ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ
ਅੰਮ੍ਰਿਤਸਰ ਵਿੱਚ 2 ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦਾ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਆਖਰ ਕਿਵੇਂ ਹੋਈਆਂ ਲਾਪਤਾ
10 ਜੂਨ, 2026 – ਅੰਮ੍ਰਿਤਸਰ: ਲੁਧਿਆਣਾ ਵਿੱਚ ਲਾਪਤਾ ਕੁੜੀਆਂ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਵੀ ਕੁੜੀਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਦੋਵੇਂ ਲੜਕੀਆਂ ਦੀ ਉਮਰ 14 ਅਤੇ 17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਹਨ।
ਪੇਪਰ ਦੇਣ ਗਈਆਂ ਕੁੜੀਆਂ ਲਾਪਤਾ
ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਲੜਕੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਪਿਊਟਰ ਕੋਚਿੰਗ ਸੈਂਟਰ ਲਈ ਘਰੋਂ ਨਿਕਲੀਆਂ ਸਨ। ਪਰ ਜਦੋਂ ਕੋਚਿੰਗ ਦੀਆਂ ਕਲਾਸਾਂ ਸਮਾਪਤ ਹੋਣ ਤੋਂ ਬਾਅਦ ਵੀ ਉਹ ਘਰ ਵਾਪਸ ਨਾ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ–ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
“ਸਾਡੀਆਂ ਲੜਕੀਆਂ ਰੋਜ਼ਾਨਾਂ ਦੀਆਂ ਕੰਪਿਊਟਰ ਕੋਚਿੰਗ ਸੈਂਟਰ ਵਿੱਚ ਕਲਾਸ ਲਗਾਉਣ ਲਈ ਗਈਆਂ ਸਨ, ਉਨ੍ਹਾਂ ਦਾ ਫਾਈਨਲ ਪੇਪਰ ਸੀ, ਬੱਚੀਆਂ ਦੀ ਮੈਡਮ ਦਾ ਫੋਨ ਆਇਆ ਕਿ ਤੁਹਾਡੇ ਬੱਚੇ ਨਹੀਂ ਆਏ ਇਸ ਤੋਂ ਬਾਅਦ ਅਸੀਂ ਆਪਣੀਆਂ ਲੜਕੀਆਂ ਦੀ ਭਾਲ ਸ਼ੁਰੂ ਕੀਤੀ ਪਰ ਕਿਤੇ ਵੀ ਉਨ੍ਹਾਂ ਦੀ ਕੋਈ ਉੱਘ-ਸੁੱਘ ਨਹੀਂ ਮਿਲੀ, ਪੁਲਿਸ ਨੂੰ ਵੀ ਘਟਨਾ ਦੀ ਜਾਣਕਾਰੀ ਦਿੱਤੀ ਪਰ ਪੁਲਿਸ ਵੀ ਉਨ੍ਹਾਂ ਨੂੰ ਨਹੀਂ ਲੱਭ ਸਕੀ”– ਪੀੜਤ ਪਰਿਵਾਰ
ਸਹਿਮੇ ਪਰਿਵਾਰ ਦੀ ਪ੍ਰਸ਼ਾਸਨ ਅੱਗੇ ਅਪੀਲ
ਪੀੜਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਲੜਕੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਬਹੁਤ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ। ਪਰਿਵਾਰਾਂ ਨੇ ਅੰਮ੍ਰਿਤਸਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੜਕੀਆਂ ਦੀ ਭਾਲ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ।
ਲਾਪਤਾ ਹੋਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਵਧਾ ਦਿੱਤੀ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਨਾਬਾਲਿਗ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਮਾਪਿਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਲੋਕਾਂ ਨੇ ਪੁਲਿਸ ਤੋਂ ਅਜਿਹੇ ਮਾਮਲਿਆਂ ਵਿੱਚ ਹੋਰ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਕੁੜੀਆਂ ਦੀ ਭਾਲ ਕੀਤੀ ਸ਼ੁਰੂ
ਉਧਰ ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ “ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਅਤੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ–ਵੱਖ ਪੁਲਿਸ ਟੀਮਾਂ ਨੂੰ ਲੜਕੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦ ਹੀ ਲੜਕੀਆਂ ਦਾ ਪਤਾ ਲਗਾ ਲਿਆ ਜਾਵੇਗਾ।”
ETV BHARAT