ਭਲਕੇ ਬਜ਼ਾਰ ਬੰਦ ਕਰਕੇ ਹੋਵੇਗਾ ਵੱਡਾ ਪ੍ਰਦਰਸ਼ਨ
ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਸਿਆਸੀ ਪਾਰਾ ਪੂਰੀ ਤਰ੍ਹਾਂ ਗਰਮਾ ਗਿਆ ਹੈ।
20 ਮਈ, 2026 – ਬਰਨਾਲਾ: ਬਰਨਾਲਾ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਬੇਹੱਦ ਅਣਕਿਆਸਾ ਅਤੇ ਵੱਡਾ ਮੋੜ ਦੇਖਣ ਨੂੰ ਮਿਲਿਆ, ਜਦੋਂ ਇੱਕ ਵਾਰਡ ਦੀ ਚੋਣ ਨੂੰ ਲੈ ਕੇ ਸਾਰੀਆਂ ਵਿਰੋਧੀ ਸਿਆਸੀ ਧਿਰਾਂ ਆਪਸੀ ਮੱਤਭੇਦ ਭੁਲਾ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਇੱਕੋ ਮੰਚ ‘ਤੇ ਇਕੱਠੀਆਂ ਹੋ ਗਈਆਂ। ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੇ ਕਾਗਜ਼ ਰੱਖ ਹੋਣ ਤੋਂ ਬਾਅਦ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਸਥਿਤ ਅੱਗਰਵਾਲ ਧਰਮਸ਼ਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ ਅਤੇ ਹੋਰ ਵੱਖ-ਵੱਖ ਸਥਾਨਕ ਧਿਰਾਂ ਦੀ ਇੱਕ ਹੰਗਾਮੀ ਅਤੇ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਇੱਕਸੁਰ ਹੁੰਦਿਆਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸਾਂਝੇ ਤੌਰ ‘ਤੇ ਫੈਸਲਾ ਲਿਆ ਗਿਆ ਹੈ ਕਿ ਇਸ ਸਿਆਸੀ ਧੱਕੇਸ਼ਾਹੀ ਵਿਰੁੱਧ ਪੂਰੇ ਬਰਨਾਲਾ ਦੇ ਬਜ਼ਾਰ ਮੁਕੰਮਲ ਤੌਰ ‘ਤੇ ਬੰਦ ਕਰਵਾਏ ਜਾਣਗੇ ਅਤੇ ਸਮੁੱਚੀਆਂ ਵਿਰੋਧੀ ਧਿਰਾਂ ਵੱਲੋਂ ਰੇਲਵੇ ਸਟੇਸ਼ਨ ਉੱਪਰ ਵਿਸ਼ਾਲ ਰੋਸ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
“ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ ‘ਆਪ‘”
ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ “ਸੱਤਾਧਿਰ ‘ਆਪ‘ ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ, ਪਰ ਬਰਨਾਲਾ ਦੇ ਲੋਕ ਇਸ ਧੱਕੇਸ਼ਾਹੀ ਦਾ ਜਵਾਬ ਚੋਣਾਂ ਵਿੱਚ ਦੇਣਗੇ। ਵਾਰਡ ਨੰਬਰ 31 ਦੇ ਉਮੀਦਵਾਰ ਦੇ ਕਾਗਜ਼ ਜਾਣਬੁੱਝ ਕੇ ਤਕਨੀਕੀ ਖਾਮੀਆਂ ਦਾ ਬਹਾਨਾ ਬਣਾ ਕੇ ਰੱਦ ਕੀਤੇ ਗਏ ਹਨ, ਤਾਂ ਜੋ ਸੱਤਾਧਾਰੀ ਧਿਰ ਨੂੰ ਵਾਕਓਵਰ ਮਿਲ ਸਕੇ। ਇਸ ਮੀਟਿੰਗ ਦੌਰਾਨ ਸਮੁੱਚੀਆਂ ਵਿਰੋਧੀ ਧਿਰਾਂ ਦੇ ਇਕੱਠ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਪੱਖਪਾਤੀ ਰਵੱਈਆ ਨਾ ਬਦਲਿਆ ਅਤੇ ਉਮੀਦਵਾਰ ਨੂੰ ਇਨਸਾਫ਼ ਨਾ ਮਿਲਿਆ, ਤਾਂ ਇਹ ਅੰਦੋਲਨ ਸਿਰਫ਼ ਬਰਨਾਲਾ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਦੀ ਚੰਗਿਆੜੀ ਪੂਰੇ ਪੰਜਾਬ ਵਿੱਚ ਫੈਲੇਗੀ।”
ਪਹਿਲੀ ਵਾਰ ਇਕੱਠੀਆਂ ਦੇਖੀਆਂ ਸਾਰੀਆਂ ਪਾਰਟੀਆਂ
ਬਰਨਾਲਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ, ਜੋ ਸੂਬੇ ਅਤੇ ਕੇਂਦਰ ਪੱਧਰ ‘ਤੇ ਇੱਕ-ਦੂਜੇ ਦੀਆਂ ਕੱਟੜ ਵਿਰੋਧੀ ਹਨ, ਸਥਾਨਕ ਪੱਧਰ ‘ਤੇ ‘ਆਪ’ ਸਰਕਾਰ ਦੇ ਖ਼ਿਲਾਫ਼ ਇੱਕ ਝੰਡੇ ਹੇਠ ਆ ਗਈਆਂ ਹਨ। ਇਸ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਦੀ ਸਿਆਸਤ ਵਿੱਚ ਵੱਡਾ ਟਕਰਾਅ ਹੋਣਾ ਤੈਅ ਹੈ।
“ਅੱਜ ਸਾਰੀਆਂ ਪਾਰਟੀਆਂ ਨੇ ਸਿਆਸਤ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਦਾ ਸਬੂਤ ਦਿੱਤਾ“
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਉੱਤੇ ਲੋਕਤੰਤਰ ਦਾ ਘਾਣ ਕਰਨ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਇੱਕ ਹੰਗਾਮੀ ਇਕੱਠ ਦੌਰਾਨ ਵਿਧਾਇਕ ਢਿੱਲੋਂ ਨੇ ਕਿਹਾ ਕਿ “‘ਆਪ‘ ਸਰਕਾਰ ਨੇ ਗੈਰ–ਲੋਕਤੰਤਰ ਤਰੀਕੇ ਨਾਲ ਦੋ ਮਹਿਲਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਹਨ, ਜਿਸ ਕਾਰਨ ਸਮੂਹ ਸਿਆਸੀ ਧਿਰਾਂ ਅਤੇ ਆਮ ਸ਼ਹਿਰੀਆਂ ਵਿੱਚ ਭਾਰੀ ਰੋਸ ਹੈ। ਪੰਜਾਬ ਵਿੱਚ ਸਰਕਾਰ ਬਦਲਣ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਵਿਚਾਲੇ ਇੱਕ ਭਾਈਚਾਰਕ ਸਾਂਝ ਹੁੰਦੀ ਸੀ, ਪਰ ਮੌਜੂਦਾ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੱਜ ਸਾਰੀਆਂ ਪਾਰਟੀਆਂ ਨੇ ਸਿਆਸਤ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਦਾ ਸਬੂਤ ਦਿੱਤਾ ਹੈ। ਇਸ ਧੱਕੇਸ਼ਾਹੀ ਦੇ ਵਿਰੋਧ ਵਿੱਚ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਦੀ ਅਗਵਾਈ ਹੇਠ ਕੱਲ੍ਹ ਸਵੇਰ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬਾਜ਼ਾਰ ਮੁਕੰਮਲ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ ਅਤੇ ਜੇਕਰ ਸਰਕਾਰ ਨੇ ਫਿਰ ਵੀ ਕੋਈ ਹੱਲ ਨਾ ਕੱਢਿਆ ਤਾਂ ਕੱਲ੍ਹ ਦੇ ਧਰਨੇ ਦੌਰਾਨ ਅਗਲੇ ਤਿੱਖੇ ਸੰਘਰਸ਼ ਦੀ ਰੂਪ–ਰੇਖਾ ਉਲੀਕੀ ਜਾਵੇਗੀ।”
“ਜਿੱਤਣ ਲਈ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਘਪਲੇਬਾਜ਼ੀ ਕੀਤੀ ਗਈ“
ਵਿਧਾਇਕ ਢਿੱਲੋਂ ਨੇ ਇਲਜ਼ਾਮ ਲਗਾਇਆ ਕਿ ਚੋਣਾਂ ਜਿੱਤਣ ਲਈ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਘਪਲੇਬਾਜ਼ੀ ਕੀਤੀ ਗਈ ਹੈ। ਵਿਰੋਧੀ ਧਿਰ ਦੇ ਉਮੀਦਵਾਰਾਂ ਅਤੇ ਸਮਰਥਕਾਂ ਦੀਆਂ ਵੋਟਾਂ ਕੱਟ ਕੇ ਦੂਜੇ ਵਾਰਡਾਂ ਵਿੱਚ ਤਬਦੀਲ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਸੱਤਾਧਾਰੀ ਧਿਰ ਨੂੰ ਫਾਇਦਾ ਪਹੁੰਚਾਉਣ ਲਈ ਬਾਹਰੀ ਖੇਤਰਾਂ ਦੇ ਲੋਕਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਗੈਰ-ਕਾਨੂੰਨੀ ਵੋਟਾਂ ਬਣਾਈਆਂ ਗਈਆਂ ਹਨ।
“ਹਰ ਹੱਥਕੰਡਾ ਅਪਣਾ ਕੇ ਚੋਣਾਂ ‘ਤੇ ਨਾਜਾਇਜ਼ ਕਬਜ਼ਾ ਕਰਨਾ ਚਾਹੁੰਦੀ ਹੈ ਸੱਤਾਧਾਰੀ ਧਿਰ“
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਬੀਤੇ ਦਿਨੀਂ ਡਿਪਟੀ ਕਮਿਸ਼ਨਰ (ਡੀਸੀ) ਨੂੰ ਵੀ ਮਿਲੇ ਸਨ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਸੀ। ਕਾਂਗਰਸੀ ਵਿਧਾਇਕ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ (ਜ਼ਮੀਨੀ ਪੱਧਰ ‘ਤੇ ਪੜਤਾਲ) ਕਰਵਾਈ ਜਾਵੇ ਅਤੇ ਗਲਤ ਵੋਟਾਂ ਬਣਾਉਣ ਜਾਂ ਕੱਟਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਹ ਲੜਾਈ ਸਿਰਫ਼ ਵਾਰਡ ਨੰਬਰ 31 ਦੀ ਨਹੀਂ ਹੈ, ਸਗੋਂ ਆਉਣ ਵਾਲੀਆਂ ਚੋਣਾਂ ਵਿੱਚ ਵੀ ਅਜਿਹੀ ਧੱਕੇਸ਼ਾਹੀ ਦੇ ਆਸਾਰ ਹਨ। ਸੱਤਾਧਾਰੀ ਧਿਰ ਹਰ ਹੱਥਕੰਡਾ ਅਪਣਾ ਕੇ ਚੋਣਾਂ ‘ਤੇ ਨਾਜਾਇਜ਼ ਕਬਜ਼ਾ ਕਰਨਾ ਚਾਹੁੰਦੀ ਹੈ।
ਵਿਧਾਇਕ ਨੇ ਕਿਹਾ ਕਿ ਬੈਲਟ ਪੇਪਰਾਂ ਦੀ ਗਿਣਤੀ ਦੌਰਾਨ ਵੀ ਵੱਡੀ ਗੜਬੜੀ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਪਰ ਸੱਤਾਧਾਰੀ ਧਿਰ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਵਿਰੋਧੀਆਂ ਨੂੰ ਦਬਾਉਣ ਅਤੇ ਚੋਣਾਂ ਵਿੱਚ ਹੇਰਾਫੇਰੀ ਕਰਨ ਨੂੰ ਤਰਜੀਹ ਦੇ ਰਹੀ ਹੈ, ਜਿਸ ਖ਼ਿਲਾਫ਼ ਉਨ੍ਹਾਂ ਦੀ ਲੜਾਈ ਲਗਾਤਾਰ ਜਾਰੀ ਰਹੇਗੀ।
ETV BHARAT