ਭ੍ਰਿਸ਼ਟਾਚਾਰ ਅਤੇ ਕਾਨੂੰਨ–ਵਿਵਸਥਾ ਦੇ ਮੁੱਦੇ ‘ਤੇ ਘੇਰਿਆ
ਜਲੰਧਰ ‘ਚ ਪੀਐਮ ਮੋਦੀ ਦੀ ਫੇਰੀ ਤੋਂ ਬਾਅਦ ਜਿੱਥੇ ‘ਆਪ‘ ਨੇ ਭਾਜਪਾ ‘ਤੇ ਨਿਸ਼ਾਨੇ ਸਾਧੇ ਉਥੇ ਹੀ ਭਾਜਪਾ ਨੇ ਵੀ ‘ਆਪ‘ ‘ਤੇ ਪਲਟਵਾਰ ਕੀਤਾ ਹੈ।
20 ਜੁਲਾਈ, 2026 – ਜਲੰਧਰ: ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ‘ਤੇ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ। ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ‘ਤੇ ਭ੍ਰਿਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਤਿੱਖਾ ਹਮਲਾ ਕੀਤਾ।
‘ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਨੂੰ ਦਿੱਤੇ ਵੱਡੇ ਤੋਹਫੇ‘
ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਨੇ ਕਿਹਾ ਕਿ ‘ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੂਬੇ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕਰਕੇ ਗਏ ਹਨ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਇਆ ਹੈ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਆਧੁਨਿਕ ਰੂਪ ਇਸ ਵਿਕਾਸ ਦੀ ਮਿਸਾਲ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ, ਉਹ ਸੂਬੇ ਲਈ ਹਜ਼ਾਰਾਂ ਕਰੋੜਾਂ ਰੂਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਲੈ ਕੇ ਆਉਂਦੇ ਹਨ। ਇਸ ਵਾਰ ਵੀ ਉਨ੍ਹਾਂ ਨੇ ਕਈ ਮਹੱਤਵਪੂਰਨ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਕੇ ਲੋਕ ਅਰਪਣ ਕੀਤਾ ਹੈ। ਸਾਨੂੰ ਉਨ੍ਹਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ।‘
‘ਆਪ‘ ਦੇ ਰਾਜ ‘ਚ ਪੰਜਾਬ ਦੇ ਹਲਾਤ ਚਿੰਤਾਜਨਕ
ਕੇਵਲ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਅਰਵਿੰਦ ਕੇਜਰੀਵਾਲ ਨੇ ਰੇਤ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਦਾਅਵਾ ਕੀਤਾ ਸੀ, ਜਦਕਿ ਹੁਣ ਪੰਜਾਬ ਸਰਕਾਰ ਖੁਦ ਸਿਰਫ਼ 600 ਕਰੋੜ ਰੁਪਏ ਦੀ ਆਮਦਨ ਹੋਣ ਦੀ ਗੱਲ ਕਰ ਰਹੀ ਹੈ। ਬਾਕੀ 19,400 ਕਰੋੜ ਰੁਪਏ ਕਿੱਥੇ ਗਏ? ਲੋਕਾਂ ਦਾ ਪੈਸਾ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ‘ਤੇ ਖਰਚ ਕੀਤਾ ਗਿਆ। ਪੰਜਾਬ ਦੀ ਕਾਨੂੰਨ ਵਿਵਸਥਾ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਸਥਿਤੀ ਲਗਾਤਾਰ ਵਿਗੜ ਰਹੀ ਹੈ। ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ, ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ, ਵਪਾਰੀਆਂ ਤੋਂ ਫ਼ਿਰੌਤੀ ਮੰਗੀ ਜਾ ਰਹੀ ਹੈ ਅਤੇ ਪੁਲਿਸ ਥਾਣਿਆਂ ਤੱਕ ‘ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਹਲਾਤਾਂ ਕਾਰਨ ਸਮਾਜ ਦਾ ਹਰ ਵਰਗ ਚਿੰਤਤ ਅਤੇ ਪ੍ਰੇਸ਼ਾਨ ਹੈ।‘
ਰੈਲੀ ‘ਚ ਸ਼ਾਮਲ ਹੋਣ ਲਈ ਪੁਲਿਸ ਨਾਲ ਭਿੜੇ ਵੀਆਈਪੀ ਪਾਸ ਹੋਲਡਰ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਪ੍ਰੋਗਰਾਮ ਸਥਾਨ ਦੇ ਬਾਹਰ ਹੰਗਾਮਾ ਵੀ ਦੇਖਣ ਨੂੰ ਮਿਲਿਆ, ਜਿਥੇ ਵੀਵੀਆਈਪੀ ਅਤੇ ਵੀਆਈਪੀ ਪਾਸ ਲੈ ਕੇ ਪਹੁੰਚੇ ਕਈ ਲੋਕਾਂ ਨੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਪਾਸ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪ੍ਰੋਗਰਾਮ ਵਾਲੇ ਪੰਡਾਲ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਨਾਰਾਜ਼ ਲੋਕਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ‘ਤੇ ਬਦਇੰਤਜ਼ਾਮੀ ਦੇ ਇਲਜ਼ਾਮ ਲਗਾਏ।
ETV BHARAT