ਮਸਲੇ ਹੱਲ ਨਾ ਹੋਣ ’ਤੇ ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ; ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਪ੍ਰਣਾਲੀ ਖ਼ਤਮ ਕਰਨ ਅਤੇ ਪੁਲੀਸ ਕੇਸ ਵਾਪਸ ਲੈਣ ਦੀ ਮੰਗ
21 ਅਕਤੂਬਰ, 2026 – ਚੰਡੀਗੜ੍ਹ : Punjab Bus Strike: ਪੰਜਾਬ ਵਿੱਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਅੱਜ 21 ਅਕਤੂਬਰ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਨਾਲ ਸਰਕਾਰੀ ਬੱਸਾਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਨੂੰ ਮੁਸ਼ਕਲਾਂ ਆ ਸਕਦੀਆਂ ਹਨ।
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਕੋਲ ਉਠਾ ਰਹੇ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਮੁਲਾਜ਼ਮਾਂ ਨੇ 15 ਅਕਤੂਬਰ ਨੂੰ ਵੀ ਵੱਖ-ਵੱਖ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਵਾਰ-ਵਾਰ ਗੱਲਬਾਤ ਤੈਅ ਹੋਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ।
10 ਤੋਂ 15 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨਾ, ਆਊਟਸੋਰਸ ਪ੍ਰਣਾਲੀ ਖ਼ਤਮ ਕਰਨਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਹਨ ਪਰ ਉਨ੍ਹਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਨੌਕਰੀ ਦੀ ਸੁਰੱਖਿਆ ਅਤੇ ਸਹੂਲਤਾਂ ਨਹੀਂ ਮਿਲ ਰਹੀਆਂ।
ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੀ ਧਰਨਾ ਦੇਣ ਦਾ ਐਲਾਨ
ਮੁਲਾਜ਼ਮ ਜਥੇਬੰਦੀ ਨੇ ਹੜਤਾਲ ਦੇ ਨਾਲ-ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦੇਣ ਅਤੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਬਾਰੇ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਜਾਰੀ ਰਹੇਗਾ।
ਹੜਤਾਲ ਕਾਰਨ ਕਿੰਨੀਆਂ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਕਿਹੜੇ ਡਿਪੂਆਂ ਤੋਂ ਬੱਸਾਂ ਨਹੀਂ ਚੱਲਣਗੀਆਂ, ਇਸ ਬਾਰੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ। ਮੁਸਾਫ਼ਰ ਭਲਕੇ ਸਫ਼ਰ ਕਰਨ ਤੋਂ ਪਹਿਲਾਂ ਬੱਸਾਂ ਦੇ ਚੱਲਣ ਬਾਰੇ ਸਬੰਧਤ ਡਿਪੂ ਤੋਂ ਜਾਣਕਾਰੀ ਲੈ ਲੈਣ।
ਪੰਜਾਬੀ ਟ੍ਰਿਬਯੂਨ