ਸਿੱਖਿਆ ਵਿਭਾਗ ’ਚ ਬਿਨਾਂ ਸ਼ਰਤ ਰਲੇਵੇਂ ਦੀ ਮੰਗ; ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼
07 ਅਕਤੂਬਰ, 2026 – ਸੰਗਰੂਰੁ : ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਲਈ ਸੰਗਰੂਰ ਦੇ ਡੀ ਸੀ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਵੱਲੋਂ ਲਾਇਆ ਪੱਕਾ ਮੋਰਚਾ ਅੱਜ 17ਵੇਂ ਦਿਨ ਜਾਰੀ ਰਿਹਾ। ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਤਰਨ ਤਾਰਨ ਦੇ ਆਗੂਆਂ ਅਤੇ ਵਰਕਰਾਂ ਨੇ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਬੱਤੀਆਂ ਵਾਲੇ ਚੌਕ ਵਿੱਚ ਟੀਚਿੰਗ ਲਰਨਿੰਗ ਮੈਟੀਰੀਅਲ ਰਾਹੀਂ ਲੋਕਾਂ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ।
ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ, ਸੂਬਾ ਕਮੇਟੀ ਮੈਂਬਰ ਰਾਖੀ ਮੰਨਣ ਤੇ ਹਰਜਿੰਦਰ ਕੌਰ ਦੀ ਅਗਵਾਈ ਹੇਠ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ 21 ਸਾਲਾਂ ਤੋਂ ਪਿਕਟਸ ਸੁਸਾਇਟੀ ਦੇ ਨਾਂ ਹੇਠ ਕੰਮ ਕਰ ਰਹੇ ਹਨ ਅਤੇ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਗਾਰੰਟੀ ਦਿੱਤੀ ਗਈ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਵਿੱਚ ਭਰੋਸੇ ਦੇਣ ਦੇ ਬਾਵਜੂਦ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਨਾਲ ਸਰਕਾਰ ’ਤੇ ਕੋਈ ਵੱਡਾ ਵਿੱਤੀ ਬੋਝ ਨਹੀਂ ਪਵੇਗਾ।
ਜ਼ਿਲ੍ਹਾ ਆਗੂ ਸੰਦੀਪ ਕੌਰ, ਜਸਪਾਲ ਸਿੰਘ ਅਤੇ ਤੇਜਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ‘ਕਰਾਂਗੇ, ਦੇਵਾਂਗੇ ਅਤੇ ਵਿਚਾਰ ਕਰਾਂਗੇ’ ਵਾਲੇ ਭਰੋਸਿਆਂ ਨਾਲ ਹੁਣ ਗੱਲ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇ ਕੇ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਤਰਨ ਤਾਰਨ ਤੋਂ ਪਰਮਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਨਵਨੀਤ ਕੌਰ, ਨੀਤੂ ਬਾਲਾ, ਪਲਵਿੰਦਰ ਕੌਰ, ਬਨਦੀਪ ਕੌਰ, ਨਵਦੀਪ ਕੌਰ, ਸਤਿੰਦਰ ਕੌਰ, ਪਰਮਿੰਦਰ ਸਿੰਘ, ਨਿਰਵੈਲ ਸਿੰਘ, ਸਤਬੀਰ ਸਿੰਘ, ਮਨੋਹਰ ਸਿੰਘ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
ਪੰਜਾਬੀ ਟ੍ਰਿਬਯੂਨ