ਏਅਰਪੋਰਟ ਰੋਡ ’ਤੇ ਲੱਗੇਗਾ ਧਰਨਾ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿੱਚ ਸੱਤ ਦਿਨਾਂ ਦਾ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ।
01 ਸਤੰਬਰ, 2026 – ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿੱਚ ਸੱਤ ਦਿਨਾਂ ਦਾ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਹੋਣ ਵਾਲੇ ਇਸ ਧਰਨੇ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ 48 ਅਤੇ 49 ਨੇੜੇ ਏਅਰਪੋਰਟ ਰੋਡ ’ਤੇ ਥਾਂ ਅਲਾਟ ਕੀਤੀ ਹੈ। ਕਿਸਾਨ ਆਗੂਆਂ ਅਤੇ ਪੰਜਾਬ ਤੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਧਰਨੇ ਦੀ ਥਾਂ, ਟਰੈਕਟਰ-ਟਰਾਲੀਆਂ ਦੀ ਪਾਰਕਿੰਗ, ਪਾਣੀ, ਪਖਾਨਿਆਂ, ਸਫਾਈ ਅਤੇ ਆਵਾਜਾਈ ਸਬੰਧੀ ਪ੍ਰਬੰਧ ਤੈਅ ਕੀਤੇ ਗਏ ਹਨ।
ਕਿੱਥੇ ਲੱਗੇਗਾ ਧਰਨਾ?
ਕਿਸਾਨਾਂ ਨੂੰ ਸੈਕਟਰ 48-49 ਦੇ ਨੇੜੇ ਏਅਰਪੋਰਟ ਰੋਡ ’ਤੇ ਧਰਨੇ ਲਈ ਥਾਂ ਦਿੱਤੀ ਗਈ ਹੈ। ਮੁਹਾਲੀ ਪ੍ਰਸ਼ਾਸਨ ਵੱਲੋਂ ਏਅਰਪੋਰਟ ਰੋਡ ’ਤੇ ਚੰਡੀਗੜ੍ਹ ਦੀ ਹੱਦ ਤੋਂ ਬੈਸਟੈੱਕ ਮਾਲ ਤੱਕ ਸੜਕ ਦੇ ਇਕ ਪਾਸੇ ਅਤੇ ਫੇਜ਼-11 ਵੱਲੋਂ ਟਰੈਕਟਰ-ਟਰਾਲੀਆਂ ਲਈ ਪਾਰਕਿੰਗ ਦੀ ਵਿਵਸਥਾ ਕਰਨ ਦੀ ਗੱਲ ਕਹੀ ਗਈ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਕਿਹਾ ਹੈ ਕਿ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਏਅਰਪੋਰਟ ਰੋਡ ਨੇੜੇ ਧਰਨੇ ਲਈ ਥਾਂ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਇਹ ਧਰਨਾ ਲਗਾਤਾਰ ਸੱਤ ਦਿਨ ਚੱਲੇਗਾ।
ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?
ਇਸ ਮੋਰਚੇ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਸਭ ਤੋਂ ਅਹਿਮ ਰਹਿਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀਆਂ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਪੁਰਾਣੇ ਸਮਝੌਤਿਆਂ ਨੂੰ ਰੱਦ ਕਰਨ ਅਤੇ ਪਾਣੀਆਂ ਦੇ ਮਾਮਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਮੰਗ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਪੰਜਾਬ ਪੁਨਰਗਠਨ ਐਕਟ, 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਨੁਮਾਇੰਦਗੀ ਬਹਾਲ ਕਰਨ ਅਤੇ ਡੈਮ ਸੇਫਟੀ ਐਕਟ ਨੂੰ ਵਾਪਸ ਲੈਣ ਦੀ ਮੰਗ ਵੀ ਰੱਖੀ ਜਾ ਰਹੀ ਹੈ।
ਕਿਸਾਨਾਂ ਦੀਆਂ ਹੋਰ ਪ੍ਰਮੁੱਖ ਮੰਗਾਂ ਵਿੱਚ:
- ਸਾਰੀਆਂ ਫਸਲਾਂ ਲਈ ਕਾਨੂੰਨੀ ਗਾਰੰਟੀ ਵਾਲਾ ਘੱਟੋ-ਘੱਟ ਸਮਰਥਨ ਮੁੱਲ (MSP)
- ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ C2+50 ਫੀਸਦੀ ਫਾਰਮੂਲੇ ਨਾਲ MSP
- ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪੂਰੇ ਕਰਜ਼ੇ ਮੁਆਫ਼ ਕਰਨਾ
- ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨਾ
- ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪੇਂਡੂ ਕਾਰੀਗਰਾਂ ਲਈ 10 ਹਜ਼ਾਰ ਰੁਪਏ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ
- ਬਿਜਲੀ ਸੋਧ ਬਿੱਲ ਅਤੇ ਸੀਡ ਬਿੱਲ ਵਾਪਸ ਲੈਣਾ
- ਡੈਮ ਸੇਫਟੀ ਐਕਟ ਰੱਦ ਕਰਨਾ
ਅਮਰੀਕਾ ਅਤੇ ਯੂਰਪੀ ਦੇਸ਼ਾਂ ਨਾਲ ਪ੍ਰਸਤਾਵਿਤ ਫਰੀ ਟਰੇਡ ਐਗਰੀਮੈਂਟਾਂ ਦਾ ਵਿਰੋਧ ਸ਼ਾਮਲ ਹਨ।
ਸੈਂਕੜੇ ਟਰੈਕਟਰ–ਟਰਾਲੀਆਂ ਪਹੁੰਚਣ ਦੀ ਤਿਆਰੀ
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਚੰਡੀਗੜ੍ਹ ਲਿਆਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਪਿੰਡਾਂ ਵਿੱਚ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਕਈ ਕਿਸਾਨ ਰੇਲ ਅਤੇ ਬੱਸਾਂ ਰਾਹੀਂ ਵੀ ਪਹੁੰਚਣਗੇ। ਮੁਹਾਲੀ ਜ਼ਿਲ੍ਹੇ ਤੋਂ ਹੀ ਸੈਂਕੜੇ ਟਰੈਕਟਰ-ਟਰਾਲੀਆਂ ਦੇ ਸ਼ਾਮਲ ਹੋਣ ਦੀ ਗੱਲ ਕਿਸਾਨ ਆਗੂਆਂ ਵੱਲੋਂ ਕਹੀ ਗਈ ਹੈ।
ਚੰਡੀਗੜ੍ਹ ਦੀਆਂ ਸੜਕਾਂ ’ਤੇ ਟ੍ਰੈਫਿਕ ਪ੍ਰਭਾਵਿਤ ਰਹੇਗਾ
ਧਰਨੇ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ 31 ਅਗਸਤ ਤੋਂ ਹੀ ਟ੍ਰੈਫਿਕ ਪ੍ਰਬੰਧਾਂ ਵਿੱਚ ਬਦਲਾਅ ਸ਼ੁਰੂ ਕਰ ਦਿੱਤਾ ਹੈ। ਫੈਦਾਂ ਬੈਰੀਅਰ ਤੋਂ ਚੰਡੀਗੜ੍ਹ ਵੱਲ ਪੂਰਵ ਮਾਰਗ ’ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੈਕਟਰ 48 ਲਾਈਟ ਪੁਆਇੰਟ ਤੋਂ ਸੈਕਟਰ 48-49 ਦੀ ਅੰਦਰੂਨੀ ਸੜਕ ਅਤੇ ਸੈਕਟਰ 49/50 ਵੱਲੋਂ ਚੰਡੀਗੜ੍ਹ ਜਾਣ ਵਾਲੇ ਰਸਤੇ ’ਤੇ ਵੀ ਪਾਬੰਦੀਆਂ ਲਾਈਆਂ ਗਈਆਂ ਹਨ। ਪੁਲਿਸ ਨੇ ਲੋਕਾਂ ਨੂੰ ਬਦਲਵੇਂ ਰਸਤੇ ਵਰਤਣ ਦੀ ਅਪੀਲ ਕੀਤੀ ਹੈ।
ਟ੍ਰੈਫਿਕ ਐਡਵਾਈਜ਼ਰੀ: ਕਿਸਾਨ ਧਰਨੇ ਕਾਰਨ ਜਗਤਪੁਰਾ ਰੋਡ ਬੰਦ
ਕਿਸਾਨ ਧਰਨੇ ਦੇ ਮੱਦੇਨਜ਼ਰ 01/09/2026 ਨੂੰ IISER ਚੌਕ ਤੋਂ ਬੈਸਟੈਕ ਮਾਲ (ਫੇਜ਼-11), ਮੋਹਾਲੀ ਰਾਹੀਂ ਜਗਤਪੁਰਾ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਬੰਦ ਰਹੇਗੀ। ਆਮ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਪੁਲਿਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਰਾਜੇਵਾਲ ਦੀ ਟੀਮ ਮੁਤਾਬਕ ਕੀ ਹੈ ਤਿਆਰੀ?
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਟੀਮ ਤੋਂ ਮਿਲੀ ਜਾਣਕਾਰੀ ਮੁਤਾਬਕ, ਚੰਡੀਗੜ੍ਹ ਵਿੱਚ 1 ਤੋਂ 7 ਸਤੰਬਰ ਤੱਕ ਲੱਗਣ ਵਾਲੇ ਪੱਕੇ ਮੋਰਚੇ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਟੀਮ ਮੁਤਾਬਕ ਮੋਰਚੇ ਦੌਰਾਨ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ, ਗੰਨੇ ਦੇ ਭਾਅ ਸਮੇਤ ਹੋਰ ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਜਥੇਬੰਦੀ ਵੱਲੋਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਟੀਮ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਮੋਰਚੇ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
ETV BHARAT