ਮੰਗਾਂ ਨਾ ਮੰਨਣ ‘ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਮੁਲਾਜ਼ਮਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸਬੰਧਤ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
28 ਮਈ, 2026 – ਮੋਗਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸੰਬੰਧਤ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਕਈ ਜ਼ਰੂਰੀ ਕੰਮ ਪ੍ਰਭਾਵਿਤ ਹੋਏ।
“ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਣਾ ਚਾਹੀਦਾ “
ਧਰਨੇ ਦੌਰਾਨ ਐਸੋਸੀਏਸ਼ਨ ਦੇ ਆਗੂ ਦਵਿੰਦਰ ਬਾਂਸਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਸੇਵਾ ਕੇਂਦਰਾਂ ਵਿੱਚ ਕਈ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਣਾ ਚਾਹੀਦਾ ਹੈ। ਮੁਲਾਜ਼ਮਾਂ ਨੂੰ ਆਪਣੇ ਕੰਮ ਦੇ ਮੁਕਾਬਲੇ ਬਹੁਤ ਘੱਟ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਬਰਾਬਰ ਕੰਮ, ਬਰਾਬਰ ਤਨਖਾਹ” ਦੇ ਨਿਯਮ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਘੱਟੋ–ਘੱਟ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ।”
“ਕੰਪਨੀ ਵੱਲੋਂ ਮੁਲਾਜ਼ਮਾਂ ਦਾ ਲਗਾਤਾਰ ਕੀਤਾ ਜਾ ਰਿਹਾ ਸ਼ੋਸ਼ਣ“
ਐਸੋਸੀਏਸ਼ਨ ਆਗੂਆਂ ਨੇ ਇਲਜ਼ਾਮ ਲਾਇਆ ਕਿ ਸਬੰਧਤ ਕੰਪਨੀ ਵੱਲੋਂ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਕਰਮਚਾਰੀਆਂ ਤੋਂ ਵੱਧ ਕੰਮ ਲਿਆ ਜਾਂਦਾ ਹੈ ਪਰ ਉਨ੍ਹਾਂ ਨੂੰ ਨਾ ਤਾਂ ਢੰਗ ਦੀ ਤਨਖਾਹ ਦਿੱਤੀ ਜਾਂਦੀ ਹੈ ਅਤੇ ਨਾ ਹੀ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕੰਪਨੀ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਇਸ ਨੂੰ ਪ੍ਰੋਜੈਕਟ ਤੋਂ ਬਾਹਰ ਕੀਤਾ ਜਾਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਇਹ ਵੀ ਮੰਗ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਚੱਲ ਰਹੇ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇ ਅਤੇ ਸਾਰੇ ਕਰਮਚਾਰੀਆਂ ਨੂੰ ਸਰਕਾਰੀ ਨਿਯਮਾਂ ਮੁਤਾਬਿਕ ਪੱਕੀਆਂ ਸੇਵਾਵਾਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ।
“ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ ਸੰਘਰਸ਼“
ਧਰਨੇ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਕਲਮ ਛੋੜ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ETV BHARAT