26 ਮਈ ਨੂੰ ਪੈਣਗੀਆਂ ਵੋਟਾਂ, 29 ਮਈ ਨੂੰ ਆਉਣਗੇ ਨਤੀਜੇ
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੀਆਂ 8 ਮਿਊਂਸੀਪਲ ਕਾਰਪੋਰੇਸ਼ਨਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।
12 ਮਈ, 2026 – ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਖਾਂ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਭਰ ਵਿੱਚ 26 ਮਈ ਨੂੰ ਵੋਟਾਂ ਪੈਣਗੀਆਂ, ਜਦਕਿ 29 ਮਈ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ। ਚੋਣ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜਾਬਤਾ ਵੀ ਲਾਗੂ ਹੋ ਗਿਆ ਹੈ।
8 ਨਗਰ ਨਿਗਮਾਂ ਵਿੱਚ ਹੋਣਗੀਆਂ ਚੋਣਾਂ
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੀਆਂ 8 ਮਿਊਂਸੀਪਲ ਕਾਰਪੋਰੇਸ਼ਨਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿੱਚ ਮੁਹਾਲੀ, ਬਠਿੰਡਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਅਬੋਹਰ ਸਮੇਤ ਹੋਰ ਨਗਰ ਨਿਗਮ ਸ਼ਾਮਲ ਹਨ। ਇਸ ਤੋਂ ਇਲਾਵਾ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਵੀ ਚੋਣਾਂ ਹੋਣਗੀਆਂ। ਚੋਣਾਂ ਲਈ ਕੁੱਲ 2019 ਵਾਰਡ ਬਣਾਏ ਗਏ ਹਨ।
3977 ਪੋਲਿੰਗ ਸਟੇਸ਼ਨ ਬਣਾਏ ਜਾਣਗੇ
ਚੋਣ ਕਮਿਸ਼ਨ ਵੱਲੋਂ ਚੋਣਾਂ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਸ਼ਹਿਰੀ ਅਤੇ ਪਿੰਡੂ ਖੇਤਰਾਂ ਵਿੱਚ ਕੁੱਲ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।
36 ਲੱਖ ਤੋਂ ਵੱਧ ਵੋਟਰ ਪਾਉਣਗੇ ਵੋਟ
ਇਸ ਵਾਰ ਨਿਕਾਇ ਚੋਣਾਂ ਵਿੱਚ ਕੁੱਲ 36 ਲੱਖ 72 ਹਜ਼ਾਰ 932 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ 18 ਲੱਖ 98 ਹਜ਼ਾਰ 990 ਪੁਰਸ਼ ਵੋਟਰ ਅਤੇ 17 ਲੱਖ 73 ਹਜ਼ਾਰ ਤੋਂ ਵੱਧ ਮਹਿਲਾ ਵੋਟਰ ਸ਼ਾਮਲ ਹਨ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਹਰ ਵਰਗ ਦੇ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਨਾਮਜ਼ਦਗੀਆਂ 13 ਤੋਂ 16 ਮਈ ਤੱਕ
ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਉਮੀਦਵਾਰ 13, 14, 15 ਅਤੇ 16 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 17 ਮਈ ਨੂੰ ਐਤਵਾਰ ਹੋਣ ਕਾਰਨ ਕੋਈ ਕਾਰਵਾਈ ਨਹੀਂ ਹੋਵੇਗੀ। 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ, ਜਦਕਿ 19 ਮਈ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।
ਡਿਜੀਟਲ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ
ਮੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਨਾਮਜ਼ਦਗੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਇਆ ਗਿਆ ਹੈ। ਉਮੀਦਵਾਰਾਂ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਆਪਣੀ ਜਾਇਦਾਦ ਅਤੇ ਅਪਰਾਧਿਕ ਮਾਮਲਿਆਂ ਸਬੰਧੀ ਹਲਫਨਾਮਾ ਦੇਣਾ ਲਾਜ਼ਮੀ ਹੋਵੇਗਾ। ਚੋਣ ਕਮਿਸ਼ਨ ਨੇ ਦੱਸਿਆ ਕਿ ਸਾਰੀ ਜਾਣਕਾਰੀ ਆਨਲਾਈਨ ਉਪਲਬਧ ਰਹੇਗੀ ਅਤੇ ਹਰ ਰੋਜ਼ ਅਪਡੇਟ ਕੀਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
ਚੋਣ ਖਰਚ ਦੀ ਸੀਮਾ ਤੈਅ
ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਖਰਚ ਸੀਮਾ ਵੀ ਨਿਰਧਾਰਤ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਚੋਣ ਖਰਚ ‘ਤੇ ਸਖਤ ਨਿਗਰਾਨੀ ਰੱਖੀ ਜਾਵੇਗੀ।
- ਨਗਰ ਨਿਗਮ ਚੋਣ ਲਈ ਖਰਚ ਸੀਮਾ: 4 ਲੱਖ ਰੁਪਏ
- ਨਗਰ ਕੌਂਸਲ ਲਈ: 3 ਲੱਖ 60 ਹਜ਼ਾਰ ਰੁਪਏ
- ਨਗਰ ਪੰਚਾਇਤ ਲਈ: 1 ਲੱਖ 40 ਹਜ਼ਾਰ ਰੁਪਏ
ਸੁਰੱਖਿਆ ਲਈ 35,500 ਕਰਮਚਾਰੀ ਤਾਇਨਾਤ
ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ ਕਰੀਬ 35 ਹਜ਼ਾਰ 500 ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਹਥਿਆਰਾਂ ਦੀ ਆਵਾਜਾਈ ‘ਤੇ ਵੀ ਸਖ਼ਤ ਨਿਗਰਾਨੀ ਰਹੇਗੀ।ਡਿਪਟੀ ਕਮਿਸ਼ਨਰਾਂ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ ਅਤੇ ਕਮੇਟੀਆਂ ਇਹ ਫੈਸਲਾ ਕਰਨਗੀਆਂ ਕਿ ਕਿਹੜੇ ਲੋਕਾਂ ਨੂੰ ਆਪਣੇ ਹਥਿਆਰ ਜਮ੍ਹਾ ਕਰਵਾਉਣੇ ਹੋਣਗੇ।
ਨਾਮਜ਼ਦਗੀ ਕੇਂਦਰਾਂ ‘ਤੇ ਹੋਵੇਗੀ ਵੀਡੀਓਗ੍ਰਾਫੀ
ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਾਮਜ਼ਦਗੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਨਾਮਜ਼ਦਗੀ ਦਾਖਲ ਕਰਨ ਸਮੇਂ ਸਿਰਫ਼ ਉਮੀਦਵਾਰ, ਪ੍ਰਸਤਾਵਕ ਅਤੇ ਚਾਰ ਹੋਰ ਵਿਅਕਤੀਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇ।
ਚੋਣ ਜਾਬਤਾ ਲਾਗੂ
ਚੋਣਾਂ ਦੇ ਐਲਾਨ ਨਾਲ ਹੀ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਰਕਾਰ ਨੂੰ ਵੀ ਪੱਤਰ ਭੇਜਿਆ ਜਾ ਰਿਹਾ ਹੈ। ਸਭ ਸਿਆਸੀ ਪਾਰਟੀਆਂ ਚੋਣ ਨਿਸ਼ਾਨਾਂ ‘ਤੇ ਹੀ ਚੋਣ ਮੈਦਾਨ ਵਿੱਚ ਉਤਰਣਗੀਆਂ। ਹੁਣ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਸਿਆਸਤ ਹੋਰ ਗਰਮਾਉਣ ਦੀ ਸੰਭਾਵਨਾ ਹੈ।
ETV BHARAT