ਰਹੇ ਸਨ। ਪੰਜਾਬ ਦੇ ਕਰ ਵਿਭਾਗ ਦੇ GST ਵਿੰਗ ਨੇ ਹੋਟਲਾਂ/ਢਾਬਿਆਂ ਅਤੇ ਰੈਸਟੋਰੈਂਟਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵੱਲੋਂ ਡਿਜੀਟਲ ਢੰਗ ਨਾਲ GST ਦੀ ਚੋਰੀ ਕੀਤੀ ਜਾ ਰਹੀ ਸੀ।
ਵੇਰਵਿਆਂ ਮੁਤਾਬਕ ਮੁੱਢਲੇ ਪੜਾਅ ’ਤੇ ‘ਪੇਟ ਪੂਜਾ’ ਸਾਫਟਵੇਅਰ ਜ਼ਰੀਏ ਕਰੋੜਾਂ ਰੁਪਏ GST ਚੋਰੀ ਦੀ ਪੁਸ਼ਟੀ ਹੋਈ ਹੈ। ਕਰ ਵਿਭਾਗ ਪੰਜਾਬ ਨੇ ਸੂਬੇ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਇਸ ਸਾਫਟਵੇਅਰ ਨਾਲ ਕਰੋੜਾਂ ਰੁਪਏ GST ਚੋਰੀ ਦੀ ਪੈੜ ਨੱਪੀ ਹੈ। ਹੁਣ ਤੱਕ ਪੰਜਾਬ ’ਚ ਸੈਂਕੜੇ ਢਾਬੇ/ਰੈਸਟੋਰੈਂਟਾਂ ਅਤੇ ਹੋਟਲਾਂ ਦੀ ਚੈਕਿੰਗ ਹੋ ਚੁੱਕੀ ਹੈ। ਸੂਬੇ ਵਿੱਚ ਸਾਲਾਨਾ 7000 ਕਰੋੜ ਰੁਪਏ ਤੋਂ ਵੱਧ ਦੀ ਫੂਡ ਵਿਕਰੀ ਵਾਲੇ ਕਰੀਬ 11 ਹਜ਼ਾਰ ਹੋਟਲ/ਢਾਬੇ ਤੇ ਰੈਸਤਰਾਂ ਮਾਲਕ ਟੈਕਸ ਤਾਰਦੇ ਹਨ।
ਪਤਾ ਲੱਗਿਆ ਹੈ ਕਿ ਆਮਦਨ ਕਰ ਵਿਭਾਗ ਨੇ ਹੋਟਲਾਂ ਅਤੇ ਰੈਸਤਰਾਵਾਂ ਵਾਲਿਆਂ ਨੂੰ ਨੋਟਿਸ ਭੇਜੇ ਸਨ, ਜਿਸ ਮਗਰੋਂ ਕਰ ਵਿਭਾਗ ਪੰਜਾਬ ਦੇ GST ਵਿੰਗ ਨੇ ਇਸ ਖੇਤਰ ’ਚ ਟੈਕਸ ਚੋਰੀ ਦੇ ਮਾਮਲੇ ਦੀ ਜਾਂਚ ਵਿੱਢੀ। ਪੰਜਾਬ ਵਿੱਚ ਕਮਾਈ ਪੱਖੋਂ ਮੁਹਾਲੀ ਪਹਿਲੇ ਨੰਬਰ ’ਤੇ ਹੈ, ਜਿੱਥੇ ਤਿੰਨ ਹਜ਼ਾਰ ਤੋਂ ਵੱਧ ਹੋਟਲ/ਢਾਬੇ ਅਤੇ ਰੈਸਤਰਾਂ ਟੈਕਸ ਤਾਰਦੇ ਹਨ ਅਤੇ ਮੁਹਾਲੀ ਜ਼ਿਲ੍ਹੇ ’ਚ ਸਾਲਾਨਾ ਇੱਕ ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਹੈ। ਲੁਧਿਆਣਾ ਜ਼ਿਲ੍ਹੇ ’ਚ ਕਰੀਬ 1500 ਹੋਟਲ/ਢਾਬੇ ਅਤੇ ਰੈਸਤਰਾਂ ਮਾਲਕ ਟੈਕਸ ਭਰਦੇ ਹਨ।
100 ਕਰੋੜ ਤੋਂ ਵੱਧ ਦੀ GST ਚੋਰੀ
ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਮੁਕੰਮਲ ਕੀਤੀ ਜਾ ਰਹੀ ਹੈ ਅਤੇ ਮੁੱਢਲੇ ਪੜਾਅ ’ਤੇ 100 ਕਰੋੜ ਤੋਂ ਵੱਧ ਦੀ GST ਚੋਰੀ ਦਾ ਪਤਾ ਲੱਗਿਆ ਹੈ। ਜਾਂਚ ਹੋਣ ਮਗਰੋਂ ਸਹੀ ਅੰਕੜੇ ਸਪੱਸ਼ਟ ਹੋਣਗੇ। ਇਹ ਵੀ ਪਤਾ ਲੱਗਿਆ ਹੈ ਕਿ ਟੈਕਸ ਚੋਰੀ ਕਰਨ ਵਾਲਿਆਂ ਤੋਂ ਵਸੂਲੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੋਟਲਾਂ ਦੀ ਵਿਕਰੀ ਦੇ ਰਿਕਾਰਡ ਅਤੇ ਆਮਦਨ ਕਰ ਦੀਆਂ ਰਿਟਰਨਾਂ ਦਾ ਮਿਲਾਣ ਵੀ ਕੀਤਾ ਜਾ ਰਿਹਾ ਹੈ। ਜਾਂਚ ਟੀਮਾਂ ਵੱਲੋਂ ਪਿਛਲੇ ਸਾਲਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਹੋਟਲ ਤੇ ਰੈਸਤਰਾਂ ਮਾਲਕ ਨਕਦ ਵਿਕਰੀ ਨੂੰ ਸਹੀ ਰਿਕਾਰਡ ’ਤੇ ਨਹੀਂ ਲਿਆਉਂਦੇ ਸਨ ਅਤੇ ਔਨਲਾਈਨ ਅਦਾਇਗੀ ਨੂੰ ਵੀ ਕਾਰੋਬਾਰ ’ਚ ਦਿਖਾਇਆ ਨਹੀਂ ਜਾਂਦਾ ਸੀ।
ਪੰਜਾਬੀ ਟ੍ਰਿਬਯੂਨ