21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ
19 ਅਗਸਤ, 2026 – ਬਰਨਾਲਾ: ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕਰਵਾਈ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਸਮੂਹ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਗਤਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਇਕਜੁੱਟਤਾ ਦਿਖਾਉਂਦੇ ਹੋਏ ਇਸ ਬੰਦ ਨੂੰ ਸਫਲ ਬਣਾਉਣ।
“ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਗਈ ਕਥਿਤ ਤੌਰ ’ਤੇ ਧੱਕੇਸ਼ਾਹੀ“
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਹੋਰ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਦਿੱਲੀ ਵਿਖੇ ਗਵਰਨਰ ਹਾਊਸ ਤੱਕ ਮੰਗ ਪੱਤਰ ਦੇਣ ਜਾ ਰਹੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿਮਰਜੀਤ ਸਿੰਘ ਮਾਨ ਨੂੰ ਹਿਰਾਸਤ ਵਿੱਚ ਲੈ ਕੇ ਰਾਤ ਸਮੇਂ ਛੱਡਿਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲੇ ਵੀ ਦਰਜ ਕਰ ਦਿੱਤੇ ਗਏ। ਆਗੂਆਂ ਨੇ ਮੰਗ ਕੀਤੀ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਦਰਜ ਝੂਠੇ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ ਕਿਉਂਕਿ ਇਸ ਕਾਰਵਾਈ ਨਾਲ ਸੰਗਤ ਵਿੱਚ ਭਾਰੀ ਰੋਸ ਹੈ।
“ਇਸੇ ਧੱਕੇਸ਼ਾਹੀ ਅਤੇ ਅਣਦੇਖੀ ਕਰਕੇ ਹੀ ਕੀਤੀ ਜਾਂਦੀ ਹੈ ਖਾਲਿਸਤਾਨ ਦੀ ਮੰਗ“
ਆਗੂਆਂ ਨੇ ਪੰਜਾਬ ਸਰਕਾਰ ‘ਤੇ “ਦੋਹਰਾ ਚਿਹਰਾ” ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ “ਇੱਕ ਪਾਸੇ ਮੁੱਖ ਮੰਤਰੀ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਚਿੱਠੀਆਂ ਲਿਖ ਕੇ ਰਾਹਤ ਅਤੇ ਪਰਿਵਾਰਕ ਮੁਲਾਕਾਤਾਂ ਦੀ ਗੱਲ ਕਰਦੇ ਹਨ, ਜਦਕਿ ਦੂਜੇ ਪਾਸੇ ਹੱਕ ਮੰਗ ਰਹੇ ਸਿੱਖ ਆਗੂਆਂ ‘ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਮੌਕੇ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਕਿਹਾ ਕਿ ਜਦੋਂ ਵੀ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਅਵਾਜ਼ ਚੁੱਕੀ ਜਾਂਦੀ ਹੈ ਤਾਂ ਸਰਕਾਰਾਂ ਵੱਲੋਂ ਲਾਠੀਚਾਰਜ ਅਤੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ। ਸਰਕਾਰਾਂ ਦੀ ਇਸੇ ਧੱਕੇਸ਼ਾਹੀ ਅਤੇ ਅਣਦੇਖੀ ਕਰਕੇ ਹੀ ਖਾਲਿਸਤਾਨ ਦੀ ਮੰਗ ਕੀਤੀ ਜਾਂਦੀ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਠੋਸ ਕਦਮ ਚੁੱਕੇ ਜਾਣ।”
ETV BHARAT