ਦੋ ਮਹੀਨਿਆਂ ‘ਚ ਦੂਜੀ ਵਾਰ ਮਹਿੰਗੀ ਹੋਈ NPK ਖਾਦ
500 ਰੁਪਏ ਪ੍ਰਤੀ ਕੁਇੰਟਲ ਵਧਿਆ ਭਾਅ; ਕੇਂਦਰ ਸਰਕਾਰ ਖਾਦ ਸਬਸਿਡੀ ਵਧਾ ਕੇ ਕੀਮਤਾਂ ਨੂੰ ਕੰਟਰੋਲ ਕਰੇ: ਸਰੂਪ ਰਾਮਾ
05 ਨਵੰਬਰ, 2026 – ਬਠਿੰਡਾ : ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਖਾਦ ਕੰਪਨੀਆਂ ਵੱਲੋਂ NPK ਖਾਦ ਦੀਆਂ ਕੀਮਤਾਂ ਵਿੱਚ ਮੁੜ ਕੀਤੇ ਵਾਧੇ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦੋ ਮਹੀਨਿਆਂ ਦੌਰਾਨ ਦੂਜੀ ਵਾਰ ਕੀਮਤ ਵਧਾਉਂਦਿਆਂ NPK (12:32:16) ਖਾਦ ਦੇ 50 ਕਿੱਲੋ ਵਾਲੇ ਗੱਟੇ ਦੀ ਕੀਮਤ 2250 ਰੁਪਏ ਤੋਂ ਵਧਾ ਕੇ 2500 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਹੁਣ ਹਰੇਕ ਗੱਟੇ ਪਿੱਛੇ 250 ਰੁਪਏ ਵਾਧੂ ਖਰਚਣੇ ਪੈਣਗੇ, ਜਦੋਂਕਿ ਪ੍ਰਤੀ ਕੁਇੰਟਲ ਕੀਮਤ ਵਿੱਚ 500 ਰੁਪਏ ਦਾ ਵਾਧਾ ਹੋਇਆ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਖਾਦ ਦੀਆਂ ਵਧੀਆਂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਗਸਤ ਮਹੀਨੇ ਵਿੱਚ ਵੀ ਖਾਦ ਕੰਪਨੀਆਂ ਨੇ ਪਿਛਲੇ ਸਾਲ 2025 ਦੇ ਮੁਕਾਬਲੇ NPK ਖਾਦ ਦੀ ਕੀਮਤ ਵਿੱਚ ਪ੍ਰਤੀ ਕੁਇੰਟਲ 1100 ਰੁਪਏ ਦਾ ਵਾਧਾ ਕੀਤਾ ਸੀ। ਹੁਣ ਨਵੰਬਰ ਮਹੀਨੇ ਵਿੱਚ ਮੁੜ ਪ੍ਰਤੀ ਕੁਇੰਟਲ 500 ਰੁਪਏ ਕੀਮਤ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਕਿਸਾਨਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪਾ ਰਿਹਾ ਹੈ।
ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਵੱਲੋਂ DAP ਦੇ ਮੁਕਾਬਲੇ NPK ਖਾਦ ਦੀ ਵੀ ਵੱਡੀ ਮਾਤਰਾ ਵਿੱਚ ਵਰਤੋਂ ਕੀਤੀ ਜਾਂਦੀ ਹੈ। ਪੰਜਾਬ ਵਿੱਚ ਵੀ DAP ਦੀ ਘਾਟ ਕਾਰਨ ਕਿਸਾਨ ਕਣਕ ਦੀ ਬਿਜਾਈ ਲਈ NPK ਦੇ 12:32:16 ਗਰੇਡ ਦੀ ਵਰਤੋਂ ਕਰ ਰਹੇ ਹਨ। ਅਜਿਹੇ ਸਮੇਂ ਖਾਦ ਦੀਆਂ ਕੀਮਤਾਂ ਵਿੱਚ ਵਾਧਾ ਕਿਸਾਨਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਕਰੇਗਾ।
ਸਰੂਪ ਸਿੰਘ ਰਾਮਾ ਨੇ ਕਿਹਾ ਕਿ ਖਾਦਾਂ ਦੀਆਂ ਕੀਮਤਾਂ ਵਿੱਚ ਸਾਲ ਦਰ ਸਾਲ ਹੋ ਰਹੇ ਵਾਧੇ ਕਾਰਨ ਖੇਤੀ ਦੀ ਲਾਗਤ ਲਗਾਤਾਰ ਵਧ ਰਹੀ ਹੈ, ਪਰ ਇਸ ਦੇ ਮੁਕਾਬਲੇ ਫ਼ਸਲਾਂ ਦੇ ਭਾਅ ਵਿੱਚ ਮਾਮੂਲੀ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਅਤੇ ਖੇਤੀ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ’ਤੇ ਦਿੱਤੀ ਜਾਂਦੀ ਸਬਸਿਡੀ ਵਿੱਚ ਵਾਧਾ ਕੀਤਾ ਜਾਵੇ ਅਤੇ ਕੀਮਤਾਂ ਨੂੰ ਕੰਟਰੋਲ ਕਰਨ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।
ਪੰਜਾਬੀ ਟ੍ਰਿਬਯੂਨ