ਮੰਗਾਂ ਪੂਰੀਆਂ ਨਾ ਹੋਣ ’ਤੇ ਨਾਅਰੇਬਾਜ਼ੀ ਕੀਤੀ; ਭਲਕ ਤੋਂ 11 ਤੱਕ ਵਿਧਾਨ ਸਭਾ ਵੱਲ ਰੋਜ਼ਾਨਾ ਰੋਸ ਮਾਰਚ ਦਾ ਐਲਾਨ
08 ਅਕਤੂਬਰ, 2026 – ਸੰਗਰੂਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਿ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਮੰਗਾਂ ਦਾ ਹੱਲ ਨਾ ਹੋਣ ਤੇ ਸਥਾਨਕ ਸੁਤੰਤਰ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੇ ਝੰਡੇ ਹੇਠ 8 ਤੋਂ 11 ਮਾਰਚ ਤੱਕ ਪੰਜਾਬ ਵਿਧਾਨ ਸਭਾ ਵੱਲ ਰੋਜ਼ਾਨਾ ਰੋਸ ਮਾਰਚ ਕਰਨ ਦਾ ਐਲਾਨ ਕੀਤਾ।
ਯੂਨੀਅਨ ਆਗੂ ਮੇਲਾ ਸਿੰਘ ਪੁੰਨਾਂਵਾਲ ਦੀ ਅਗਵਾਈ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੀਤਾ ਰਾਮ ਸ਼ਰਮਾ, ਗੁਰਪ੍ਰੀਤ ਸਿੰਘ ਮੰਗਵਾਲ, ਹੰਸ ਰਾਜ ਦੀਦਾਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਇਸ ਰੋਸ ਦੇ ਮੱਦੇਨਜ਼ਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਾਂਝੇ ਫਰੰਟ ਦੀ ਅਗਵਾਈ ਹੇਠ 8 ਤੋਂ 11 ਮਾਰਚ ਤੱਕ ਪੰਜਾਬ ਵਿਧਾਨ ਸਭਾ ਵੱਲ ਰੋਜ਼ਾਨਾ ਰੋਸ ਮਾਰਚ ਕੀਤੇ ਜਾਣਗੇ।
ਉਨ੍ਹਾਂ ਮੰਗ ਕੀਤੀ ਕਿ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਨੁਸਾਰ ਠੇਕਾ ਆਊਟਸੋਰਸਿਜ, ਆਂਗਣਵਾੜੀ ਵਰਕਰਾਂ, ਮਿੱਡ-ਡੇਅ ਮੀਲ ਸਕੀਮ ਵਰਕਰਾਂ ਲਈ 26 ਹਜ਼ਾਰ ਰੁਪਏ ਤਨਖਾਹ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਰਹਿੰਦੀਆਂ ਕਿਸ਼ਤਾਂ ਅਤੇ 16 ਫੀਸਦੀ ਡੀ.ਏ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੰਜਾਬ ਪੇਅ ਸਕੇਲ ਤੁਰੰਤ ਲਾਗੂ ਕੀਤਾ ਜਾਵੇ, ਅਦਾਲਤੀ ਫੈਸਲੇ ਲਾਗੂ ਕੀਤੇ ਜਾਣ, 200 ਰੁਪਏ ਦਾ ਵਿਕਾਸ ਟੈਕਸ ਬੰਦ ਕੀਤਾ ਜਾਵੇ, ਕੱਚੇ ਕਰਮਚਾਰੀਆਂ ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ।
ਪੰਜਾਬੀ ਟ੍ਰਿਬਯੂਨ