ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮਾਰ ਦਿੱਤਾ ਨੌਜਵਾਨ
ਚੰਡੀਗੜ੍ਹ ਦੇ ਮੌਲੀ ਜਾਗਰਾਂ ਵਿੱਚ 10-12 ਹਮਲਾਵਰ ਨੇ ਇੱਕ ਨੌਜਵਾਨ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
16 ਜੂਨ, 2026 – ਚੰਡੀਗੜ੍ਹ: ਬੀਤੇ ਦਿਨ ਸੈਕਟਰ 11 ‘ਚ ਦਿਨ-ਦਿਹਾੜੇ ਇੱਕ ਮੈਡੀਕਲ ਸਟੋਰ ਦੇ ਕੈਸ਼ੀਅਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਮਹਿਜ਼ 24 ਘੰਟਿਆਂ ਅੰਦਰ ਹੀ ਚੰਡੀਗੜ੍ਹ ਵਿੱਚ ਐਤਵਾਰ ਰਾਤ ਨੂੰ ਇੱਕ ਹੋਰ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਵਿੱਚ ਮੌਲੀ ਜਾਗਰਾਂ ਵਿੱਚ ਹਮਲਾਵਰਾਂ ਦੇ ਇੱਕ ਸਮੂਹ ਨੇ ਨੌਜਵਾਨ ਦਾ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਐਤਵਾਰ ਰਾਤ ਨੂੰ ਵਾਪਰੀ ਸਨਸਨੀਖੇਜ਼ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। 10 ਤੋਂ 12 ਹਮਲਾਵਰਾਂ ਦੇ ਦੋ ਨੌਜਵਾਨਾਂ ‘ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਹਮਲੇ ਵਿੱਚ ਤੋਤਾ ਵਜੋਂ ਜਾਣੇ ਜਾਂਦੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਅਕਾਸ਼ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਸੀਸੀਟੀਵੀ ‘ਚ ਕੈਦ ਹੋਈ ਪੂਰੀ ਘਟਨਾ
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਕਈ ਨੌਜਵਾਨ ਦੋਵਾਂ ਦੋਸਤਾਂ ਨੂੰ ਘੇਰਦੇ ਨਜ਼ਰ ਆ ਰਹੇ ਹਨ। ਕੁਝ ਹੀ ਸਕਿੰਟਾਂ ਵਿੱਚ ਝਗੜਾ ਹਿੰਸਕ ਰੂਪ ਧਾਰਨ ਕਰ ਗਿਆ ਅਤੇ ਹਮਲਾਵਰ ਲਗਾਤਾਰ ਚਾਕੂਆਂ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਏ।
ਸਥਾਨਕ ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਰਾਤ ਨੂੰ ਅਚਾਨਕ ਰੌਲਾ ਸੁਣਾਈ ਦਿੱਤਾ। ਇੱਕ ਨਿਵਾਸੀ ਨੇ ਕਿਹਾ, “ਜਦੋਂ ਅਸੀਂ ਬਾਹਰ ਆਏ ਤਾਂ ਅਸੀਂ ਕਈ ਨੌਜਵਾਨਾਂ ਨੂੰ ਦੋ ਲੋਕਾਂ ‘ਤੇ ਹਮਲਾ ਕਰਦੇ ਦੇਖਿਆ। ਸਾਰਾ ਨਜ਼ਾਰਾ ਬਹੁਤ ਡਰਾਉਣਾ ਸੀ।” ਲੋਕਾਂ ਦਾ ਕਹਿਣਾ ਹੈ ਕਿ ਖੁੱਲ੍ਹੇਆਮ ਵਾਪਰੀ ਇਸ ਘਟਨਾ ਨੇ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਪੁਲਿਸ ਅਤੇ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕੀਤੇ
ਇੱਥੇ ਸੂਚਨਾ ਮਿਲਦੇ ਹੀ ਥਾਣਾ ਮੌਲੀ ਜਾਗਰਾਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀ ਅਕਾਸ਼ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਦਕਿ ਤੋਤੇ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਕਤਲ ਦੇ ਕਾਰਨਾਂ ਦੀ ਜਾਂਚ
ਫਿਲਹਾਲ ਪੁਲਿਸ ਕਤਲ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਪੁਰਾਣੀ ਦੁਸ਼ਮਣੀ ਅਤੇ ਆਪਸੀ ਝਗੜੇ ਵਰਗੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ, “ਜਾਂਚ ਦੌਰਾਨ ਕੁਝ ਅਹਿਮ ਸੁਰਾਗ ਮਿਲੇ ਹਨ। ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।”
ਸੁਰੱਖਿਆ ਵਧਾਉਣ ਦੀ ਮੰਗ
ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਅਪਰਾਧੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਅਜਿਹੀਆਂ ਘਟਨਾਵਾਂ ਵਧ ਸਕਦੀਆਂ ਹਨ। ਪੁਲਿਸ ਨੇ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦਾ ਭਰੋਸਾ ਵੀ ਦਿੱਤਾ ਹੈ।
ETV BHARAT