ਕਰਮਚਾਰੀਆਂ ਨੇ 23 ਜੁਲਾਈ ਤੋਂ 26 ਜੁਲਾਈ ਤੱਕ ਹੜਤਾਲ ਦਾ ਐਲਾਨ ਕੀਤਾ
24 ਜੁਲਾਈ, 2026 – ਮਾਨਸਾ: ਪੰਜਾਬ ਦੇ ਡੀਸੀ ਦਫ਼ਤਰ, ਐਸਡੀਐਮ ਅਤੇ ਤਹਿਸੀਲ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੱਡੋ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਰਮਚਾਰੀਆਂ ਨੇ 23 ਜੁਲਾਈ ਤੋਂ 26 ਜੁਲਾਈ ਤੱਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੀ ਤਹਿਤ ਮਾਨਸਾ ਵਿਖੇ ਵੀ ਡੀਸੀ ਦਫਤਰਾਂ ‘ਚ ਕੁਰਸੀਆਂ ਖਾਲੀ ਹਨ ਅਤੇ ਕਰਮਚਾਰੀ ਹੜਤਾਲ ਕਰ ਰਹੇ ਹਨ। ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਯੂਨੀਅਨ ਦੇ ਆਗੂ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਤਾਂ ਕੀਤੀਆਂ ਜਾ ਰਹੀਆਂ ਹਨ ਪਰ ਕਰਮਚਾਰੀਆਂ ਦੀਆਂ ਮੰਗਾਂ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।
ਮੀਟਿੰਗਾਂ ‘ਚ ਨਹੀਂ ਨਿਕਲਿਆ ਹੱਲ
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਖਿਲਾਫ ਪੰਜਾਬ ਭਰ ਦੇ ਵਿੱਚ ਡੀਸੀ ਦਫਤਰਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 23 ਜੁਲਾਈ ਤੋਂ 26 ਜੁਲਾਈ ਤੱਕ ਕਲਮ ਛੋੜ ਹੜਤਾਲ ਕਰਕੇ ਸਰਕਾਰ ਦੇ ਖਿਲਾਫ ਵਿਰੋਧ ਜਾਹਿਰ ਕੀਤਾ ਜਾ ਜਾਵੇਗਾ। ਕਰਮਚਾਰੀਆਂ ਨੇ ਕਿਹਾ ਕਿ ‘ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਪਰ ਸਰਕਾਰ ਵੱਲੋਂ ਸਾਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੀਟਿੰਗਾਂ ਵੀ ਹੋਈਆਂ ਪਰ ਮੀਟਿੰਗਾਂ ਰਹੀਆਂ ਹਨ ਪਰ ਕੋਈ ਹਲ ਨਹੀਂ ਕੱਢਿਆ ਜਾ ਰਿਹਾ। ਇਸ ਲਈ ਅੱਜ ਸਮੂਹ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਏਸੀਪੀ ਸਕੀਮ 18 ਫੀਸਦੀ ਡੀਏ ਦੀਆਂ ਕਿਸ਼ਤਾਂ ਦਾ ਭੁਗਤਾਨ, ਡੀਸੀ ਆਫਿਸ ਕਰਮਚਾਰੀ ਯੂਨੀਅਨ ਵੇਤਨ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਜੇਕਰ ਸਰਕਾਰ ਵੱਲੋਂ ਜਲਦ ਹੀ ਸਾਡੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।‘
ਲੋਕ ਹੋ ਰਹੇ ਖੱਜਲ
ਦਫਤਰਾਂ ਦੇ ਵਿੱਚ ਆਪਣੇ ਕੰਮ ਕਾਜ ਨੂੰ ਕਰਵਾਉਣ ਦੇ ਲਈ ਆਉਣ ਵਾਲੇ ਲੋਕਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ‘ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ, ਪਰ ਸਰਕਾਰ ਨੂੰ ਤੁਰੰਤ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਤਾਂ ਕਿ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਦੂਰ ਕੀਤਾ ਜਾ ਸਕੇ।‘
ਡੀਸੀ ਦਫਤਰ ਕਰਮਚਾਰੀ ਯੂਨੀਅਨ ਦੀਆਂ ਮੰਗਾਂ
ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100% ਕਰਨਾ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਭਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬਾ ਘਟਾ ਕੇ 2 ਸਾਲ ਕਰਨਾ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਲਈ ਕੋਟਾ ਵਧਾ ਕੇ 25 ਪ੍ਰਤੀਸ਼ਤ ਕਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਪਹੁੰਚੇ ਪੈਨਲ ਅਨੁਸਾਰ ਤਰੱਕੀਆਂ ਕਰਨਾ, ਤਹਿਸੀਲਾਂ ਵਿੱਚ ਸੁਪਰਡੈਂਟ (ਮਾਲ ਤੇ ਰਿਕਾਰਡ) ਅਸਾਮੀ ਦੀ ਰਚਨਾ ਕਰਨਾ, ਜਿਲ੍ਹਾ ਮਾਲ ਅਫਸਰਾਂ ਦੀਆਂ ਅਦਾਲਤਾਂ ਵਿੱਚ ਰੀਡਰ ਦੀ ਪੋਸਟ ਸੀਨੀਅਰ ਸਹਾਇਕ ਦੀ ਕਰਨਾ ਅਤੇ ਨਾਲ ਇੱਕ ਅਹਿਲਮਦ (ਕਲਰਕ) ਦੀ ਅਸਾਮੀ ਦੀ ਰਚਨਾ ਕਰਨਾ, ਡੀ.ਸੀ. ਦਫਤਰਾਂ ਦੇ ਸੁਪਰਡੈਂਟ ਗ੍ਰੇਡ-1 ਦੀ ਅਗਲੀ ਪ੍ਰਮੋਸ਼ਨ ਡਵੀਜ਼ਨ ਪੱਧਰ ਤੇ ਅਧੀਨ ਸਕੱਤਰ ਵਜੋਂ ਕਰਨਾ, ਨਾਰਮਜ ਅਨੁਸਾਰ ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਵਿੱਚ ਅਸਾਮੀਆਂ ਦੀ ਰਚਨਾ ਕਰਨਾ, ਅੰਤਰ ਜਿਲ੍ਹਾ ਬਦਲੀਆਂ ਸਬੰਧੀ ਦੋਨਾਂ ਜਿਲਿਆਂ ਪਾਸੋਂ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਹੋਣ ਵਾਲੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰਨ, ਆਦਿ ਮੰਗਾ ਹਨ।
ETV BHARAT