ਮੰਡੀਆਂ ’ਚ ਝੋਨੇ ਦੀ ਆਮਦ; ਐੱਸ ਕੇ ਐੱਮ ਵੱਲੋਂ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਮੰਗ
24 ਸਤੰਬਰ, 2026 – ਚੰਡੀਗੜ੍ਹ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਈ ਦਿਨਾਂ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਪਰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਅਗੇਤੀ ਬਿਜਾਈ ਹੋਣ ਕਾਰਨ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਫ਼ਸਲ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਡੇਰੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਭਵਾਨੀਗੜ੍ਹ, ਬਨੂੜ ਅਤੇ ਹੋਰ ਕਈ ਇਲਾਕਿਆਂ ਵਿੱਚ ਝੋਨਾ ਮੰਡੀਆਂ ਵਿੱਚ ਪਹੁੰਚ ਗਿਆ ਹੈ, ਪਰ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ।
ਹਰਿਆਣਾ ਵਿੱਚ ਕਿਸਾਨਾਂ ’ਤੇ ਪੁਲੀਸ ਜਬਰ ਦੀ ਨਿਖੇਧੀ
ਮੋਰਚੇ ਨੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗ਼ਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਭਰਾਵਾਂ ’ਤੇ ਹੋ ਰਹੇ ਜਬਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਦੇਖਣਗੇ।
ਪੰਜਾਬੀ ਟ੍ਰਿਬਯੂਨ