Protest for Salary: BDPO ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫੀਲਡ ਸਟਾਫ਼ ਵੱਲੋਂ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਲਗਾਤਾਰ ਜਾਰੀ ਹੈ।
02 ਜੂਨ, 2026 – ਬਰਨਾਲਾ : ਬੀ.ਡੀ.ਪੀ.ਓ. (BDPO) ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫੀਲਡ ਸਟਾਫ਼ ਵੱਲੋਂ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਲਗਾਤਾਰ ਜਾਰੀ ਹੈ। ਤਨਖ਼ਾਹਾਂ ਨਾ ਮਿਲਣ ਤੋਂ ਪਰੇਸ਼ਾਨ ਕਰਮਚਾਰੀਆਂ ਨੇ ਹੁਣ ਤਿੱਖਾ ਰੁਖ਼ ਅਖਤਿਆਰ ਕਰਦਿਆਂ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਨੂੰ ਜਿੰਦਰੇ ਲਗਾ ਕੇ ਆਪਣਾ ਰੋਸ ਪ੍ਰਗਟਾਇਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਰਾਜ ਕੁਮਾਰ, ਸੰਦੀਪ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ/2026 ਤੋਂ ਤਨਖ਼ਾਹ ਨਾ ਮਿਲਣ ਕਾਰਨ ਸਮੂਹ ਕਰਮਚਾਰੀਆਂ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋ ਚੁੱਕਾ ਹੈ। ਕਰਮਚਾਰੀਆਂ ਨੂੰ ਆਪਣੇ ਘਰੇਲੂ ਖਰਚੇ ਪੂਰੇ ਕਰਨ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਹੀਆਂ ਹੈ।
ਉਨ੍ਹਾਂ ਦੱਸਿਆ ਕਿ ਸਟਾਫ਼ ਅਨੁਸਾਰ ਤਨਖ਼ਾਹਾਂ ਨਾ ਮਿਲਣ ਦਾ ਮੁੱਖ ਕਾਰਨ ਇੱਕ ਅਦਾਲਤੀ ਮਾਮਲਾ ਹੈ। ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਇੱਕ ਅਦਾਲਤੀ ਕੇਸ ਵਿੱਚ ਤੈਅ ਹੋਈ ਮੁਆਵਜ਼ੇ ਦੀ ਰਕਮ 31,50,234/- ਰੁਪਏ ਅਦਾ ਕਰਨ ਲਈ ਪੰਚਾਇਤ ਸੰਮਤੀ ਬਰਨਾਲਾ ਦਾ ਖਾਤਾ ਮਾਨਯੋਗ ਕੋਰਟ ਵਿੱਚ ਦਿੱਤਾ ਗਿਆ ਸੀ। ਇਸ ਕਾਰਨ ਮਾਨਯੋਗ ਸਿਵਲ ਕੋਰਟ ਵੱਲੋਂ ਪੰਚਾਇਤ ਸੰਮਤੀ ਬਰਨਾਲਾ ਦੇ ਖਾਤੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਜ੍ਹਾ ਕਰਕੇ ਸਮੂਹ ਸਟਾਫ਼ ਨੂੰ ਤਨਖ਼ਾਹ ਨਹੀਂ ਮਿਲ ਰਹੀ। ਜ਼ਿਲ੍ਹਾ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਦਾ ਕੋਈ ਹੋਰ ਬਦਲਵਾਂ ਹੱਲ ਨਹੀਂ ਕੀਤਾ ਹੈ।
ਹੜਤਾਲੀ ਕਰਮਚਾਰੀਆਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਚੱਲ ਰਹੀ ਇਸ ਹੜਤਾਲ ਵੱਲ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਤਨਖ਼ਾਹਾਂ ਨਾ ਮਿਲਣ ਕਾਰਨ ਕਈ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ, ਜੋ ਲੰਮੀ ਅਤੇ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਹਨ, ਉਨ੍ਹਾਂ ਦਾ ਮੈਡੀਕਲ ਇਲਾਜ ਕਰਵਾਉਣ ਅਤੇ ਦਵਾਈਆਂ ਦਿਵਾਉਣ ਵਿੱਚ ਭਾਰੀ ਮੁਸ਼ਕਿਲ ਆ ਰਹੀ ਹੈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਹਾਲਾਤਾਂ ਵਿੱਚ ਪਰਿਵਾਰਕ ਮੈਂਬਰਾਂ ਨੂੰ ਕੁਝ ਹੁੰਦਾ ਹੈ, ਤਾਂ ਉਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ ਅਤੇ ਇਸ ਦਾ ਖ਼ਾਮਿਆਜ਼ਾ ਵੀ ਪ੍ਰਸ਼ਾਸਨ ਨੂੰ ਹੀ ਭੁਗਤਣਾ ਪਵੇਗਾ।
ਪ੍ਰਸ਼ਾਸਨ ਵੱਲੋਂ ਮਸਲੇ ਦਾ ਜਲਦੀ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਦਫ਼ਤਰ ਦੀਆਂ ਬ੍ਰਾਂਚਾਂ ਨੂੰ ਤਾਲੇ ਜੜ ਦਿੱਤੇ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਿੰਨਾ ਸਮਾਂ ਸਾਡੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ, ਉਨਾ ਸਮਾਂ ਸਮੂਹ ਬ੍ਰਾਂਚਾਂ ਨੂੰ ਜਿੰਦਰੇ ਲਗਾ ਕੇ ਇਹ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
ਪੰਜਾਬੀ ਟ੍ਰਿਬਯੂਨ