ਦੋਧੀ ਯੂਨੀਅਨ ਅੰਮ੍ਰਿਤਸਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
19 ਮਈ, 2026 – ਅੰਮ੍ਰਿਤਸਰ: ਦੋਧੀ ਯੂਨੀਅਨ ਅੰਮ੍ਰਿਤਸਰ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਸੜਕਾਂ ’ਤੇ ਦੁੱਧ ਰੋੜ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਰਾਜ਼ਗੀ ਜਤਾਈ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਸੀ ਕਿ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਵੱਡੇ ਪੱਧਰ ’ਤੇ ਸਿੰਥੈਟਿਕ ਦੁੱਧ, ਨਕਲੀ ਪਨੀਰ ਅਤੇ ਖੋਆ ਤਿਆਰ ਕੀਤਾ ਜਾ ਰਿਹਾ ਹੈ। ਜਿਸ ਨਾਲ ਨਾ ਸਿਰਫ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਸਗੋਂ ਅਸਲੀ ਦੁੱਧ ਵੇਚਣ ਵਾਲੇ ਪਸ਼ੂ ਪਾਲਕਾਂ ਦਾ ਧੰਦਾ ਵੀ ਬਰਬਾਦ ਹੋ ਰਿਹਾ ਹੈ।
ਡੀਸੀ ਦਫ਼ਤਰ ਅੱਗੇ ਦੁੱਧ ਰੋੜ ਕੇ ਕੀਤਾ ਰੋਸ ਪ੍ਰਦਰਸ਼ਨ
ਯੂਨੀਅਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਲਗਾਤਾਰ ਪ੍ਰਸ਼ਾਸਨ ਅਤੇ ਸਿਵਲ ਸਰਜਨ ਕੋਲ ਮੰਗ ਪੱਤਰ ਦੇ ਰਹੇ ਹਨ। ਪਰ ਕਿਸੇ ਵੀ ਅਧਿਕਾਰੀ ਨੇ ਇਸ ਗੰਭੀਰ ਮਸਲੇ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਪ੍ਰਦਰਸ਼ਨ ਕੀਤੇ ਗਏ, ਪਰ ਅੱਜ ਪਹਿਲੀ ਵਾਰ ਡੀਸੀ ਦਫ਼ਤਰ ਅੱਗੇ ਦੁੱਧ ਰੋੜ ਕੇ ਆਪਣਾ ਰੋਸ ਜਤਾਉਣਾ ਪਿਆ।
ਨਕਲੀ ਦੁੱਧ ਅਤੇ ਪਨੀਰ ਵਾਲੀਆਂ ਫੈਕਟਰੀਆਂ ਖੁੱਲ੍ਹੇਆਮ ਚੱਲ ਰਹੀਆਂ
ਯੂਨੀਅਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਇਲਜ਼ਾਮ ਲਗਾਇਆ ਕਿ “ਸ਼ਹਿਰ ਦੇ ਵੱਖ–ਵੱਖ ਇਲਾਕਿਆਂ ਜਿਵੇਂ ਅਜਨਾਲਾ ਰੋਡ, ਬਟਾਲਾ ਰੋਡ, ਫਤਿਹਗੜ੍ਹ ਚੂੜੀਆਂ ਰੋਡ ਅਤੇ ਮੀਰਾਂਕੋਟ ਇਲਾਕੇ ਵਿੱਚ ਨਕਲੀ ਦੁੱਧ ਅਤੇ ਪਨੀਰ ਬਣਾਉਣ ਵਾਲੀਆਂ ਫੈਕਟਰੀਆਂ ਖੁੱਲ੍ਹੇਆਮ ਚੱਲ ਰਹੀਆਂ ਹਨ। ਜੇ ਇਹ ਫੈਕਟਰੀਆਂ ਆਮ ਲੋਕਾਂ ਨੂੰ ਨਜ਼ਰ ਆ ਰਹੀਆਂ ਹਨ ਤਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਕਿਉਂ ਨਹੀਂ ਦਿੱਸਦੀਆਂ।“
“ਅੱਜ ਮਾਰਕੀਟ ਵਿੱਚ 40 ਤੋਂ 55 ਰੁਪਏ ਕਿਲੋ ਤੱਕ ਨਕਲੀ ਦੁੱਧ ਅਤੇ 160 ਰੁਪਏ ਕਿਲੋ ਨਕਲੀ ਪਨੀਰ ਵੇਚਿਆ ਜਾ ਰਿਹਾ ਹੈ। ਜਦਕਿ ਅਸਲੀ ਦੁੱਧ ਅਤੇ ਪਨੀਰ ਦੀ ਲਾਗਤ ਇਸ ਤੋਂ ਕਾਫੀ ਵੱਧ ਹੈ। ਲੋਕ ਸਸਤੇ ਸਮਾਨ ਦੇ ਚੱਕਰ ਵਿੱਚ ਆਪਣੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ ਅਤੇ ਇਹ ਨਕਲੀ ਉਤਪਾਦ ਕੈਂਸਰ, ਪੀਲੀਆ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ।“ –ਕਰਮਜੀਤ ਸਿੰਘ ਨੰਗਲੀ, ਆਗੂ ਦੋਧੀ ਯੂਨੀਅਨ
ਸਰਜਨ ’ਤੇ ਲਗਾਏ ਗੰਭੀਰ ਇਲਜ਼ਾਮ
ਦੋਧੀ ਯੂਨੀਅਨ ਦੇ ਆਗੂ ਨੇ ਸਿਵਲ ਸਰਜਨ ’ਤੇ ਵੀ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਦੋਂ ਯੂਨੀਅਨ ਮੈਂਬਰ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਕਿਹਾ ਕਿ “ਨਕਲੀ ਦੁੱਧ ਵਰਗੀ ਕੋਈ ਚੀਜ਼ ਨਹੀਂ ਹੁੰਦੀ।” ਯੂਨੀਅਨ ਨੇ ਇਸ ਬਿਆਨ ਨੂੰ ਲੋਕਾਂ ਦੀ ਸਿਹਤ ਨਾਲ ਖੇਡਣ ਦੇ ਬਰਾਬਰ ਕਰਾਰ ਦਿੱਤਾ।
ਨਕਲੀ ਦੁੱਧ ਤੇ ਪਨੀਰ ਬਣਾਉਣ ਵਾਲੀਆਂ ਫੈਕਟਰੀਆਂ ’ਤੇ ਤੁਰੰਤ ਛਾਪੇਮਾਰੀ ਦੀ ਕੀਤੀ ਮੰਗ
ਦੋਧੀ ਯੂਨੀਅਨ ਨੇ ਮੰਗ ਕੀਤੀ ਕਿ ਨਕਲੀ ਦੁੱਧ ਅਤੇ ਪਨੀਰ ਬਣਾਉਣ ਵਾਲੀਆਂ ਫੈਕਟਰੀਆਂ ’ਤੇ ਤੁਰੰਤ ਛਾਪੇਮਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਜਾਵੇ।
ETV BHARAT